ਬੁਢਲਾਡਾ ਵਿਖੇ ਮਨਾਇਆ ਗਿਆ ਅੰਤਰ ਰਾਸ਼ਟਰੀ ਬਜ਼ੁਰਗ ਦਿਵਸ

10/15/2019 8:53:58 PM

ਬੁਢਲਾਡਾ, (ਮਨਜੀਤ)- ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਮਾਨਸਾ ਵੱਲੋਂ ਬਜਰੰਗ ਭਵਨ ਬੁਢਲਾਡਾ ਵਿਖੇ ਅੰਤਰ ਰਾਸ਼ਟਰੀ ਬਜ਼ੁਰਗ ਦਿਵਸ ਮਨਾਇਆ ਗਿਆ, ਜਿਸ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜਦੀਪ ਸਿੰਘ ਬਰਾੜ ਅਤੇ ਉਪ ਮੰਡਲ ਮੈਜਿਸਟਰੇਟ ਬੁਢਲਾਡਾ ਸ੍ਰੀ ਆਦਿੱਤਯ ਡੇਚਲਵਾਲ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ  ਹੋਏ। ਵਧੀਕ ਡਿਪਟੀ ਕਮਿਸ਼ਨਰ ਨੇ ਬਜ਼ੁਰਗਾਂ ਦੀ ਦੇਖਭਾਲ ਸਬੰਧੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਬਜ਼ੁਰਗਾਂ ਦਾ ਸਤਿਕਾਰ ਅਤੇ ਦੇਖਭਾਲ ਜਰੂਰੀ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨੂੰ ਸਮਾਜ ਵਿਚ ਉੱਤਮ ਮਾਣ ਸਨਮਾਨ ਮਿਲਣਾ ਚਾਹੀਦਾ ਹੈ। ਉਨ੍ਹਾਂ ਇਸ ਮੌਕੇ ਸੀਨੀਅਰ ਸਿਟੀਜ਼ਨ ਐਕਟ 2007 ਸਬੰਧੀ ਵੀ ਜਾਣਕਾਰੀ ਦਿੱਤੀ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮਾਨਸਾ ਡਾ. ਲਵਲੀਨ ਵੜਿੰਗ ਵੱਲੋਂ ਜ਼ਿਲ੍ਹਾ ਮਾਨਸਾ ਵਿਖੇ ਬਣਾਏ ਜਾਣ ਵਾਲੇ ਬਿਰਧ ਆਸ਼ਰਮ ਅਤੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਬੁਢਲਾਡਾ ਸਮੂਹ ਸਟਾਫ਼ ਅਤੇ ਸਿਹਤ ਵਿਭਾਗ ਵੱਲੋਂ ਸਿਹਤ ਇੰਸਪੈਕਟਰ ਭੋਲਾ ਸਿੰਘ ਵਿਰਕ, ਐਨ.ਜੀ.ਓ. ਮਾਤਾ ਗੁਜਰੀ ਭਲਾਈ ਕੇਂਦਰ ਬੁਢਲਾਡਾ ਦੇ ਨੁਮਾਇੰਦੇ, ਸੁਪਰਡੰਟ ਗੁਰਵਿੰਦਰ ਕੌਰ, ਸੀਨੀਅਰ ਸਹਾਇਕ ਅਵਤਾਰ ਸਿੰਘ, ਮਨਦੀਪ ਸਿੰਘ ਮੌਜੂਦ ਸਨ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਮਾਨਸਾ ਵੱਲੋਂ ਲੋੜਵੰਦ ਬਜ਼ੁਰਗਾਂ ਨੂੰ ਕੰਬਲ ਵੰਡ ਕੇ ਸਨਮਾਨਿਤ ਕੀਤਾ ਗਿਆ।

Bharat Thapa

This news is Content Editor Bharat Thapa