ਨਕੱਈ ਨੇੜੇ ਹੋ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਤੇ ਗੱਲ ਬਾਤ ਕੀਤੀ ਸਾਂਝੀ

Wednesday, Oct 21, 2026 - 11:22 AM (IST)

ਨਕੱਈ ਨੇੜੇ ਹੋ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਤੇ ਗੱਲ ਬਾਤ ਕੀਤੀ ਸਾਂਝੀ

ਮਾਨਸਾ : ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਮਾਨਸਾ ਪਹੁੰਚਣ ’ਤੇ ਆਪਣੀ ਟੀਮ ਸਮੇਤ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਅਮਿਤ ਸ਼ਾਹ ਨੇ ਜਗਦੀਪ ਸਿੰਘ ਨਕੱਈ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਗੱਲਬਾਤ ਵੀ ਸਾਂਝੀ ਕੀਤੀ। ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕੌਮੀ ਸ਼ਹੀਦ ਭਾਈ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕਰਨ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦੇਣ ’ਤੇ ਜਗਦੀਪ ਸਿੰਘ ਨਕੱਈ ਨੇ ਉਨ੍ਹਾਂ ਦਾ ਦਿਲੋਂ ਧੰਨਵਾਦ ਕੀਤਾ। ਜਗਦੀਪ ਸਿੰਘ ਨਕੱਈ ਨੇ ਕਿਹਾ ਕਿ ਭਾਈ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਵੱਲੋਂ ਰੱਖੀ ਗਈ ਮੰਗ ਨੂੰ ਸਵੀਕਾਰ ਕਰਦਿਆਂ ਗ੍ਰਹਿ ਮੰਤਰੀ ਵੱਲੋਂ ਕਤਲ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਕਰਵਾਉਣ ਦਾ ਭਰੋਸਾ ਦੇਣਾ, ਇਨਸਾਫ਼ ਦੀ ਲੜਾਈ ਲੜ ਰਹੇ ਪਰਿਵਾਰ ਲਈ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਕਾਨੂੰਨ ਅਨੁਸਾਰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾ ਸਕੇ।

ਉਨ੍ਹਾਂ ਕਿਹਾ ਕਿ ਭਾਈ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਸਮਾਜ ਅਤੇ ਪ੍ਰਸ਼ਾਸਨ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮਾਮਲੇ ਦੀ ਨਿਰਪੱਖ ਜਾਂਚ ਨਾਲ ਨਾ ਸਿਰਫ਼ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣ ਦੀ ਆਸ ਮਜ਼ਬੂਤ ਹੋਵੇਗੀ, ਸਗੋਂ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਵੀ ਸਖ਼ਤ ਸੰਦੇਸ਼ ਜਾਵੇਗਾ। ਅਜਿਹੀਆਂ ਘਟਨਾਵਾਂ ਦੀ ਮੁੜ ਦੁਹਰਾਈ ਰੋਕਣ ਲਈ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨਾ ਅਤੇ ਇਸ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨਾ ਬੇਹੱਦ ਜ਼ਰੂਰੀ ਹੈ। ਜਗਦੀਪ ਸਿੰਘ ਨਕੱਈ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦਿੱਤੇ ਭਰੋਸੇ ਨਾਲ ਇਸ ਮਾਮਲੇ ਵਿਚ ਇਨਸਾਫ਼ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਵਿਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਇਨਸਾਫ਼ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ।

ਉਨ੍ਹਾਂ ਅੰਤ ਵਿਚ ਕਿਹਾ ਕਿ ਭਾਈ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਇਸ ਮਾਮਲੇ ਵਿਚ ਸੱਚਾਈ ਸਾਹਮਣੇ ਲਿਆਉਣ ਲਈ ਹਰ ਸੰਭਵ ਕਾਨੂੰਨੀ ਕਦਮ ਚੁੱਕਿਆ ਜਾਣਾ ਚਾਹੀਦਾ ਹੈ, ਤਾਂ ਜੋ ਸਮਾਜ ਵਿਚ ਨਿਆਂ ਪ੍ਰਤੀ ਭਰੋਸਾ ਮਜ਼ਬੂਤ ਹੋਵੇ ਅਤੇ ਪੰਜਾਬ ਨੂੰ ਨਸ਼ਿਆਂ ਦੀ ਸਮੱਸਿਆ ਤੋਂ ਮੁਕਤ ਕਰਨ ਦੇ ਯਤਨਾਂ ਨੂੰ ਹੋਰ ਬਲ ਮਿਲੇ।


author

Gurminder Singh

Content Editor

Related News