ਜਲਾਲਾਬਾਦ ਪੁਲਸ ਵੱਲੋਂ 553 ਗ੍ਰਾਮ ਹੈਰੋਇਨ ਸਮੇਤ ਤਿੰਨ ਤਸਕਰ ਕਾਬੂ

Tuesday, Apr 21, 2026 - 10:06 PM (IST)

ਜਲਾਲਾਬਾਦ ਪੁਲਸ ਵੱਲੋਂ 553 ਗ੍ਰਾਮ ਹੈਰੋਇਨ ਸਮੇਤ ਤਿੰਨ ਤਸਕਰ ਕਾਬੂ

ਜਲਾਲਾਬਾਦ (ਜਤਿੰਦਰ, ਆਦਰਸ਼) - ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਦਰ ਜਲਾਲਾਬਾਦ ਦੇ ਅਧੀਨ ਪੈਂਦੀ ਪੁਲਸ ਚੌਂਕੀ ਘੁਬਾਇਆ ਨੇ 553 ਗ੍ਰਾਮ ਹੈਰੋਇਨ ਸਮੇਤ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਮੁਲਜ਼ਮਾਂ ਵਿਰੁੱਧ ਥਾਣਾ ਸਦਰ ਜਲਾਲਾਬਾਦ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਂਕੀ ਘੁਬਾਇਆ ਦੇ ਇੰਚਾਰਜ ਗੁਰਨਾਮ ਸਿੰਘ ਨੇ ਦੱਸਿਆ ਕਿ ਬੀਤੀ 20 ਅਪ੍ਰੈਲ ਦੀ ਸ਼ਾਮ ਨੂੰ ਕਰੀਬ 5 ਵਜੇ ਪੁਲਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਲਈ ਬਸਤੀ ਕੇਰਾ ਨੇੜੇ ਕਬਰਿਸਤਾਨ ਕੋਲ ਗਸ਼ਤ ਕਰ ਰਹੀ ਸੀ। ਇਸ ਦੌਰਾਨ ਢਾਣੀ ਅਮੀਰ ਸਿੰਘ ਵਾਲੀ ਤਰਫੋਂ ਤਿੰਨ ਨੌਜਵਾਨ ਆਉਂਦੇ ਦਿਖਾਈ ਦਿੱਤੇ ਜੋ ਸਾਹਮਣੇ ਪੁਲਸ ਪਾਰਟੀ  ਨੂੰ ਦੇਖ ਕੇ ਘਬਰਾ ਗਏ ਅਤੇ ਖੇਤਾਂ ਵੱਲ ਭੱਜਣ ਲੱਗੇ। 

ਉਨ੍ਹਾਂ ਕਿਹਾ ਕਿ ਪੁਲਸ ਕਰਮਚਾਰੀਆਂ ਨੇ ਤੁਰੰਤ ਮੁਸਤੈਦੀ ਦਿਖਾਉਂਦਿਆਂ ਪਿੱਛਾ ਕਰਕੇ ਤਿੰਨਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਲੈਣ ’ਤੇ ਨੌਜਵਾਨਾਂ ਦੇ ਕਬਜ਼ੇ ਵਿੱਚੋਂ 553 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਜਸਪਾਲ ਸਿੰਘ ਪੁੱਤਰ ਗੁਰਦਿਆਲ ਸਿੰਘ, ਮਨਜੀਤ ਸਿੰਘ ਪੁੱਤਰ ਜਸਵੰਤ ਸਿੰਘ ਫੱਤੂਵਾਲਾ ਅਤੇ ਗੁਰਸਾਜਨ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਢਾਣੀ ਝੋਕ (ਹਾਲ  ਢਾਣੀ ਅਮੀਰ ਸਿੰਘ) ਵਜੋਂ ਹੋਈ ਹੈ। 

ਜਾਂਚ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਰਿਮਾਂਡ ਦੌਰਾਨ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਨਸ਼ੇ ਦੀ ਸਪਲਾਈ ਕਿੱਥੋਂ ਲੈ ਕੇ ਆਏ ਸਨ ਅਤੇ ਇਸ ਨਾਜਾਇਜ਼ ਧੰਦੇ ਵਿੱਚ ਇਨ੍ਹਾਂ ਦੇ ਨਾਲ ਹੋਰ ਕਿਹੜੇ ਲੋਕ ਜੁੜੇ ਹੋਏ ਹਨ।
 


author

Inder Prajapati

Content Editor

Related News