ਜਸਪ੍ਰੀਤ ਸਿੰਘ ਜੱਸਾ ਬਣੇ ਯੂਥ ਕਾਂਗਰਸ ਬਠਿੰਡਾ ਦੇ ਪ੍ਰਧਾਨ

Tuesday, Jun 23, 2026 - 01:03 PM (IST)

ਜਸਪ੍ਰੀਤ ਸਿੰਘ ਜੱਸਾ ਬਣੇ ਯੂਥ ਕਾਂਗਰਸ ਬਠਿੰਡਾ ਦੇ ਪ੍ਰਧਾਨ

ਬਠਿੰਡਾ : ਬਠਿੰਡਾ ਦੀ ਸਿਆਸਤ ਵਿਚ ਨੌਜਵਾਨ ਚਿਹਰੇ ਵਜੋਂ ਉਭਰੇ ਜਸਪ੍ਰੀਤ ਸਿੰਘ ਜੱਸਾ ਨੇ ਯੂਥ ਕਾਂਗਰਸ ਦੀਆਂ ਚੋਣਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ 'ਤੇ ਕਬਜ਼ਾ ਕਰ ਲਿਆ ਹੈ। ਜਸਪ੍ਰੀਤ ਜੱਸਾ ਨੂੰ ਕੁੱਲ 14,989 ਵੋਟਾਂ ਮਿਲੀਆਂ, ਜਦਕਿ ਉਨ੍ਹਾਂ ਨੇ ਆਪਣੇ ਨਜ਼ਦੀਕੀ ਵਿਰੋਧੀ ਨੂੰ 3,233 ਵੋਟਾਂ ਦੇ ਵੱਡੇ ਅੰਤਰ ਨਾਲ ਹਰਾਕੇ ਇਹ ਜਿੱਤ ਆਪਣੇ ਨਾਮ ਕੀਤੀ। ਪਿੰਡ ਕੋਟਸ਼ਮੀਰ ਦੇ ਵਸਨੀਕ ਜਸਪ੍ਰੀਤ ਸਿੰਘ ਜੱਸਾ ਦੀ ਇਸ ਜਿੱਤ ਨੂੰ ਬਠਿੰਡਾ ਦੇ ਨੌਜਵਾਨਾਂ ਵੱਲੋਂ ਉਨ੍ਹਾਂ ਦੀ ਲੀਡਰਸ਼ਿਪ 'ਤੇ ਜਤਾਏ ਗਏ ਭਰੋਸੇ ਵਜੋਂ ਦੇਖਿਆ ਜਾ ਰਿਹਾ ਹੈ। ਚੋਣ ਨਤੀਜੇ ਐਲਾਨੇ ਜਾਣ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਵੱਖ-ਵੱਖ ਥਾਵਾਂ 'ਤੇ ਲੱਡੂ ਵੰਡ ਕੇ ਅਤੇ ਇਕ-ਦੂਜੇ ਨੂੰ ਵਧਾਈਆਂ ਦੇ ਕੇ ਜਸ਼ਨ ਮਨਾਏ ਗਏ।

ਜਸਪ੍ਰੀਤ ਜੱਸਾ ਇਸ ਤੋਂ ਪਹਿਲਾਂ ਵੀ ਵਿਦਿਆਰਥੀ ਅਤੇ ਸਥਾਨਕ ਰਾਜਨੀਤੀ ਵਿਚ ਸਰਗਰਮ ਰਹੇ ਹਨ। ਉਹ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਹਾਲ ਹੀ ਵਿਚ ਹੋਈਆਂ ਨਗਰ ਨਿਗਮ ਚੋਣਾਂ ਵਿਚ ਵੀ ਆਪਣੀ ਜਿੱਤ ਦਰਜ ਕਰਵਾ ਕੇ ਸਿਆਸੀ ਖੇਤਰ ਵਿੱਚ ਆਪਣੀ ਮਜ਼ਬੂਤ ਪਕੜ ਦਾ ਸਬੂਤ ਦੇ ਚੁੱਕੇ ਹਨ। ਆਪਣੀ ਜਿੱਤ 'ਤੇ ਪ੍ਰਤੀਕਿਰਿਆ ਦਿੰਦਿਆਂ ਜਸਪ੍ਰੀਤ ਸਿੰਘ ਜੱਸਾ ਨੇ ਕਿਹਾ ਕਿ ਇਹ ਜਿੱਤ ਕਿਸੇ ਇਕ ਵਿਅਕਤੀ ਦੀ ਨਹੀਂ, ਸਗੋਂ ਯੂਥ ਕਾਂਗਰਸ ਦੇ ਹਰ ਵਰਕਰ ਅਤੇ ਉਨ੍ਹਾਂ 'ਤੇ ਭਰੋਸਾ ਕਰਨ ਵਾਲੇ ਹਜ਼ਾਰਾਂ ਨੌਜਵਾਨਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਉਹ ਨੌਜਵਾਨਾਂ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ 'ਤੇ ਉਠਾਉਣਗੇ ਅਤੇ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਬਣਾਉਣ ਲਈ ਕੰਮ ਕਰਨਗੇ।

ਜੱਸਾ ਨੇ ਆਪਣੀ ਇਹ ਜਿੱਤ ਸਵਰਗੀ ਸਰਦਾਰ ਖੁਸ਼ਬਾਜ਼ ਸਿੰਘ ਜਟਾਣਾ ਨੂੰ ਸਮਰਪਿਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਰਹਿਨੁਮਾਈ ਅਤੇ ਵਿਚਾਰਧਾਰਾ ਹਮੇਸ਼ਾ ਉਨ੍ਹਾਂ ਲਈ ਪ੍ਰੇਰਣਾ ਦਾ ਸਰੋਤ ਰਹੀ ਹੈ। ਇਸ ਤੋਂ ਇਲਾਵਾਂ ਜਸਪ੍ਰੀਤ ਜੱਸਾ ਵਲੋਂ ਸਾਬਕਾ ਜਿਲ੍ਹਾ ਪ੍ਰਧਾਨ ਲੱਖੀ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ,  ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਅਤੇ ਨੌਜਵਾਨਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਦੇ ਰਹਿਣਗੇ। ਯੂਥ ਕਾਂਗਰਸ ਦੀਆਂ ਇਨ੍ਹਾਂ ਚੋਣਾਂ ਦੇ ਨਤੀਜਿਆਂ ਨੂੰ ਬਠਿੰਡਾ ਦੀ ਸਿਆਸਤ ਵਿੱਚ ਨੌਜਵਾਨ ਲੀਡਰਸ਼ਿਪ ਦੇ ਉਭਾਰ ਵਜੋਂ ਵੀ ਦੇਖਿਆ ਜਾ ਰਿਹਾ ਹੈ, ਜਿੱਥੇ ਜਸਪ੍ਰੀਤ ਸਿੰਘ ਜੱਸਾ ਦੀ ਜਿੱਤ ਨੇ ਉਨ੍ਹਾਂ ਨੂੰ ਜ਼ਿਲ੍ਹੇ ਦੇ ਪ੍ਰਮੁੱਖ ਨੌਜਵਾਨ ਆਗੂਆਂ ਦੀ ਕਤਾਰ ਵਿੱਚ ਲਿਆ ਖੜ੍ਹਾ ਕੀਤਾ ਹੈ।


author

Gurminder Singh

Content Editor

Related News