DC ਜਤਿੰਦਰ ਜੋਰਵਾਲ ਨੇ ਰਜਿੰਦਰਾ ਹਸਪਤਾਲ ਵਿਖੇ ਜੇਰੇ ਇਲਾਜ ਬੱਚੀ ਦੀ ਸਿਹਤ ਸਥਿਤੀ ਦਾ ਲਿਆ ਜਾਇਜ਼ਾ

04/19/2022 11:59:33 AM

ਸੰਗਰੂਰ (ਦਲਜੀਤ ਸਿੰਘ ਬੇਦੀ, ਵਿਜੇ ਸਿੰਗਲਾ) : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਅੱਜ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦਾ ਦੌਰਾ ਕਰਕੇ ਉਥੇ ਜੇਰੇ ਇਲਾਜ ਵਿਦਿਆਰਥਣ ਦਮਨਪ੍ਰੀਤ ਕੌਰ ਦੀ ਸਿਹਤ ਸਬੰਧੀ ਸਥਿਤੀ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਪੀੜਤ ਬੱਚੀ ਦੇ ਪਰਿਵਾਰ ਨੂੰ ਹੌਂਸਲਾ ਦਿੰਦਿਆਂ ਕਿਹਾ ਕਿ ਸੰਕਟ ਦੀ ਇਸ ਘੜੀ ਵਿਚ ਪੰਜਾਬ ਸਰਕਾਰ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਇਲਾਜ ਪੱਖੋਂ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਮਨੁੱਖੀ ਅਧਿਕਾਰਾਂ ਲਈ ਮੇਰੇ ਬੋਲਣ ਤੋਂ ਕੁਝ ਲੋਕਾਂ ਨੂੰ ਪ੍ਰੇਸ਼ਾਨੀ, ਲੱਭ ਰਹੇ ਮੁੱਦੇ : ਤਨਮਨਜੀਤ ਸਿੰਘ ਢੇਸੀ

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮਹਿਲਾਂ ਚੌਕ ਸੰਗਰੂਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਦੀ ਤੀਜੀ ਜਮਾਤ ਦੀ ਇਹ ਵਿਦਿਆਰਥਣ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ ਸੀ ਜਿਸ ਨੂੰ ਡਾਕਟਰਾਂ ਵੱਲੋਂ ਇਲਾਜ ਲਈ ਪਟਿਆਲਾ ਰੈਫਰ ਕਰ ਦਿੱਤਾ ਗਿਆ ਸੀ। ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਬੱਚੀ ਦੇ ਮਾਪਿਆਂ ਨੂੰ ਕਿਹਾ ਕਿ ਉਹ ਇਸ ਮਾਮਲੇ ਸਬੰਧੀ ਲਗਾਤਾਰ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੇ ਸੰਪਰਕ ਵਿੱਚ ਹਨ ਅਤੇ ਪਰਿਵਾਰ ਨੂੰ ਹਰ ਪੱਖੋਂ ਸਹਿਯੋਗ ਦਿੱਤਾ ਜਾਵੇਗਾ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਹਸਪਤਾਲ ਦੇ ਡਾਕਟਰਾਂ ਨਾਲ ਵੀ ਬੱਚੀ ਦੀ ਸਿਹਤ ਸਥਿਤੀ ਬਾਰੇ ਗੱਲਬਾਤ ਕਰਕੇ ਜਾਇਜ਼ਾ ਲਿਆ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

Anuradha

This news is Content Editor Anuradha