ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ''ਚ ਕੇਵਲ ਸਿੰਘ ਢਿੱਲੋਂ ਨੇ ਕੀਤੀ CBI ਜਾਂਚ ਦੀ ਮੰਗ

Tuesday, Oct 13, 2026 - 08:33 PM (IST)

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ''ਚ ਕੇਵਲ ਸਿੰਘ ਢਿੱਲੋਂ ਨੇ ਕੀਤੀ CBI ਜਾਂਚ ਦੀ ਮੰਗ

ਚੰਡੀਗੜ੍ਹ  : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿਰਪੱਖ ਜਾਂਚ ਲਈ ਮਾਮਲਾ ਸੀਬੀਆਈ ਹਵਾਲੇ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖ ਕੇ ਤੁਰੰਤ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਕੋਈ ਆਮ ਨਾਗਰਿਕ ਨਹੀਂ ਸਨ, ਸਗੋਂ ਉਹ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ਵਿਰੁੱਧ ਸੰਘਰਸ਼ ਕਰ ਰਿਹਾ ਸੀ। ਉਹ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਲਈ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਆਵਾਜ਼ ਉਠਾ ਰਹੇ ਸਨ। ਅਜਿਹੇ ਵਿਅਕਤੀ ਦਾ ਕਤਲ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਦੋ ਬੇਹੱਦ ਗੰਭੀਰ ਪਹਿਲੂ ਸਾਹਮਣੇ ਆਏ ਹਨ। ਮ੍ਰਿਤਕ ਦੇ ਪਿਤਾ ਵੱਲੋਂ ਆਪਣੇ ਬਿਆਨ ਵਿੱਚ ਸਥਾਨਕ ਵਿਧਾਇਕ ਦਾ ਨਾਮ ਲਏ ਜਾਣ ਅਤੇ ਚਸ਼ਮਦੀਦਾਂ ਅਨੁਸਾਰ ਗੋਲੀ ਚਲਾਉਣ ਤੋਂ ਪਹਿਲਾਂ ਹਮਲਾਵਰ ਵੱਲੋਂ ਕਿਸੇ ਨਾਲ ਫ਼ੋਨ ’ਤੇ ਗੱਲ ਕਰਨ ਦੀ ਗੱਲ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਇਨ੍ਹਾਂ ਪਹਿਲੂਆਂ ਦੀ ਨਿਰਪੱਖ ਜਾਂਚ ਕਰਕੇ ਕਤਲ ਪਿੱਛੇ ਦੀ ਅਸਲ ਸਾਜ਼ਿਸ਼ ਨੂੰ ਬੇਨਕਾਬ ਕਰਨਾ ਜ਼ਰੂਰੀ ਹੈ। ਢਿੱਲੋਂ ਨੇ ਕਿਹਾ ਕਿ ਜਦੋਂ ਪੀੜਤ ਪਰਿਵਾਰ ਵੱਲੋਂ ਸੱਤਾਧਾਰੀ ਧਿਰ ਦੇ ਇੱਕ ਨੁਮਾਇੰਦੇ ਬਾਰੇ ਸਵਾਲ ਉਠਾਏ ਗਏ ਹਨ, ਤਾਂ ਮਾਮਲੇ ਦੀ ਨਿਰਪੱਖਤਾ ਯਕੀਨੀ ਬਣਾਉਣ ਲਈ ਜਾਂਚ  ਸੀਬੀਆਈ ਨੂੰ ਸੌਂਪੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਨਸਾਫ਼ ਸਿਰਫ਼ ਹੋਣਾ ਹੀ ਨਹੀਂ ਚਾਹੀਦਾ, ਸਗੋਂ ਲੋਕਾਂ ਨੂੰ ਇਹ ਭਰੋਸਾ ਵੀ ਹੋਣਾ ਚਾਹੀਦਾ ਹੈ ਕਿ ਜਾਂਚ ਪੂਰੀ ਤਰ੍ਹਾਂ ਨਿਰਪੱਖ ਢੰਗ ਨਾਲ ਹੋ ਰਹੀ ਹੈ। ਭਾਜਪਾ ਦੇ ਸੂਬਾ ਪ੍ਰਧਾਨ ਨੇ ਰਾਜਪਾਲ ਤੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਨੂੰ ਇਸ ਕਤਲ ਦੀ ਜਾਂਚ ਤੁਰੰਤ ਸੀਬੀਆਈ ਹਵਾਲੇ ਕਰਨ ਦੇ ਨਿਰਦੇਸ਼ ਦਿੱਤੇ ਜਾਣ ਜਾਂ ਇਸ ਸਬੰਧੀ ਉਨ੍ਹਾਂ ਦੇ ਪੱਧਰ ’ਤੇ ਢੁੱਕਵੀਂ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਹਮਲਾਵਰ ਦੇ ਫ਼ੋਨ ਕਾਲ ਰਿਕਾਰਡ, ਘਟਨਾ ਦੀ ਫੇਸਬੁੱਕ ਲਾਈਵ ਵੀਡੀਓ ਅਤੇ ਹੋਰ ਸਾਰੇ ਡਿਜੀਟਲ ਤੇ ਭੌਤਿਕ ਸਬੂਤ ਤੁਰੰਤ ਸੁਰੱਖਿਅਤ ਕਰਨ ਦੀ ਮੰਗ ਕੀਤੀ।


author

Shubam Kumar

Content Editor

Related News