ਸ਼੍ਰੋਮਣੀ ਕਮੇਟੀ ਵਲੋਂ ਕੋਲਕਾਤਾ ਵਿਖੇ ਖੋਲ੍ਹਿਆ ਜਾਵੇਗਾ ਗੁਰਮਤਿ ਵਿਦਿਆਲਾ: ਲੌਂਗੋਵਾਲ
Wednesday, Sep 18, 2019 - 05:04 PM (IST)

ਲੁਧਿਆਣਾ/ਅੰਮ੍ਰਿਤਸਰ (ਸਲੂਜਾ, ਦੀਪਕ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੀ ਗੁਰੂ ਨਾਨਕ ਦੇਵ ਇੰਜ. ਕਾਲਜ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ 'ਚ ਹੋਈ ਇਕੱਤਰਤਾ ਦੌਰਾਨ ਕੋਲਕਾਤਾ ਵਿਖੇ ਗੁਰਮਤਿ ਵਿਦਿਆਲਾ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਵਿਖੇ ਸਿਕਲੀਗਰ ਸਿੱਖ ਬੱਚਿਆਂ ਦੀ ਪੜ੍ਹਾਈ ਲਈ ਫੀਸ ਅਦਾ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ।
ਭਾਈ ਲੌਂਗੋਵਾਲ ਫੈਸਲਿਆਂ ਬਾਰੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੋਲਕਾਤਾ 'ਚ ਗੁਰਦੁਆਰਾ ਗਰਚਾ ਸਿੰਘ ਸੰਗਤ ਵਿਖੇ ਗੁਰਮਤਿ ਵਿਦਿਆਲਾ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸ੍ਰੀ ਗੁਰੂ ਸਿੰਘ ਸਭਾ ਕੋਲਕਾਤਾ ਦੇ ਪ੍ਰਧਾਨ ਵੱਲੋਂ ਸੰਗਤੀ ਮੰਗ ਸ਼੍ਰੋਮਣੀ ਕਮੇਟੀ ਕੋਲ ਭੇਜੀ ਗਈ ਸੀ, ਜਿਸ ਨੂੰ ਪ੍ਰਵਾਨ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਵਿਖੇ ਪੜ੍ਹ ਰਹੇ ਸਿਕਲੀਗਰ ਸਿੱਖ ਬੱਚਿਆਂ ਦੀ ਸਾਲਾਨਾ ਫੀਸ ਦੇਣ ਦਾ ਵੀ ਫੈਸਲਾ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਵਿਜੇਵਾੜਾ 'ਚ ਸਿਕਲੀਗਰ ਸਿੱਖ ਬੱਚਿਆਂ ਦੀ ਪੜ੍ਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਸਹਾਇਤਾ ਕੀਤੀ ਜਾਂਦੀ ਹੈ, ਜਿਸ ਤਹਿਤ ਸਾਲ 2019-2020 ਦੀ ਬਣਦੀ ਫੀਸ ਚਾਰ ਲੱਖ ਅਠੱਤੀ ਹਜ਼ਾਰ ਰੁਪਏ ਜਾਰੀ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਕਲਗੀਧਰ ਸਿੰਘ ਸਭਾ ਸ਼ਾਹਗਾਜੀਮਾਲਾ ਦੇ ਪ੍ਰਬੰਧਕਾਂ ਵੱਲੋਂ ਕੀਤੀ ਗਈ ਮੰਗ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਕੀਰਤਨ ਲਈ ਸਾਜ਼ਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਕੱਕਾਰ ਅਤੇ ਗੁਟਕਾ ਸਾਹਿਬ ਭੇਜੇ ਜਾਣਗੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਵਰ੍ਹਾ ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨਾਲ ਸਬੰਧਤ ਹੈ ਅਤੇ ਸ਼੍ਰੋਮਣੀ ਕਮੇਟੀ ਨੇ ਸਿੱਖ ਵਿਦਵਾਨ ਡਾ. ਰੂਪ ਸਿੰਘ ਦੁਆਰਾ ਰਚਿਤ ਪੁਸਤਕ 'ਕਲਿ ਤਾਰਣ ਗੁਰੁ ਨਾਨਕ ਆਇਆ' ਨੂੰ ਵੱਡੀ ਗਿਣਤੀ 'ਚ ਖਰੀਦ ਕੇ ਆਪਣੇ ਵਿੱਦਿਅਕ ਅਦਾਰਿਆਂ ਦੇ ਨਾਲ-ਨਾਲ ਗੁਰੂ ਸਾਹਿਬਾਨ ਦੇ ਜੀਵਨ ਸਬੰਧੀ ਖੋਜ ਦੀ ਰੁਚੀ ਰੱਖਣ ਵਾਲਿਆਂ ਤੱਕ ਮੁਫ਼ਤ ਭੇਜੀ ਜਾਵੇਗੀ। ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਧਰਮ ਅਧਿਐਨ ਦੀ ਪੜ੍ਹਾਈ ਕਰ ਰਹੇ ਐੱਮ. ਏ. ਅਤੇ ਐੱਮਫਿਲ ਦੇ ਵਿਦਿਆਰਥੀਆਂ ਨੂੰ ਵਜ਼ੀਫੇ ਦੇਣ ਦਾ ਵੀ ਫੈਸਲਾ ਕੀਤਾ ਗਿਆ। ਮਾਨਸਾ ਜ਼ਿਲੇ ਦੇ ਪਿੰਡ ਡੇਲੂਆਣਾ ਵਿਖੇ ਦੋ ਤੋਂ ਇਕ ਗੁਰਦੁਆਰਾ ਕਰਨ 'ਤੇ 1 ਲੱਖ ਰੁਪਏ ਦੀ ਸਹਾਇਤਾ ਵੀ ਦਿੱਤੀ ਗਈ। ਇਸ ਤੋਂ ਇਲਾਵਾ ਇਕੱਤਰਤਾ ਦੌਰਾਨ ਭਾਸ਼ਾ ਵਿਭਾਗ ਪੰਜਾਬ ਵੱਲੋਂ ਹਿੰਦੀ ਦਿਵਸ ਮੌਕੇ ਪੰਜਾਬੀ ਬੋਲੀ ਨੂੰ ਨੀਵਾਂ ਦਿਖਾਉਣ ਅਤੇ ਪ੍ਰਸਿੱਧ ਲੇਖਕ ਡਾ. ਤੇਜਵੰਤ ਸਿੰਘ ਮਾਨ ਨਾਲ ਕੀਤੇ ਗਏ ਦੁਰਵਿਹਾਰ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਗਈ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਪ੍ਰਿਤਪਾਲ ਸਿੰਘ ਲੁਧਿਆਣਾ, ਸੁਖਵਰਸ਼ ਸਿੰਘ ਪੰਨੂ, ਮਨਜੀਤ ਸਿੰਘ ਬੱਪੀਆਣਾ, ਅਵਤਾਰ ਸਿੰਘ ਵਣਵਾਲਾ, ਰਾਮਪਾਲ ਸਿੰਘ ਬਹਿਣੀਵਾਲ, ਤੇਜਿੰਦਰਪਾਲ ਸਿੰਘ ਢਿੱਲੋਂ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ. ਸੁਖਮਿੰਦਰ ਸਿੰਘ, ਗੁਰਿੰਦਰਪਾਲ ਸਿੰਘ ਠਰੂ, ਹਰਜਿੰਦਰ ਸਿੰਘ, ਵਰਿੰਦਰ ਸਿੰਘ ਠਰੂ ਆਦਿ ਮੌਜੂਦ ਸਨ।