ਜ਼ੀਰਾ ਵਲੋਂ ਲਾਏ ਦੋਸ਼ਾਂ ਦੀ ਹੋਵੇ ਹਾਈਕੋਰਟ ਦੀ ਨਿਗਰਾਨੀ ''ਚ ਜਾਂਚ : ''ਆਪ''

Friday, Jan 18, 2019 - 01:40 AM (IST)

ਜ਼ੀਰਾ ਵਲੋਂ ਲਾਏ ਦੋਸ਼ਾਂ ਦੀ ਹੋਵੇ ਹਾਈਕੋਰਟ ਦੀ ਨਿਗਰਾਨੀ ''ਚ ਜਾਂਚ : ''ਆਪ''

ਚੰਡੀਗੜ੍ਹ,(ਰਮਨਜੀਤ)— ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪਾਰਟੀ 'ਚੋਂ ਮੁਅੱਤਲ ਕਰਨ ਦੇ ਮੁੱਦੇ 'ਤੇ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਉਂਝ ਤਾਂ ਇਹ ਕਾਂਗਰਸ ਦਾ ਅੰਦਰੂਨੀ ਮਾਮਲਾ ਹੈ ਪਰ ਜਿਸ ਤਰ੍ਹਾਂ ਜਲਦਬਾਜ਼ੀ ਵਿਚ ਕੁਲਬੀਰ ਸਿੰਘ ਜ਼ੀਰਾ 'ਤੇ ਕਾਰਵਾਈ ਕੀਤੀ ਗਈ ਹੈ, ਉਸ ਤੋਂ ਸਾਫ਼ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਾਂਗ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਨੀਲ ਜਾਖੜ ਨੇ ਵੀ ਪੰਜਾਬ 'ਚ ਸਰਗਰਮ ਨਸ਼ਾ ਮਾਫ਼ੀਆ ਅੱਗੇ ਗੋਡੇ ਟੇਕ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਜ਼ੀਰਾ ਵੱਲੋਂ ਲਾਏ ਦੋਸ਼ਾਂ ਦੀ ਹਾਈਕੋਰਟ ਦੀ ਨਿਗਰਾਨੀ 'ਚ ਜਾਂਚ ਹੋਣੀ ਚਾਹੀਦੀ ਹੈ। ਜਲੰਧਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਚੀਮਾ ਨੇ ਕਿਹਾ ਕਿ ਕੁਲਬੀਰ ਸਿੰਘ ਜ਼ੀਰਾ ਨੇ ਆਪਣੀ ਹੀ ਸਰਕਾਰ ਬਾਰੇ ਸੱਚ ਬੋਲਿਆ ਹੈ ਜਦਕਿ ਆਮ ਆਦਮੀ ਪਾਰਟੀ ਕਈ ਸਾਲਾਂ ਤੋਂ ਦੁਹਰਾਉਂਦੀ ਆ ਰਹੀ ਹੈ ਕਿ ਸੂਬੇ ਅੰਦਰ ਸਿਆਸਤਦਾਨਾਂ, ਅਫ਼ਸਰਾਂ ਅਤੇ ਨਸ਼ਾ ਸਮੱਗਲਰਾਂ ਦਾ ਮਾਫ਼ੀਆ ਸਰਗਰਮ ਹੈ, ਜਿਸ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਤਬਾਹ ਕਰ ਦਿੱਤੀ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੇ ਲੋਕ ਅਤੇ ਹੁਣ ਖ਼ੁਦ ਕਾਂਗਰਸੀ ਆਗੂ ਅਤੇ ਵਿਧਾਇਕ ਵੀ ਇਸ ਦੇ ਖ਼ਿਲਾਫ਼ ਬੋਲ ਰਹੇ ਹਨ ਪਰ ਕੈਪਟਨ ਅਮਰਿੰਦਰ ਸਿੰਘ ਪਤਾ ਨਹੀਂ ਕਿਹੜੀ ਮਜ਼ਬੂਰੀ ਕਾਰਨ ਬਾਦਲਾਂ ਵਾਂਗ ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ ਕਰਨ ਤੋਂ ਭੱਜ ਰਹੇ ਹਨ।


Related News