ਲਾਡੋਵਾਲ ਟੋਲ ਪਲਾਜ਼ਾ ‘ਤੇ ਕਿਸਾਨਾਂ ਵੱਲੋਂ CM ਮਾਨ ਦਾ ਪੁਤਲਾ ਫ਼ੂਕ ਪ੍ਰਦਰਸ਼ਨ
Wednesday, Mar 25, 2026 - 04:53 PM (IST)
ਲੁਧਿਆਣਾ (ਖੁੱਲਰ): ਕਿਸਾਨ ਮਜ਼ਦੂਰ ਮੋਰਚੇ ਅਤੇ ਬੀਕੇਐਮਯੂ ਦੇ ਆਗੂਆਂ ਵੱਲੋਂ ਲਾਡੋਵਾਲ ਟੋਲ ਪਲਾਜਾ ‘ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਦੱਸਿਆ ਕਿ 19 ਮਾਰਚ 2025 ਨੂੰ ਸ਼ੰਭੂ-ਖਨੌਰੀ ਮੋਰਚੇ ਤੋਂ ਮੋਰਚਾ ਚੱਕਣ ਸਮੇਂ ਕਿਸਾਨਾਂ ਦੇ ਟਰੈਕਟਰ-ਟਰਾਲੀਆਂ, ਸਿਲੰਡਰ, ਬਰਤਨ ਅਤੇ ਹੋਰ ਸਮਾਨ ਨੂੰ ਨੁਕਸਾਨ ਪਹੁੰਚਾਇਆ ਗਿਆ ਅਤੇ ਚੋਰੀ ਵੀ ਹੋਈ। ਇਸ ਨੁਕਸਾਨ ਦੀ ਭਰਪਾਈ ਲਈ ਸਰਕਾਰ ਨਾਲ ਕਈ ਵਾਰ ਮੀਟਿੰਗਾਂ ਹੋਈਆਂ, ਪਰ ਕੋਈ ਢੁੱਕਵਾਂ ਹੱਲ ਨਹੀਂ ਨਿਕਲਿਆ। ਉਨ੍ਹਾਂ ਦੱਸਿਆ ਕਿ 17 ਮਾਰਚ ਨੂੰ ਤਹਿ ਹੋਈ ਮੀਟਿੰਗ ਵਿੱਚ ਕੋਈ ਅਧਿਕਾਰੀ ਨਹੀਂ ਪਹੁੰਚਿਆ, ਜਿਸ ਕਾਰਨ ਕਿਸਾਨਾਂ ਵਿਚ ਗੁੱਸਾ ਵਧ ਗਿਆ। ਇਸ ਤੋਂ ਬਾਅਦ 22 ਮਾਰਚ ਨੂੰ ਅੰਮ੍ਰਿਤਸਰ ਵਿਖੇ ਡੀਸੀ ਦਫ਼ਤਰ ਅੱਗੇ ਮੋਰਚਾ ਲਗਾਇਆ ਗਿਆ, ਜਿੱਥੇ ਪੁਲਸ ਵੱਲੋਂ ਲਾਠੀਚਾਰਜ ਕੀਤਾ ਗਿਆ ਅਤੇ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਆਗੂਆਂ ਮੁਤਾਬਕ 24 ਮਾਰਚ ਸਵੇਰੇ ਪੁਲਿਸ ਨੇ ਮੋਰਚਾ ਖ਼ਤਮ ਕਰਵਾ ਦਿੱਤਾ ਅਤੇ 40 ਤੋਂ ਵੱਧ ਕਿਸਾਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਦੇ ਰੋਸ ਵਜੋਂ ਲਾਡੋਵਾਲ ਟੋਲ ਪਲਾਜਾ ‘ਤੇ ਪੁਤਲਾ ਸਾੜ ਕੇ ਪ੍ਰਦਰਸ਼ਨ ਕੀਤਾ ਗਿਆ।
ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਗ੍ਰਿਫਤਾਰ ਸਾਥੀਆਂ ਨੂੰ ਤੁਰੰਤ ਰਿਹਾ ਕੀਤਾ ਜਾਵੇ ਅਤੇ ਨੁਕਸਾਨ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿਚ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਸੂਬਾ ਪ੍ਰਧਾਨ ਦਿਲਬਾਗ ਸਿੰਘ ਗਿੱਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਧਾਨ ਭੋਲਾ ਸਿੰਘ, ਹਲਕਾ ਪ੍ਰਧਾਨ ਗੁਰਮੁਖ ਸਿੰਘ, ਸਟੇਟ ਜਨਰਲ ਸਕੱਤਰ ਮਨਜੀਤ ਸਿੰਘ ਅਰੋੜਾ, ਸੁਖਦੀਪ ਸਿੰਘ ਮੰਗਲੀ, ਮੰਗਤ ਸਿੰਘ, ਨਛੱਤਰ ਸਿੰਘ, ਸਰਜੀਤ ਸਿੰਘ ਨੰਬਰਦਾਰ, ਸਲਵਿੰਦਰ ਸਿੰਘ, ਤੀਰਥ ਸਿੰਘ ਸਮੇਤ ਹੋਰ ਕਿਸਾਨ ਆਗੂ ਮੌਜੂਦ ਸਨ।
