ਪਿੰਡ ਬਾਲਦ ਕਲਾਂ ਦੇ ਜ਼ਮੀਨੀ ਵਿਵਾਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਪ੍ਰਸ਼ਾਸਨ ਵਿਰੁੱਧ ਕੀਤੀ ਨਾਅਰੇਬਾਜ਼ੀ

Thursday, Jul 28, 2022 - 10:08 PM (IST)

ਪਿੰਡ ਬਾਲਦ ਕਲਾਂ ਦੇ ਜ਼ਮੀਨੀ ਵਿਵਾਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਪ੍ਰਸ਼ਾਸਨ ਵਿਰੁੱਧ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ (ਕਾਂਸਲ) : ਪਿੰਡ ਬਾਲਦ ਕਲਾਂ ਵਿਖੇ ਅੱਜ 3 ਕਿਸਾਨ ਜਥੇਬੰਦੀਆਂ ਬੀ.ਕੇ.ਯੂ. ਏਕਤਾ ਡਕੌਂਦਾ, ਬੀ.ਕੇ.ਯੂ. ਰਾਜੇਵਾਲ ਤੇ ਬੀ.ਕੇ.ਯੂ. ਏਕਤਾ ਸਿੱਧੂਪੁਰ ਵੱਲੋਂ ਸਾਂਝੇ ਤੌਰ ’ਤੇ ਪਿੰਡ ਦੇ ਇਕ ਕਿਸਾਨ ਦੀ ਜ਼ਮੀਨ ਦੇ ਵਿਵਾਦ ਨੂੰ ਲੈ ਕੀਤੇ ਗਏ ਇਕੱਠ ਦੌਰਾਨ ਪ੍ਰਸ਼ਾਸਨ ਵੱਲੋਂ ਪੱਖਪਾਤ ਕੀਤੇ ਜਾਣ ਤੇ ਇਨਸਾਫ਼ ਨਾ ਦੇਣ ਦੇ ਦੋਸ਼ ਲਾਉਂਦਿਆਂ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਬੀ.ਕੇ.ਯੂ. ਏਕਤਾ ਡਕੌਂਦਾ ਦੇ ਬਲਾਕ ਜਨਰਲ ਸਕੱਤਰ ਸੁਖਦੇਵ ਸਿੰਘ ਬਾਲਦ ਨੇ ਦੱਸਿਆ ਕਿ ਪਿੰਡ ਦੇ ਕਿਸਾਨ ਕੁਲਦੀਪ ਸਿੰਘ ਵੱਲੋਂ ਪਿੰਡ ਦੇ ਹੀ ਇਕ ਹੋਰ ਕਿਸਾਨ ਤੋਂ 20 ਸਾਲ ਪਹਿਲਾਂ 2 ਵਿੱਘੇ 19 ਵਿਸਵੇ ਜ਼ਮੀਨ ਖਰੀਦੀ ਗਈ ਸੀ, ਜਿਸ ਦੀਆਂ ਕਿਸਾਨ ਕੋਲ ਰਜਿਟਰੀਆਂ ਵੀ ਸਨ ਪਰ ਹੁਣ ਜ਼ਮੀਨ ਵੇਚਣ ਵਾਲੇ ਕਿਸਾਨ ਦੀ ਪਤਨੀ ਵੱਲੋਂ ਇਸ ਜ਼ਮੀਨ ਉਪਰ ਕਥਿਤ ਤੌਰ ‘ਤੇ ਨਾਜਾਇਜ਼ ਕਬਜ਼ੇ ਕਰਨ ਦੀ ਵਾਰ-ਵਾਰ ਕੋਸ਼ਿਸ਼ ਕੀਤੀ ਜਾ ਰਹੀ ਹੈ।

ਖ਼ਬਰ ਇਹ ਵੀ : ਸੁਖਬੀਰ ਵੱਲੋਂ ਪਾਰਟੀ ਦਾ ਜਥੇਬੰਦਕ ਢਾਂਚਾ ਭੰਗ, ਉਥੇ ਕੈਬਨਿਟ ਮੀਟਿੰਗ 'ਚ ਅਹਿਮ ਫ਼ੈਸਲਿਆਂ 'ਤੇ ਮੋਹਰ, ਪੜ੍ਹੋ TOP 10

ਉਨ੍ਹਾਂ ਦੋਸ਼ ਲਾਇਆ ਕਿ ਕੁਝ ਸਮਾਂ ਪਹਿਲਾਂ ਉਕਤ ਔਰਤ ਨੇ ਆਪਣੇ ਪੇਕੇ ਪਰਿਵਾਰ ਨਾਲ ਮਿਲ ਕੇ ਉਕਤ ਕਿਸਾਨ ਦੇ ਘਰ 'ਤੇ ਹਮਲਾ ਕਰਕੇ ਇਨ੍ਹਾਂ ਜ਼ਖ਼ਮੀ ਕਰ ਦਿੱਤਾ ਸੀ ਪਰ ਪ੍ਰਸ਼ਾਸਨ ਵੱਲੋਂ ਹਮਲਾਵਰ ਧਿਰ ਦੇ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਥਾਂ ਉਲਟਾ ਇਸ ਕਿਸਾਨ ਤੇ ਇਸ ਦੇ ਪਰਿਵਾਰਕ ਮੈਂਬਰਾਂ ਵਿਰੁੱਧ ਹੀ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਅਸਲ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ ਤੇ ਉਕਤ ਕਿਸਾਨ ਅਤੇ ਇਸ ਦੇ ਪਰਿਵਾਰਕ ਮੈਂਬਰਾਂ ਵਿਰੁੱਧ ਦਰਜ ਕੀਤੇ ਝੂਠੇ ਮੁਕੱਦਮੇ ਨੂੰ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਜਲਦ ਮਾਮਲੇ ਦਾ ਹੱਲ ਨਾ ਕੀਤਾ ਤਾਂ ਤਿੰਨੋਂ ਕਿਸਾਨ ਜਥੇਬੰਦੀਆਂ ਵੱਲੋਂ ਤਿੱਖਾ ਸੰਘਰਸ਼ ਉਲਕਿਆ ਜਾਵੇਗਾ।

ਇਹ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ : ਅੰਕਿਤ ਸੇਰਸਾ ਤੇ ਸਚਿਨ ਭਿਵਾਨੀ ਨੂੰ 14 ਦਿਨ ਦੀ ਨਿਆਇਕ ਹਿਰਾਸਤ ਭੇਜਿਆ

ਇਸ ਮੌਕੇ ਕਰਮਜੀਤ ਸਿੰਘ ਬਾਲਦ ਬਲਾਕ ਪ੍ਰਧਾਨ ਬੀ.ਕੇ.ਯੂ. ਏਕਤਾ ਸਿੱਧੂਪੁਰ, ਹਾਕਮ ਸਿੰਘ ਬਾਲਦ ਪ੍ਰਧਾਨ ਪਿੰਡ ਇਕਾਈ, ਸਤਗੁਰ ਸਿੰਘ ਬਾਲਦ ਆਗੂ ਬੀ.ਕੇ.ਯੂ. ਰਾਜੇਵਾਲ ਤੇ ਅਮਰੀਕ ਸਿੰਘ ਸਮੇਤ ਵੱਡੀ ਗਿਣਤੀ ’ਚ ਕਿਸਾਨ ਤੇ ਔਰਤਾਂ ਵੀ ਮੌਜੂਦ ਸਨ। ਇਸ ਸਬੰਧੀ ਦੂਜੀ ਧਿਰ ਦਾ ਪੱਖ ਜਾਣਨ ਲਈ ਸੰਪਰਕ ਨਹੀਂ ਹੋ ਸਕਿਆ।

ਇਹ ਵੀ ਪੜ੍ਹੋ : ਜ਼ਮੀਨ ਦਾ ਰੇਟ ਘੱਟ ਦੇਣ ਦੇ ਰੋਸ ਵਜੋਂ ਕਿਸਾਨਾਂ ਨੇ ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ, ਜਾਣੋ ਪੂਰਾ ਮਾਮਲਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News