ਲੈਂਡ ਪੂਲਿੰਗ ਨੀਤੀ ਦੇ ਵਿਰੋਧ ''ਚ ਆਮ ਆਦਮੀ ਪਾਰਟੀ ਦੇ ਇਕ ਹੋਰ ਆਗੂ ਨੇ ਦਿੱਤਾ ਅਸਤੀਫ਼ਾ
Saturday, Aug 02, 2025 - 04:35 PM (IST)

ਲਹਿਰਾਗਾਗਾ (ਗਰਗ) : ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਬਣਾਈ ਗਈ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿਚ "ਆਪ" ਦੇ ਲਹਿਰਾ ਬਲਾਕ ਦੇ ਪ੍ਰਧਾਨ ਗੁਰਸੇਵਕ ਸਿੰਘ "ਗੁਰੀ ਚਹਿਲ" ਨੇ ਆਪਣੇ ਅਹੁਦੇ ਦੇ ਨਾਲ-ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਅਸਤੀਫਾ ਦੇਣ ਉਪਰੰਤ ਵਿਸ਼ੇਸ਼ ਗੱਲਬਾਤ ਕਰਦਿਆਂ ਗੁਰੀ ਚਹਿਲ ਨੇ ਕਿਹਾ ਕਿ ਲੈਂਡ ਪੂਲਿੰਗ ਨੀਤੀ ਪੰਜਾਬ ਅਤੇ ਕਿਸਾਨਾਂ ਲਈ ਘਾਤਕ ਹੈ, ਕਿਸਾਨ ਹੋਣ ਦੇ ਨਾਤੇ ਉਹ ਕਿਸਾਨਾਂ ਦੇ ਦਰਦ ਨੂੰ ਸਮਝਦੇ ਹਨ, ਜਿਸ ਦੇ ਰੋਸ ਵਜੋਂ ਉਨ੍ਹਾਂ ਪਾਰਟੀ ਤੋਂ ਅਸਤੀਫਾ ਦੇ ਦਿੱਤਾ, ਲੈਂਡ ਪੂਲਿੰਗ ਨੀਤੀ ਦੇ ਤਹਿਤ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਲੈ ਕੇ ਵੱਡੇ-ਵੱਡੇ ਕਾਰਪੋਰੇਟ ਘਰਾਣਿਆਂ ਨੂੰ ਦੇਵੇਗੀ। ਹੈਰਾਨੀ ਤਾਂ ਇਹ ਹੈ ਕਿ ਇਸ ਨੀਤੀ ਦੇ ਤਹਿਤ ਕਿਸਾਨਾਂ ਦੀ ਜ਼ਮੀਨ ਵੀ ਜਾਵੇਗੀ ਅਤੇ ਕਿਸਾਨਾਂ ਨੂੰ ਪੈਸੇ ਵੀ ਨਹੀਂ ਮਿਲਣਗੇ, ਪੰਜਾਬ ਦਾ ਬੱਚਾ-ਬੱਚਾ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰ ਰਿਹਾ ਹੈ ਅਤੇ ਇਹ ਵਿਰੋਧ ਲੋਕ ਲਹਿਰ ਵਿਚ ਬਦਲ ਜਾਵੇਗਾ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਉਕਤ ਨੀਤੀ 'ਤੇ ਦੁਬਾਰਾ ਵਿਚਾਰ ਕਰਦੇ ਹੋਏ ਵਾਪਸ ਲੈਣਾ ਚਾਹੀਦਾ ਹੈ ਤਾਂ ਜੋ ਪੰਜਾਬ ਅਤੇ ਕਿਸਾਨ ਖੁਸ਼ਹਾਲ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਅਧਾਰਤ ਸੂਬਾ ਹੈ ਅਤੇ ਪੰਜਾਬ ਦੇ ਕਿਸਾਨ ਦੇਸ਼ ਦੇ ਅੰਨਦਾਤਾ ਕਹਾਉਂਦੇ ਹਨ ਪਰ ਦੂਜੇ ਪਾਸੇ ਸਰਕਾਰ ਲੈਂਡ ਪੂਲਿੰਗ ਜਿਹੀ ਨੀਤੀ ਲੈ ਕੇ ਅੰਨਦਾਤਾ ਕਹਾਉਣ ਵਾਲੇ ਕਿਸਾਨ ਨੂੰ ਬੇਜ਼ਮੀਨਾਂ ਕਰਨਾ ਚਾਹੁੰਦੀ ਹੈ। ਜਿਸ ਨੂੰ ਕਿ ਪੰਜਾਬ ਦਾ ਕੋਈ ਵੀ ਵਰਗ ਬਰਦਾਸ਼ਤ ਨਹੀਂ ਕਰ ਰਿਹਾ, ਇਸ ਲਈ ਸਰਕਾਰ ਨੂੰ ਉਕਤ ਲੈਂਡ ਪੂਲਿੰਗ ਦੀ ਨੀਤੀ ਤੁਰੰਤ ਵਾਪਸ ਲੈਣੀ ਚਾਹੀਦੀ ਹੈ।