ਅਧਿਆਪਕਾਂ ’ਤੇ ਲਾਠੀਚਾਰਜ ਨੇ ਇਕ ਤਾਨਾਸ਼ਾਹ ਰਾਜੇ ਦੀ ਹਕੂਮਤ ਦੇ ਦਿਨ ਚੇਤੇ ਕਰਵਾਏ: ਸੁਖਬੀਰ

02/11/2019 7:55:43 AM

ਚੰਡੀਗਡ਼੍ਹ, (ਅਸ਼ਵਨੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਟਿਆਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ ’ਤੇ ਪੁਲਸ ਵੱਲੋਂ ਬੇਰਹਿਮੀ ਨਾਲ ਕੀਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ ਕੀਤੀ ਹੈ। ਅਧਿਆਪਕਾਂ ਉੱਪਰ ਇਸ ਹਮਲੇ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਧਿਆਪਕਾਂ ’ਤੇ ਲਾਠੀਚਾਰਜ ਅਤੇ ਪਾਣੀ ਦੀਆਂ ਤੋਪਾਂ ਨਾਲ ਹਮਲੇ ਨੇ ਇਕ ਹੰਕਾਰੀ ਅਤੇ ਤਾਨਾਸ਼ਾਹ ਰਾਜੇ ਦੀ ਹਕੂਮਤ ਦੇ ਦਿਨ ਚੇਤੇ ਕਰਵਾ ਦਿੱਤੇ ਹਨ। ਪੁਲਸ ਲਾਠੀਚਾਰਜ ਵਿਚ ਜ਼ਖ਼ਮੀ ਹੋਏ ਅਧਿਆਪਕਾਂ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਸੁਖਬੀਰ ਨੇ ਕਿਹਾ ਕਿ  ਇਸ ਤਰ੍ਹਾਂ ਲੱਗਦਾ ਹੈ ਕਿ ਸਰਕਾਰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕਰਨ ਵਾਸਤੇ ਅਧਿਆਪਕਾਂ ਨੂੰ ਸਬਕ ਸਿਖਾਉਣਾ ਚਾਹੁੰਦੀ ਸੀ।
ਇਸ ਦੌਰਾਨ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ  ਕਿਹਾ ਕਿ ਇਸ ਤਰੀਕੇ ਨਾਲ ਜਮਹੂਰੀਅਤ ਦੀ ਆਵਾਜ਼ ਨੂੰ ਕੁਚਲਿਆ ਨਹੀਂ ਜਾ ਸਕੇਗਾ।  ਉਨ੍ਹਾਂ ਕਿਹਾ ਕਿ ਸਾਡੀਆਂ ਭਵਿੱਖ ਦੀਆਂ ਪੀਡ਼੍ਹੀਆਂ ਦਾ ਨਿਰਮਾਣ ਕਰਨ ਵਾਲਿਆਂ ’ਤੇ ਇਸ ਤਰ੍ਹਾਂ ਦੇ ਜ਼ੁਲਮ ਨੂੰ ਅਸੀਂ ਬਰਦਾਸ਼ਤ ਨਹੀਂ ਕਰ ਸਕਦੇ।