ਲੁਧਿਆਣਾ : ਤਾਜਪੁਰ ਰੋਡ ਨੇੜੇ ਮਿਲੀ ਅਣਪਛਾਤੇ ਨੌਜਵਾਨ ਦੀ ਲਾਸ਼, ਜਾਂਚ ''ਚ ਜੁਟੀ ਪੁਲਸ

Tuesday, May 05, 2026 - 08:25 PM (IST)

ਲੁਧਿਆਣਾ : ਤਾਜਪੁਰ ਰੋਡ ਨੇੜੇ ਮਿਲੀ ਅਣਪਛਾਤੇ ਨੌਜਵਾਨ ਦੀ ਲਾਸ਼, ਜਾਂਚ ''ਚ ਜੁਟੀ ਪੁਲਸ

ਲੁਧਿਆਣਾ, (ਰਾਜ)- ਮਹਾਨਗਰ ਦੇ ਤਾਜਪੁਰ ਰੋਡ ਸਥਿਤ ਬਿਹਾਰੀ ਕਲੋਨੀ ਵਿੱਚ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਗੰਦੇ ਨਾਲੇ ਦੇ ਕੋਲ ਬਣੇ ਕੁਆਰਟਰਾਂ ਵਿੱਚ ਇੱਕ ਲਗਭਗ 30 ਸਾਲਾ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਮੰਗਲਵਾਰ ਸ਼ਾਮ ਜਿਵੇਂ ਹੀ ਸਥਾਨਕ ਲੋਕਾਂ ਨੇ ਲਾਸ਼ ਨੂੰ ਦੇਖਿਆ, ਇਲਾਕੇ ਵਿੱਚ ਸਨਸਨੀ ਫੈਲ ਗਈ ਅਤੇ ਤੁਰੰਤ ਇਸ ਦੀ ਸੂਚਨਾ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ।

ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀ ਮਲਕੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਫਿਲਹਾਲ ਪਛਾਣ ਨਹੀਂ ਹੋ ਸਕੀ ਹੈ। ਪੁਲਸ ਨੇ ਨੌਜਵਾਨ ਦੀ ਤਲਾਸ਼ੀ ਵੀ ਲਈ, ਪਰ ਉਸ ਕੋਲੋਂ ਕੋਈ ਵੀ ਪਛਾਣ ਪੱਤਰ ਜਾਂ ਦਸਤਾਵੇਜ਼ ਬਰਾਮਦ ਨਹੀਂ ਹੋਇਆ ਜਿਸ ਨਾਲ ਉਸ ਦੀ ਸ਼ਨਾਖਤ ਕੀਤੀ ਜਾ ਸਕੇ। ਫਿਲਹਾਲ, ਲਾਸ਼ ਨੂੰ 72 ਘੰਟਿਆਂ ਲਈ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ ਤਾਂ ਜੋ ਸ਼ਨਾਖਤ ਹੋ ਸਕੇ। ਵਾਰਸਾਂ ਦੇ ਮਿਲਣ ਤੋਂ ਬਾਅਦ ਹੀ ਪੋਸਟਮਾਰਟਮ ਅਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਸ ਘਟਨਾ ਤੋਂ ਬਾਅਦ ਸਥਾਨਕ ਨਿਵਾਸੀਆਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲਿਆ। ਮੌਕੇ 'ਤੇ ਮੌਜੂਦ ਸੁੰਦਰ ਸਿੰਘ ਅਤੇ ਹੋਰਨਾਂ ਲੋਕਾਂ ਨੇ ਦੋਸ਼ ਲਗਾਇਆ ਕਿ ਇਲਾਕੇ ਵਿੱਚ ਨਸ਼ੇ ਦਾ ਨਜਾਇਜ਼ ਕਾਰੋਬਾਰ ਧੜੱਲੇ ਨਾਲ ਚੱਲ ਰਿਹਾ ਹੈ ਅਤੇ ਉਨ੍ਹਾਂ ਦਾ ਦਾਅਵਾ ਹੈ ਕਿ ਨਸ਼ੇ ਦੀ ਓਵਰਡੋਜ਼ ਕਾਰਨ ਹੀ ਇਸ ਨੌਜਵਾਨ ਦੀ ਜਾਨ ਗਈ ਹੋ ਸਕਦੀ ਹੈ।

ਦੂਜੇ ਪਾਸੇ, ਪੁਲਸ ਅਧਿਕਾਰੀ ਮਲਕੀਤ ਸਿੰਘ ਨੇ ਇਨ੍ਹਾਂ ਦੋਸ਼ਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਸ਼ੁਰੂਆਤੀ ਜਾਂਚ ਵਿੱਚ ਇਹ ਮਾਮਲਾ ਨਸ਼ੇ ਨਾਲ ਜੁੜਿਆ ਨਹੀਂ ਲੱਗਦਾ, ਕਿਉਂਕਿ ਮੌਕੇ ਤੋਂ ਕੋਈ ਵੀ ਨਸ਼ੀਲਾ ਪਦਾਰਥ ਜਾਂ ਸਿਰਿੰਜ ਨਹੀਂ ਮਿਲੀ। ਉਨ੍ਹਾਂ ਨੇ ਖਦਸ਼ਾ ਜਤਾਇਆ ਕਿ ਮੌਜੂਦਾ ਭਿਆਨਕ ਗਰਮੀ ਅਤੇ ਲੂ ਦੀ ਲਪੇਟ ਵਿੱਚ ਆਉਣ ਕਾਰਨ ਨੌਜਵਾਨ ਦੀ ਮੌਤ ਹੋਈ ਹੋ ਸਕਦੀ ਹੈ। ਪੁਲਸ ਅਨੁਸਾਰ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।


author

Rakesh

Content Editor

Related News