ਬਾਲ ਵਿਆਹ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਜਾਰੀ, ਸਕੂਲੀ ਬੱਚਿਆਂ ਨੂੰ ਕੀਤਾ ਜਾ ਰਿਹੈ ਜਾਗਰੂਕ
Thursday, Dec 11, 2025 - 04:36 PM (IST)
ਲੁਧਿਆਣਾ (ਖ਼ੁਰਾਨਾ) - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਅਗਵਾਈ ਹੇਠ, ਬਾਲ ਵਿਆਹ ਦੀ ਰੋਕਥਾਮ ਸਬੰਧੀ ਸਰਕਾਰੀ ਹਾਈ ਸਕੂਲ, ਬੱਸ ਸਟੈਂਡ ਅਤੇ ਸਰਕਾਰੀ ਹਾਈ ਸਕੂਲ, ਜਵਾਹਰ ਨਗਰ ਕੈਂਪ, ਲੁਧਿਆਣਾ ਵਿਖੇ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ।
ਸਕੂਲੀ ਬੱਚਿਆਂ ਨੂੰ ਇਹ ਜਾਣਕਾਰੀ ਦਿੱਤੀ ਗਈ ਕਿ ਵਿਆਹ ਲਈ ਲੜਕੇ ਦੀ ਉਮਰ 21 ਸਾਲ ਅਤੇ ਲੜਕੀ ਦੀ ਉਮਰ 18 ਸਾਲ ਤੋਂ ਵੱਧ ਹੋਣੀ ਚਾਹੀਦੀ ਹੈ। ਬੱਚਿਆਂ ਨੂੰ ਸਪੱਸ਼ਟ ਕੀਤਾ ਗਿਆ ਕਿ ਜੇਕਰ ਕੋਈ ਇਸ ਤੋਂ ਪਹਿਲਾਂ ਵਿਆਹ ਕਰਵਾਉਂਦਾ ਹੈ ਤਾਂ ਕੁਤਾਹੀ ਕਰਨ ਵਾਲੇ ਅਤੇ ਉਸਦੇ ਪਰਿਵਾਰ 'ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਸ਼ਮੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ 27 ਨਵੰਬਰ, 2025 ਤੋਂ ਆਗਾਮੀ 08 ਮਾਰਚ, 2026 ਤੱਕ ਬਾਲ ਵਿਆਹ ਦੀ ਰੋਕਥਾਮ ਲਈ ਵਿਸ਼ੇਸ਼ ਅਭਿਆਨ ਆਰੰਭਿਆ ਗਿਆ ਹੈ ਜਿਸਦੇ ਤਹਿਤ ਵੱਖ-ਵੱਖ ਸਕੂਲਾਂ ਵਿੱਚ ਬੱਚਿਆਂ ਨੂੰ ਸੁਚੇਤ ਕੀਤਾ ਜਾਣਾ ਹੈ। ਇਸ ਮੌਕੇ ਰੀਤੂ ਸੂਦ ਅਤੇ ਸੰਜਨਾ ਕੁਮਾਰੀ ਵੀ ਸ਼ਾਮਲ ਸਨ।
