ਮਾਘੀ ਮੇਲੇ ’ਚ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤ ਹੋਈ ਨਤਮਸਤਕ, ਆਸਥਾ ਅੱਗੇ ਫਿੱਕੀ ਪਈ ਠੰਡ
Saturday, Jan 14, 2023 - 02:04 PM (IST)

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਸਿੰਘ ਰਿਣੀ) : ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਸਬੰਧੀ ਪੱਵਿਤਰ ਇਸ਼ਨਾਨ ਦੌਰਾਨ ਅੱਜ ਵੱਡੀ ਗਿਣਤੀ 'ਚ ਸੰਗਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ। ਅੰਮ੍ਰਿਤ ਵੇਲੇ ਤੋਂ ਹੀ ਸੰਗਤ ਦੀਆਂ ਲੰਬੀਆਂ ਕਤਾਰਾਂ ਨਜ਼ਰ ਆਈਆਂ। ਕੜਾਕੇ ਦੀ ਠੰਡ ਦੇ ਬਾਵਜੂਦ ਪੱਵਿਤਰ ਸਰੋਵਰ ’ਚ ਸੰਗਤਾਂ ਨੇ ਆਸਥਾ ਦੀ ਡੁਬਕੀ ਲਾਈ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਵਿਖੇ ਨਿਰੰਤਰ ਗੁਰਬਾਣੀ ਕੀਰਤਨ ਦੇ ਪ੍ਰਵਾਹ ਚੱਲਦੇ ਰਹੇ।
ਸੰਗਤ ਦੀ ਵੱਡੀ ਗਿਣਤੀ ’ਚ ਆਮਦ ਨੂੰ ਦੇਖ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਵੱਲੋਂ ਰਿਹਾਇਸ਼ ਅਤੇ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਸ੍ਰੀ ਦਰਬਾਰ ਸਾਹਿਬ ਦੇ ਸਾਰੇ ਗੇਟਾਂ ’ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ। ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਧਾਰਮਿਕ ਸਮਾਗਮ ਦੌਰਾਨ ਰਾਗੀ ਢਾਡੀ ਅਤੇ ਪ੍ਰਚਾਰਕ ਸਿੰਘਾਂ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਿਆ। ਸ੍ਰੀ ਦਰਬਾਰ ਸਾਹਿਬ ਦੇ ਆਸ ਪਾਸ ਅਤੇ ਸ਼ਹਿਰ ਦੇ ਵੱਖ ਵੱਖ ਮਾਰਗਾਂ ਤੇ ਸੰਗਤ ਲਈ ਵਿਸ਼ਾਲ ਲੰਗਰ ਲਾਏ ਗਏ।