ਪੰਜਾਬ ਰਾਜ ਚੋਣ ਕਮਿਸ਼ਨ ਦੇ ਦਫ਼ਤਰ ਪੁੱਜੇ ਮਜੀਠੀਆ ਬੋਲੇ-ਸਾਡੇ ਉਮੀਦਵਾਰਾਂ ਨੂੰ ਨਹੀਂ ਮਿਲ ਰਹੀ NOC

Saturday, May 16, 2026 - 04:52 PM (IST)

ਪੰਜਾਬ ਰਾਜ ਚੋਣ ਕਮਿਸ਼ਨ ਦੇ ਦਫ਼ਤਰ ਪੁੱਜੇ ਮਜੀਠੀਆ ਬੋਲੇ-ਸਾਡੇ ਉਮੀਦਵਾਰਾਂ ਨੂੰ ਨਹੀਂ ਮਿਲ ਰਹੀ NOC

ਚੰਡੀਗੜ੍ਹ : ਅਕਾਲੀ ਦਲ ਦੇ ਇਕ ਵਫ਼ਦ ਨੇ ਅੱਜ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਸੂਬਾ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨਾਲ ਮੁਲਾਕਾਤ ਕੀਤੀ ਅਤੇ ਦੱਸਿਆ ਕਿ ਪਾਰਟੀ ਦੇ ਉਮੀਦਵਾਰਾਂ ਨੂੰ ਪਿਛਲੇ ਲਗਾਤਾਰ ਚਾਰ ਦਿਨਾਂ ਤੋਂ ਚੋਣਾਂ ਲੜਨ ਵਾਸਤੇ ਐੱਨ. ਓ. ਸੀ. ਜਾਰੀ ਨਹੀਂ ਕੀਤੀ ਗਈ। ਮਜੀਠੀਆ ਨੇ ਦੱਸਿਆ ਕਿ ਇਨ੍ਹਾਂ ਸਾਰੇ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਦਿਆਂ ਹਲਫੀਆ ਬਿਆਨ ਲਗਾਏ ਹਨ ਕਿ ਉਨ੍ਹਾਂ ਨੇ ਆਪਣੇ ਬਕਾਏ ਕਲੀਅਰ ਕਰ ਦਿੱਤੇ ਹਨ ਅਤੇ ਉਨ੍ਹਾਂ ਦੇ ਦਸਤਾਵੇਜ਼ ਸਹੀ ਤਰਤੀਬ ਅਨੁਸਾਰ ਹਨ। ਮਜੀਠੀਆ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਦੇ ਓ. ਐੱਸ. ਡੀ. ਚੋਣ ਪ੍ਰਕਿਰਿਆ 'ਚ ਸਿੱਧੀ ਦਖ਼ਲ-ਅੰਦਾਜ਼ੀ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਹੁਣ ਸਾਨੂੰ ਪਤਾ ਲੱਗਾ ਹੈ ਕਿ ਈ. ਓ. ਰਮਨਦੀਪ ਵੜੈਚ ’ਤੇ ਦਬਾਅ ਬਣਾਇਆ ਜਾ ਰਿਹਾ ਹੈ ਕਿ ਸਾਡੇ ਅੱਧੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਦਿੱਤੇ ਜਾਣ ਤਾਂ ਜੋ ਅਕਾਲੀ ਦਲ ਆਪਣਾ ਪ੍ਰਧਾਨ ਬਣਾਉਣ ਦੇ ਯੋਗ ਹੀ ਨਾ ਰਹੇ। ਉਨ੍ਹਾਂ ਨੇ ਸੂਬਾ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਦਾ ਨੋਟਿਸ ਲਵੇ ਅਤੇ ਯਕੀਨੀ ਬਣਾਵੇ ਕਿ ਮਜੀਠਾ 'ਚ ਅਕਾਲੀ ਦਲ ਦੇ ਉਮੀਦਵਾਰਾਂ ਦੇ ਕਾਗਜ਼ ਧੱਕੇਸ਼ਾਹੀ ਨਾਲ ਰੱਦ ਨਾ ਕੀਤੇ ਜਾਣ। ਬਿਕਰਮ ਸਿੰਘ ਮਜੀਠੀਆ ਨੇ ਮਜੀਠਾ ਦੇ ਈ. ਓ. ਦੇ ਕੰਮ ਕਰਨ ਦੀ ਸ਼ੈਲੀ ’ਤੇ ਵੀ ਸੂਬਾ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਕਿਹਾ ਕਿ ਜੂਨ 2025 ਵਿਚ ਲੁਧਿਆਣਾ ਕੇਂਦਰੀ ਦੀ ਜ਼ਿਮਨੀ ਚੋਣ ਵੇਲੇ ਭਾਰਤੀ ਚੋਣ ਕਮਿਸ਼ਨ ਨੇ ਈ. ਓ. ਰਮਨਦੀਪ ਵੜੈਚ ਨੂੰ ਝਾੜ ਪਾਈ ਸੀ ਅਤੇ ਹਦਾਇਤ ਕੀਤੀ ਸੀ ਕਿ ਉਨ੍ਹਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸਦੇ ਬਾਵਜੂਦ ਉਨ੍ਹਾਂ ਨੂੰ ਮਜੀਠਾ ਵਿਚ ਈ. ਓ. ਲਗਾ ਦਿੱਤਾ ਗਿਆ।

 
 


author

Babita

Content Editor

Related News