ਮੋਟੀਵੇਟਰ ਧਰਨੇ ਦੌਰਾਨ ਬੀਮਾਰ ਹੋਣ ਵਾਲੇ ਕਰਮਜੀਤ ਸਿੰਘ ਦੀ ਮੌਤ

07/12/2019 11:25:47 AM

ਭਵਾਨੀਗੜ੍ਹ (ਕਾਂਸਲ) : ਮਾਲੇਰਕੋਟਲਾ ਵਿਖੇ ਪਿਛਲੇ ਕਈ ਦਿਨਾਂ ਤੋਂ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੀ ਕੋਠੀ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੇ ਮੋਟੀਵੇਟਰ ਅਤੇ ਮਾਸਟਰ ਮੋਟੀਵੇਟਰਾਂ ਦੇ ਧਰਨੇ ਵਿਚ ਸ਼ਾਮਲ ਹੋਏ ਸਥਾਨਕ ਸ਼ਹਿਰ ਦੇ ਨੇੜਲੇ ਪਿੰਡ ਨੰਦਗੜ੍ਹ ਥੰਮਣ ਸਿੰਘ ਵਾਲਾ ਦੇ ਇਕ ਵਿਅਕਤੀ ਕਰਮਜੀਤ ਦੀ ਧਰਨੇ ਦੌਰਾਨ ਅਚਾਨਕ ਤਬੀਅਤ ਖ਼ਰਾਬ ਹੋਣ 'ਤੇ ਉਸ ਨੂੰ ਬੀਤੀ 7 ਜੁਲਾਈ ਨੂੰ ਚੰਡੀਗੜ੍ਹ ਦੇ ਪੀ. ਜੀ. ਆਈ. ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਜਾਣਕਾਰੀ ਦਿੰਦਿਆਂ ਮੋਟੀਵੇਟਰ ਯੂਨੀਅਨ ਦੇ ਜ਼ਿਲਾ ਪ੍ਰਧਾਨ ਜਗਸੀਰ ਸਿੰਘ ਨੇ ਦੱਸਿਆ ਕਿ ਕਰਮਜੀਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਨੰਦਗੜ੍ਹ ਥੰਮਣ ਸਿੰਘ ਵਾਲਾ ਜੋ ਕਿ ਮੋਟੀਵੇਟਰਾਂ ਦੇ ਸੰਘਰਸ਼ ਵਿਚ ਸ਼ਾਮਲ ਹੋਣ ਲਈ 27 ਜੂਨ 2019 ਨੂੰ ਮਾਲੇਰਕੋਟਲਾ ਆਇਆ ਸੀ। ਧਰਨੇ ਦੌਰਾਨ ਇਥੇ ਇਸ ਦੀ ਤਬੀਅਤ ਖ਼ਰਾਬ ਹੋ ਗਈ ਸੀ, ਜਿਸ ਨੂੰ ਇਲਾਜ ਲਈ ਪਹਿਲਾਂ ਪਟਿਆਲਾ ਦੇ ਇਕ ਪ੍ਰਾਈਵੇਟ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਥੇ ਇਸ ਦੀ ਹਾਲਤ ਜ਼ਿਆਦਾ ਗੰਭੀਰ ਹੋ ਜਾਣ ਕਾਰਨ ਡਾਕਟਰਾਂ ਨੇ ਇਸ ਨੂੰ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਸੀ। ਜ਼ਿਲਾ ਪ੍ਰਧਾਨ ਨੇ ਦੱਸਿਆ ਕਿ ਪੀ. ਜੀ. ਆਈ. ਵਿਖੇ ਕਰਮਜੀਤ ਸਿੰਘ ਦੀ ਇਲਾਜ ਦੌਰਾਨ 7 ਜੁਲਾਈ ਨੂੰ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਮ੍ਰਿਤਕ ਆਪਣੇ ਪਿੱਛੇ ਮਾਂ, ਪਤਨੀ ਤੋਂ ਇਲਾਵਾ 2 ਛੋਟੇ-ਛੋਟੇ ਬੱਚੇ ਛੱਡ ਗਿਆ ਹੈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਇਸ ਪਰਿਵਾਰ ਦੀ ਆਰਥਿਕ ਹਾਲਤ ਬਹੁਤ ਜ਼ਿਆਦਾ ਮਾੜੀ ਹੈ, ਇਸ ਲਈ ਯੂਨੀਅਨ ਦੇ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਪਰਿਵਾਰ ਦੀ ਆਰਥਿਕ ਮਦਦ ਕਰਨ ਦੇ ਨਾਲ-ਨਾਲ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇ।


cherry

Content Editor

Related News