ਨਰਮਾ ਅਤੇ ਝੋਨੇ ਤੋਂ ਇਲਾਵਾ ਸਬਜ਼ੀਆਂ ਦਾ ਵੀ ਮਿਲੇ ਮੁਆਵਜ਼ਾ : ਮਲੂਕਾ

10/27/2021 12:28:10 PM

ਭਗਤਾ ਭਾਈ (ਪਰਮਜੀਤ ਢਿੱਲੋਂ): ਸੂਬਾ ਸਰਕਾਰ ਅਤੇ ਵਿਸ਼ੇਸ਼ ਤੌਰ ’ਤੇ ਮੁੱਖ ਮੰਤਰੀ ਨੂੰ ਪਾਰਕਾਂ ਦੇ ਨੀਂਹ ਪੱਥਰ ਤੇ ਹੋਰ ਪ੍ਰਾਜੈਕਟ ਜਾਂ ਗ਼ੈਰ-ਜ਼ਰੂਰੀ ਗਤੀਵਿਧੀਆਂ ਨੂੰ ਛੱਡ ਕੇ ਨਰਮੇ ਅਤੇ ਝੋਨੇ ਦੇ ਹੋਏ ਨੁਕਸਾਨ ਦੀ ਭਰਪਾਈ ਵੱਲ ਧਿਆਨ ਦੇਣਾ ਚਾਹੀਦਾ ਹੈ l ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਪੰਚਾਇਤ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਨਰਮੇ ਤੋਂ ਬਾਅਦ ਝੋਨੇ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਮੁਆਵਜ਼ੇ ਦੀ ਤੁਰੰਤ ਅਦਾਇਗੀ ਦੀ ਮੰਗ ਕਰਦਿਆਂ ਕੀਤਾ l

ਉਨ੍ਹਾਂ ਕਿਹਾ ਕਿ ਮਾਲਵਾ ਖ਼ੇਤਰ ਦਾ ਕਿਸਾਨ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਪਹਿਲਾਂ ਹੀ ਆਰਥਿਕ ਤੌਰ ’ਤੇ ਝੰਬਿਆ ਗਿਆ ਹੈ lਹੁਣ ਬੇ-ਮੌਸਮੀ ਬਰਸਾਤ ਨੇ ਸੂਬੇ ਦੇ ਕਈ ਖਿੱਤਿਆਂ ਵਿੱਚ ਝੋਨੇ ਦਾ ਭਾਰੀ ਨੁਕਸਾਨ ਕੀਤਾ ਹੈ l ਮੁੱਖ ਮੰਤਰੀ ਵੱਲੋਂ ਨਰਮੇ ਦੇ ਨੁਕਸਾਨ ਦਾ ਜਾਇਜ਼ਾ ਲਏ ਨੂੰ ਤਕਰੀਬਨ ਇੱਕ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ l ਪਰ ਹਾਲੇ ਤੱਕ ਕਿਸੇ ਵੀ ਕਿਸਾਨ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ l ਝੋਨੇ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਵੀ ਸਰਕਾਰ ਨੂੰ ਤੁਰੰਤ ਜ਼ਰੂਰੀ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਸਮੇਂ ਸਿਰ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ l ਇਸ ਤੋਂ ਇਲਾਵਾ ਸੂਬੇ ਵਿੱਚ ਸਬਜ਼ੀਆਂ ਦੀ ਕਾਸ਼ਤ ਕਰਨ ਵਾਲਿਆਂ ਨੂੰ ਵੀ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ l

ਮਲੂਕਾ ਨੇ ਦੋਸ਼ ਲਗਾਏ ਕਿ ਮੁੱਖ ਮੰਤਰੀ ਅਤੇ ਸੂਬੇ ਦੀ ਸਰਕਾਰ ਕਿਸਾਨਾਂ ਦੀ ਸਾਰ ਲੈਣ ਦੀ ਥਾਂ ਪਾਰਕਾਂ ਦੇ ਨੀਂਹ ਪੱਥਰ ਰੱਖਣ ਜਾਂ ਹੋਰ ਗ਼ੈਰ ਜ਼ਰੂਰੀ ਗਤੀਵਿਧੀਆਂ ਵਿੱਚ ਵਿਅਸਤ ਹੈ l ਮਲੂਕਾ ਨੇ ਕਿਹਾ ਕਿ ਪਾਰਕ ਬਣਾਉਣ ਲਈ ਅੱਗੇ ਬਥੇਰਾ ਸਮਾਂ ਹੈ l ਇਸ ਮੌਕੇ ਸਾਨੂੰ ਸਭ ਤੋਂ ਪਹਿਲਾਂ ਕਿਸਾਨਾਂ ਦੀ ਬਾਂਹ ਫੜ੍ਹਨੀ ਚਾਹੀਦੀ ਹੈ l ਖੇਤਾਂ ਵਿੱਚ ਹੋਏ ਫ਼ਸਲ ਦੇ ਨੁਕਸਾਨ ਤੋਂ ਇਲਾਵਾ ਮੰਡੀਆਂ ਵਿੱਚ ਵੀ ਝੋਨੇ ਦਾ ਭਾਰੀ ਨੁਕਸਾਨ ਹੋਇਆ ਹੈ l ਮੰਡੀਆਂ ਵਿਚ ਫਸਲਾਂ ਦੀ ਸੰਭਾਲ ਲਈ ਪੁਖਤਾ ਪ੍ਰਬੰਧਾਂ ਦੇ ਨਾ ਹੋਣ ਦਾ ਨੁਕਸਾਨ ਕਿਸਾਨਾਂ ਦੇ ਸਿਰ ਨਹੀਂ ਪੈਣਾ ਚਾਹੀਦਾ l ਮਲੂਕਾ ਨੇ ਮੰਗ ਕੀਤੀ ਕਿ ਮੰਡੀਆਂ ਵਿੱਚ ਪਏ ਝੋਨੇ ਦੀ ਨਮੀ ਤੇ ਹੋਰ ਸ਼ਰਤਾਂ ’ਚ ਰਿਆਇਤ ਦੇ ਕੇ ਤੁਰੰਤ ਹੱਲ ਕੀਤਾ ਜਾਵੇ। 


Shyna

Content Editor

Related News