ਸੜਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ
Friday, May 08, 2020 - 07:29 PM (IST)

ਰਾਮਪੁਰਾ ਫੂਲ, (ਤਰਸੇਮ)— ਬਠਿੰਡਾ ਬਰਨਾਲਾ ਨੈਸ਼ਨਲ ਹਾਈਵੇ ਮਾਰਗ 'ਤੇ ਸਥਿਤ ਜੀ. ਐੱਸ. ਕੰਡਾ ਸਾਹਮਣੇ ਰਿਲਾਇੰਸ ਪੈਟਰੋਲ ਪੰਪ ਦੇ ਨਜ਼ਦੀਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਸਹਾਰਾ ਸਮਾਜ ਸੇਵਾ ਦੇ ਮੁਖੀ ਸੰਦੀਪ ਵਰਮਾ ਨੇ ਦੱਸਿਆ ਕਿ ਬੀਤੀ ਰਾਤ ਕਲੱਬ ਨੂੰ ਸੂਚਨਾ ਮਿਲੀ ਕਿ ਇਕ ਵਿਅਕਤੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਬਠਿੰਡਾ ਤੋਂ ਬਰਨਾਲਾ ਸਾਈਡ ਵੱਲ ਜਾ ਰਿਹਾ ਸੀ ਕਿ ਅਚਾਨਕ ਸਾਹਮਣੇ ਤੋਂ ਆ ਰਹੇ ਟਰੈਕਟਰ-ਟਰਾਲੀ ਨਾਲ ਟਕਰਾਅ ਗਿਆ ਤੇ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਸਹਾਰਾ ਦੀ ਟੀਮ ਤੁਰੰਤ ਘਟਨਾ ਸਥਾਨ 'ਤੇ ਪਹੁੰਚੀ ਪਰ ਉਸ ਵੇਲੇ ਤੱਕ ਵਿਅਕਤੀ ਦੀ ਮੌਤ ਹੋ ਚੁੱਕੀ ਸੀ। ਲਾਸ਼ ਨੂੰ ਥਾਣਾ ਸਿਟੀ ਰਾਮਪੁਰਾ ਦੇ ਏ. ਐੱਸ. ਆਈ. ਰਣਜੀਤ ਸਿੰਘ ਦੀ ਮੌਜੂਦਗੀ 'ਚ ਸਿਵਲ ਹਸਪਤਾਲ ਰਾਮਪੁਰਾ ਵਿਖੇ ਲਿਆਂਦਾ ਗਿਆ।
ਇਸ ਸਬੰਧ 'ਚ ਏ. ਐੱਸ. ਆਈ. ਰਣਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਹਰਬੰਸ ਸਿੰਘ ਉਮਰ 40 ਸਾਲ ਵਾਸੀ ਪੱਖੋਂ ਕਲਾ ਜੋ ਕਿ ਪਿਛਲੇ ਕਈ ਦਿਨਾਂ ਤੋਂ ਮਲੋਟ ਸ਼ਹਿਰ ਦੇ ਨਜ਼ਦੀਕ ਤੂੜੀ ਬਣਾਉਣ ਦਾ ਕੰਮ ਕਰਦਾ ਸੀ। ਬੀਤੀ ਰਾਤ ਉਹ ਰੋਜ਼ਾਨਾ ਵਾਂਗ ਆਪਣੇ ਘਰ ਮੋਟਰਸਾਈਕਲ 'ਤੇ ਵਾਪਸ ਆ ਰਿਹਾ ਸੀ, ਜਿਸ ਦੌਰਾਨ ਹਾਦਸੇ 'ਚ ਉਕਤ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਵਲੋਂ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਅੰਤਿਮ ਸੰਸਕਾਰ ਲਈ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।