ਧਨੇਰ ਦੀ ਸਜ਼ਾ ਰੱਦ ਕਰਵਾਉਣ ਲਈ ਆਰੰਭ ਕਰਾਂਗੇ ਤਿੱਖਾ ਸੰਘਰਸ਼ : ਬੁਰਜਗਿੱਲ

09/22/2018 9:17:15 AM

ਬੁਢਲਾਡਾ(ਮਨਜੀਤ)— ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਜ਼ਿਲਾ ਮਾਨਸਾ ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ ਗੁਰਨੇ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੂੰ ਪੁਲਸ ਤੇ ਸਿਆਸੀ ਗਠਜੋੜ ਨੇ ਸਾਜ਼ਿਸ਼ ਤਹਿਤ ਝੂਠੇ ਕਤਲ ਕੇਸ 'ਚ ਉਮਰ ਭਰ ਦੀ ਸਜ਼ਾ ਸੁਣਾਈ ਹੋਈ ਹੈ, ਜਿਸ ਖਿਲਾਫ਼ ਜਨਤਕ ਤੇ ਜਮਹੂਰੀ ਜਥੇਬੰਦੀਆਂ ਨੇ ਮਿਲ ਕੇ ਇਹ ਸਜ਼ਾ ਰੱਦ ਕਰਵਾਉਣ ਲਈ ਸੰਘਰਸ਼ ਸ਼ੁਰੂ ਕੀਤਾ ਹੋਇਆ ਹੈ।

ਉਨ੍ਹਾਂ ਕਿਹਾ ਕਿ ਸਜ਼ਾ ਰੱਦ ਕਰਵਾਉਣ ਲਈ ਇਕ ਕੇਸ ਗਵਰਨਰ ਪੰਜਾਬ ਕੋਲ ਪਿਆ ਹੈ। ਗਵਰਨਰ ਦੀ ਇਸ ਕੇਸ ਸਬੰਧੀ ਚੁੱਪ ਖ਼ਤਮ ਕਰਵਾਉਣ ਲਈ 2 ਅਕਤੂਬਰ ਨੂੰ ਬਰਨਾਲੇ ਦੀ ਅਨਾਜ ਮੰਡੀ ਵਿਚ ਵਿਸ਼ਾਲ ਇਕੱਠ ਕੀਤਾ ਜਾਵੇਗਾ, ਜਿਸ 'ਚ ਪੂਰੇ ਮਾਲਵੇ ਦੇ ਲੋਕ ਪਰਿਵਾਰਾਂ ਸਮੇਤ ਸ਼ਾਮਲ ਹੋਣਗੇ। ਇਸ ਸਮੇਂ ਜਥੇਬੰਦੀ ਦੇ ਹੋਰ ਵੱਖ-ਵੱਖ ਬੁਲਾਰਿਆਂ ਦਾ ਕਹਿਣਾ ਸੀ ਕਿ ਜੇਕਰ ਫਿਰ ਵੀ ਕਿਸਾਨ ਆਗੂ ਮਨਜੀਤ ਸਿੰਘ ਦੀ ਸਜ਼ਾ ਰੱਦ ਨਾ ਕੀਤੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕਰ ਦਿੱਤਾ ਜਾਵੇਗਾ। ਇਸ ਮੌਕੇ ਜਥੇਬੰਦੀ ਵੱਲੋਂ ਇਕ ਵਖਰੇ ਮੱਤੇ ਰਾਹੀਂ ਮੀਟਿੰਗ ਵਿਚ 11 ਅਕਤੂਬਰ ਨੂੰ ਬੀਰੋਕੇ ਗੋਲੀ ਕਾਂਡ ਦੇ ਸ਼ਹੀਦ ਕਿਸਾਨ ਆਗੂ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੀ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਚੱਕ ਅਲੀਸ਼ੇਰ ਵਿਖੇ ਸੂਬਾ ਪੱਧਰੀ ਇਕੱਠ ਕਰ ਕੇ ਮਨਾਉਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਪੰਜਾਬ ਤੇ ਕੇਂਦਰ ਸਰਕਾਰਾਂ ਦੀਆਂ ਲੋਕ ਵਿਰੋਧੀ ਤੇ ਕਿਸਾਨ ਵਿਰੋਧੀ ਨੀਤੀਆਂ ਦੀ ਜੰਮ ਕੇ ਆਲੋਚਨਾ ਕੀਤੀ। ਇਸ ਮੀਟਿੰਗ ਨੂੰ ਸੰਬੋਧਨ ਕਰਨ ਵਾਲਿਆਂ 'ਚ ਮੁੱਖ ਤੌਰ 'ਤੇ ਸੂਬਾ ਕਮੇਟੀ ਮੈਂਬਰ ਕੁਲਵੰਤ ਕਿਸ਼ਨਗੜ੍ਹ, ਜ਼ਿਲਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ, ਸੀਨੀਅਰ ਮੀਤ ਪ੍ਰਧਾਨ ਗੁਰਜੰਟ ਸਿੰਘ ਮਘਾਣੀਆਂ ਆਦਿ ਸ਼ਾਮਲ ਸਨ।


Related News