ਖਜ਼ਾਨਾ ਖ਼ਾਲੀ ਹੈ ਤਾਂ ਮਨਪ੍ਰੀਤ ਸਿੰਘ ਬਾਦਲ ਅਸਤੀਫਾ ਦੇ ਕੇ ਘਰ ਬੈਠ ਜਾਣ: ਢਿੱਲਵਾਂ

07/19/2020 6:17:39 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ): ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ. ਅਧਿਆਪਕ ਯੂਨੀਅਨ, ਪੰਜਾਬ ਨੇ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਜਾਰੀ ਕੀਤੇ ਪੱਤਰ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਪੰਜਾਬ ਦੇ ਮੁਲਾਜ਼ਮਾਂ, ਕੱਚੇ ਮੁਲਾਜ਼ਮਾਂ ਅਤੇ ਬੇਰੁਜ਼ਗਾਰਾਂ ਨਾਲ ਜਿਹੜੇ ਵਾਅਦੇ ਕਰਕੇ 2017 ਦੀ ਵਿਧਾਨ-ਸਭਾ ਚੋਣ ਜਿੱਤ ਕੇ ਸਰਕਾਰ ਦਾ ਗਠਨ ਕੀਤਾ ਗਿਆ ਸੀ, ਉਹ ਵਾਅਦੇ ਪਰਾਂ ਸੁੱਟਦਿਆਂ ਮੁਲਾਜ਼ਮਾਂ ਦੀ ਸੰਘੀ ਘੁੱਟੀ ਜਾ ਰਹੀ ਹੈ। ਪੰਜਾਬ ਸਰਕਾਰ ਦੇ ਤਨਖਾਹ ਸਕੇਲਾਂ ਨੂੰ ਤਿਲਾਂਜਲੀ ਦੇ ਕੇ ਕੇਂਦਰ ਸਰਕਾਰ ਦੇ ਪੈਟਰਨ ਅਨੁਸਾਰ ਤਨਖਾਹ ਸਕੇਲ ਦੇਣ ਦਾ ਪੱਤਰ 17 ਜੁਲਾਈ ਨੂੰ ਵਿੱਤ ਵਿਭਾਗ ਵਲੋਂ ਜਾਰੀ ਕੀਤਾ ਗਿਆ ਹੈ, ਜੋ ਕਿ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਅਤੇ ਸਰਕਾਰੀ ਅਦਾਰਿਆਂ ਲਈ ਖਤਰੇ ਦੀ ਘੰਟੀ ਹੈ। ਖਾਸ ਤੌਰ 'ਤੇ ਨਵੀਆਂ ਭਰਤੀਆਂ ਇਸ ਫੈਸਲੇ ਨਾਲ ਪ੍ਰਭਾਵਿਤ ਹੋਣਗੀਆਂ। ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਢਿੱਲਵਾਂ ਨੇ ਕਿਹਾ ਕਿ ਜੇਕਰ ਖਜ਼ਾਨਾ ਖ਼ਾਲੀ ਹੋਣ ਦੀ ਬਹਾਨੇਬਾਜ਼ੀ ਨਾਲ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਜਿਹੀਆਂ ਮਾਰੂ ਨੀਤੀਆਂ ਘੜ ਰਹੇ ਹਨ, ਤਾਂ ਉਨ੍ਹਾਂ ਨੂੰ ਅਸਤੀਫਾ ਦਿੰਦਿਆਂ ਘਰ ਬਹਿ ਜਾਣਾ ਚਾਹੀਦਾ ਹੈ।


Shyna

Content Editor

Related News