ਆਵਾਰਾ ਪਸ਼ੂ ਸੰਘਰਸ਼ ਕਮੇਟੀ ਨੇ ਰਣਇੰਦਰ ਸਿੰਘ ਨੂੰ ਦਿੱਤਾ ਮੰਗ ਪੱਤਰ

10/14/2019 4:57:27 PM

ਮਾਨਸਾ (ਸੰਦੀਪ ਮਿੱਤਲ) : ਸਥਾਨਕ ਸ਼ਹਿਰ 'ਚ ਆਵਾਰਾ ਪਸ਼ੂਆਂ ਦੇ ਹੱਲ ਲਈ ਆਵਾਰਾ ਪਸ਼ੂ ਸੰਘਰਸ਼ ਕਮੇਟੀ ਵਲੋਂ ਲਗਾਇਆ ਧਰਨਾ ਜਿੱਥੇ ਅੱਜ 32ਵੇਂ ਦਿਨ ਵਿਚ ਦਾਖਲ ਹੋ ਗਿਆ ਹੈ, ਉਥੇ ਹੀ ਸੰਘਰਸ਼ ਕਮੇਟੀ ਦੇ ਆਗੂ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਟਿੱਕੂ ਨੂੰ ਮਿਲੇ। ਇਸ ਮੌਕੇ ਸੰਘਰਸ਼ ਕਮੇਟੀ ਆਗੂ ਬੱਬੀ ਦਾਨੇਵਾਲੀਆ, ਪ੍ਰੇਮ ਅਗਰਵਾਲ, ਬਲਵਿੰਦਰ ਸਿੰਘ ਕਾਕਾ ਆਦਿ ਨੇ ਰਣਇੰਦਰ ਸਿੰਘ ਨੂੰ ਮੰਗ ਪੱਤਰ ਦਿੰਦਿਆਂ ਸਮੁੱਚੇ ਪੰਜਾਬ ਵਿਚ ਅਵਾਰਾ ਪਸ਼ੂਆਂ ਦਾ ਹੱਲ ਕਰਨ, ਆਵਾਰਾ ਪਸ਼ੂਆਂ ਨਾਲ ਮੌਤ ਦੇ ਮੂੰਹ ਵਿਚ ਜਾ ਚੁੱਕੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ, ਕਾਨੂੰਨ ਵਿਚ ਸੋਧ ਕਰਕੇ ਅਮਰੀਕੀ ਢੱਠਿਆਂ ਨੂੰ ਖਰੀਦਣ ਵੇਚਣ ਦੀ ਖੁੱਲ੍ਹ•ਦੇਣ ਅਤੇ ਮਾਨਸਾ ਸ਼ਹਿਰ ਵਿਚ ਤੁਰੰਤ ਹੱਡਾ ਰੋੜੀ ਬਣਾਉਣ ਦੀ ਮੰਗ ਕੀਤੀ ਹੈ।

ਇਸ ਮੌਕੇ ਰਣਇੰਦਰ ਸਿੰਘ ਨੇ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਜਲਦੀ ਹੀ ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲ ਕਰਕੇ ਉਨ੍ਹਾਂ ਦੀਆਂ ਮੰਗਾਂ ਮੰਨਵਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀਆਂ ਦੇ ਅਧਾਰਿਤ ਸਬ ਕਮੇਟੀ ਕਾਇਮ ਕਰ ਦਿੱਤੀ ਗਈ ਹੈ, ਜੋ ਜਲਦ ਹੀ ਆਵਾਰਾ ਪਸ਼ੂਆਂ ਦੇ ਹੱਲ ਲਈ ਯੋਗ ਕਦਮ ਚੁੱਕੇਗੀ। ਉਨ੍ਹਾਂ ਇਹ ਵੀ ਵਿਸ਼ਵਾਸ਼ ਦਿਵਾਇਆ ਕਿ ਉਹ ਜਲਦ ਹੀ ਮਾਨਸਾ ਆ ਕੇ ਇਸ ਸਮੱਸਿਆ ਦੇ ਹੱਲ ਲਈ ਯੋਗ ਕਦਮ ਪੁੱਟਣਗੇ। ਇਸ ਮੌਕੇ ਮੁੱਖ ਮੰਤਰੀ ਦੇ ਆਫਸ ਸਕੱਤਰ ਅੰਮ੍ਰਿਤਾ ਗਿੱਲ, ਪੰਜਾਬ ਮੰਡੀਬੋਰਡ ਦੇ ਚੇਅਰਮੈਨ ਲਾਲ ਸਿੰਘ, ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ, ਜ਼ਿਲਾ ਪੁਲਸ ਮੁਖੀ ਡਾ. ਨਰਿੰਦਰ ਭਾਰਗਵ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਤੋਂ ਇਲਾਵਾ ਸੰਘਰਸ਼ ਕਮੇਟੀ ਦੇ ਬਿੱਕਰ ਮੰਘਾਣੀਆ, ਜਤਿੰਦਰ ਆਗਰਾ, ਜਸਵੀਰ ਕੌਰ ਨੱਤ, ਰੁਲਦੂ ਸਿੰਘ ਵੀ ਹਾਜ਼ਰ ਸਨ।


cherry

Content Editor

Related News