ਬਠਿੰਡਾ : ਰੇਟ ਸਹੀ ਨਾ ਮਿਲਣ ਕਾਰਨ ਕਿਸਾਨਾਂ ਨੇ DC ਦਫਤਰ ਅੱਗੇ ਫੂਕਿਆ ਨਰਮਾ

10/12/2019 4:30:20 PM

ਮਾਨਸਾ (ਸੰਦੀਪ ਮਿੱਤਲ) : ਨਰਮੇ ਦੀ ਫਸਲ ਦੀ ਖਰੀਦ ਸਮੇਂ ਕਿਸਾਨਾਂ ਦੀ ਕੀਤੀ ਜਾਂਦੀ ਲੁੱਟ ਖਿਲਾਫ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਕਿਸਾਨਾਂ ਨੇ ਮਾਨਸਾ ਵਿਚ ਸਰਕਾਰ ਖਿਲਾਫ ਮੁਜ਼ਾਹਰਾ ਕਰਕੇ ਡੀ.ਸੀ. ਦਫ਼ਤਰ ਅੱਗੇ ਨਰਮਾ ਫੂਕ ਕੇ ਰੋਸ ਪ੍ਰਗਟ ਕੀਤਾ।

ਨਰਮੇ ਦੀ ਢੇਰੀ ਨੂੰ ਅੱਗ ਲਾਉਂਣ ਸਮੇਂ ਜਥੇਬੰਦੀ ਦੇ ਜ਼ਿਲਾ ਮਾਨਸਾ ਦੇ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਸਦਕਾ ਅੱਜ ਨਰਮਾ ਉਤਪਾਦਕ ਕਿਸਾਨਾਂ ਨੂੰ ਸ਼ਰੇਆਮ ਮੰਡੀਆਂ ਵਿਚ ਲੁੱਟਿਆ ਜਾ ਰਿਹਾ ਹੈ। ਕਿਸਾਨ ਆਗੂ ਨੇ ਕਿਹਾ ਕਿ ਸਵਾਮੀ ਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਸਾਰੇ ਲਾਗਤ ਖਰਚੇ ਜੋੜ ਕੇ ਨਰਮੇ ਦਾ ਰੇਟ 8200 ਰੁਪਏ ਪ੍ਰਤੀ ਕੁਇੰਟਲ ਬਣਦਾ ਹੈ, ਜਦਕਿ ਕੇਂਦਰ ਸਰਕਾਰ ਵੱਲੋਂ ਇਹ ਰੇਟ ਦੇਣ ਦੀ ਬਜਾਏ ਸਿਰਫ 5450 ਰੁਪਏ ਪ੍ਰਤੀ ਕੁਇੰਟਲ ਨਰਮੇ ਦੀ ਫਸਲ ਦਾ ਰੇਟ ਤੈਅ ਕੀਤਾ ਗਿਆ ਹੈ ਪਰ ਹੁਣ ਮੰਡੀਆਂ ਵਿਚ ਫਸਲ ਦੀ ਖਰੀਦ ਸਮੇਂ ਇਹ ਵੀ ਕਿਸਾਨਾਂ ਨੂੰ ਪੂਰਾ ਨਹੀਂ ਦਿੱਤਾ ਜਾਂਦਾ। ਸਰਕਾਰੀ ਖਰੀਦ ਏਜੰਸੀਆਂ ਦੇ ਮੰਡੀਆਂ ਵਿਚ ਨਾ ਆਉਣ ਕਾਰਨ ਵਪਾਰੀ ਵਰਗ ਮਨ-ਮਰਜੀ ਨਾਲ ਨਰਮੇ ਦਾ ਰੇਟ 4600-4700 ਰੁਪਏ ਤੋਂ ਵੱਧ ਨਹੀਂ ਦੇ ਰਹੇ। ਉਨ੍ਹਾਂ ਮੰਗ ਕੀਤੀ ਕਿ ਸਰਕਾਰੀ ਖਰੀਦ ਏਜੰਸੀਆਂ ਨੂੰ ਤੁਰੰਤ ਮੰਡੀਆਂ ਵਿਚ ਭੇਜ ਕੇ ਨਰਮੇ ਦੀ ਸਰਕਾਰੀ ਖਰੀਦ ਸ਼ੁਰੂ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਸਰਕਾਰ ਵੱਲੋਂ ਤੈਅ ਕੀਤਾ ਨਰਮੇ ਦਾ ਰੇਟ ਦਿੱਤਾ ਜਾਵੇ। ਇਸ ਮੌਕੇ ਮਹਿੰਦਰ ਸਿੰਘ ਰੁਮਾਣਾ, ਇੰਦਰਜੀਤ ਸਿੰਘ ਝੱਬਰ, ਜੋਗਿੰਦਰ ਸਿੰਘ ਦਿਆਲਪੁਰਾ ਆਦਿ ਨੇ ਵੀ ਸੰਬੋਧਨ ਕੀਤਾ।


cherry

Content Editor

Related News