ਪਰਾਲੀ ਸਾੜਨ ''ਤੇ ਦਰਜ ਕੀਤੇ ਮਾਮਲੇ ਰੱਦ ਕਰਾਉਣ ਲਈ ਕਿਸਾਨਾਂ ਨੇ ਲਾਇਆ ਧਰਨਾ

01/20/2020 3:59:43 PM

ਮਾਨਸਾ/ਬਠਿੰਡਾ(ਅਮਰਜੀਤ,ਕੁਨਾਲ) : ਮਜਬੂਰੀ ਵੱਸ ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਦਰਜ ਕੀਤੇ ਪੁਲਸ ਕੇਸ ਅਤੇ ਕਰੋੜਾਂ ਰੁਪਏ ਦੇ ਪਾਏ ਜ਼ੁਰਮਾਨੇ ਰੱਦ ਕਰਨ ਦੀ ਮੰਗ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਮਾਨਸਾ ਅਤੇ ਬਠਿੰਡਾ ਦੇ ਦਫਤਰ ਨੇੜੇ ਤਿੰਨ ਰੋਜ਼ਾ ਦਿਨ-ਰਾਤ ਦਾ ਧਰਨਾ ਸ਼ੁਰੂ ਕਰ ਦਿੱਤਾ ਹੈ।

PunjabKesari

ਇਸ ਮੌਕੇ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਸੂਬੇ ਦੇ ਲੱਗਭਗ 50,000 ਕਿਸਾਨਾਂ ਨੂੰ ਪੁਲਸ ਦੇ ਰਿਕਾਰਡ ਵਿਚ ਮੁਜ਼ਰਿਮ ਕਰਾਰ ਦਿੱਤਾ ਹੈ ਅਤੇ ਉਨ੍ਹਾਂ ਦੀਆਂ ਜ਼ਮੀਨਾਂ ਨੂੰ ਰੈੱਡ ਲਾਈਨ ਅਧੀਨ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪੁਲਸ ਕੇਸ ਅਤੇ ਜ਼ੁਰਮਾਨੇ ਰੱਦ ਕੀਤੇ ਜਾਣ, ਪਰਾਲੀ ਦਾ ਕੋਈ ਢੁੱਕਵਾਂ ਹੱਲ ਕੀਤਾ ਜਾਵੇ ਅਤੇ ਜਿਨ੍ਹਾਂ ਕਿਸਾਨਾਂ ਨੇ ਬਿਨਾਂ ਪਰਾਲੀ ਸਾੜੇ ਕਣਕ ਬੀਤੀ ਹੈ, ਉਸ ਨੂੰ ਸੁੰਡੀ ਨੇ ਬਰਬਾਦ ਕਰ ਦਿੱਤਾ ਹੈ, ਕਣਕ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਵੀ ਤੁਰੰਤ ਪੀੜਤ ਕਿਸਾਨਾਂ ਨੂੰ ਦਿੱਤਾ ਜਾਵੇ, ਕਿਸਾਨਾਂ ਦੇ ਸਾਰੇ ਕਰਜ਼ੇ ਖਤਮ ਕੀਤੇ ਜਾਣ, ਫਸਲਾਂ ਦੇ ਭਾਅ ਸੁਆਮੀ ਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਤੈਅ ਕੀਤੇ ਜਾਣ, ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ, ਢਾਈ ਏਕੜ ਵਾਲੇ ਰਹਿੰਦੇ ਕਿਸਾਨਾਂ ਨੂੰ ਮੋਟਰ ਕੁਨੈਕਸ਼ਨ ਤੁਰੰਤ ਦਿੱਤੇ ਜਾਣ, ਨੌਜਵਾਨਾਂ ਲਈ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਮਹਿੰਦਰ ਸਿੰਘ ਰੋਮਾਣਾ, ਇੰਦਰਜੀਤ ਸਿੰਘ ਝੱਬਰ, ਜੋਗਿੰਦਰ ਸਿੰਘ ਦਿਆਲਪੁਰਾ, ਭੋਲਾ ਸਿੰਘ ਮਾਖਾ ਆਦਿ ਨੇ ਵੀ ਸੰਬੋਧਨ ਕੀਤਾ।


cherry

Content Editor

Related News