ਸਰਕਾਰੀ ਹੁਕਮਾਂ ਨੂੰ ਠੇਂਗਾ ਵਿਖਾਉਂਦਿਆਂ ਕਿਸਾਨਾਂ ਨੇ ਪਰਾਲੀ ਨੂੰ ਲਾਈ ਅੱਗ

10/16/2019 6:06:53 PM

ਮਾਨਸਾ (ਅਮਰਜੀਤ) - ਮਾਨਸਾ ਦੇ ਪਿੰਡ ਭੈਣੀ ਭਾਗਾ ਵਿਖੇ ਸਰਕਾਰੀ ਹੁਕਮਾਂ ਨੂੰ ਠੇਂਗਾ ਵਿਖਾਉਂਦੇ ਹੋਏ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਕਾਰਕੁੰਨਾਂ ਨਾਲ ਮਿਲ ਕੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀ ਸੂਚਨਾ ਮਿਲੀ ਹੈ। ਇਸ ਦੌਰਾਨ ਕਿਸਾਨਾਂ ਨੇ ਰੋਹ 'ਚ ਆ ਕੇ ਸੂਬਾ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ । ਜਾਣਕਾਰੀ ਅਨੁਸਾਰ ਸੂਬਾ ਸਰਕਾਰ ਵਲੋਂ ਵਾਤਾਵਰਣ ਪ੍ਰਦੂਸ਼ਿਤ ਹੋਣ ਦੇ ਚੱਲਦਿਆਂ ਪਰਾਲੀ ਨੂੰ ਅੱਗ ਲਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਾਈ ਗਈ ਹੈ। ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਸਰਕਾਰ ਵਲੋਂ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ, ਜਿਸ ਦੇ ਬਾਵਜੂਦ ਕਿਸਾਨ ਪਰਾਲੀ ਨੂੰ ਅੱਗ ਲਾਉਣ 'ਤੇ ਅੜੇ ਹੋਏ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲਾ ਕਮੇਟੀ ਮੈਂਬਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਤਾਂ ਪਹਿਲਾਂ ਹੀ ਕਰਜ਼ੇ ਦੇ ਬੋਝ ਥੱਲੇ ਦੱਬਿਆ ਪਿਆ ਹੈ, ਜੇਕਰ ਉਹ ਪਰਾਲੀ ਨੂੰ ਜ਼ਮੀਨ 'ਚ ਵਾਹੇਗਾ ਤਾਂ ਉਸ ਦਾ ਪ੍ਰਤੀ ਏਕੜ ਹਜ਼ਾਰਾਂ ਰੁਪਏ ਖਰਚ ਆ ਜਾਵੇਗਾ, ਜਿਸ ਕਾਰਨ ਉਹ ਕਰਜ਼ੇ ਦੇ ਜਾਲ 'ਚ ਹੋਰ ਫਸੇਗਾ।

ਉਨ੍ਹਾਂ ਦੱਸਿਆ ਕਿ ਜੇਕਰ ਸਰਕਾਰ ਸੱਚਮੁੱਚ ਪਰਾਲੀ ਨੂੰ ਅੱਗ ਲਾਉਣ ਤੋਂ ਕਿਸਾਨਾਂ ਨੂੰ ਰੋਕਣਾ ਚਾਹੁੰਦੀ ਹੈ ਤਾਂ ਉਹ ਪ੍ਰਤੀ ਏਕੜ 6 ਹਜ਼ਾਰ ਦੇ ਹਿਸਾਬ ਨਾਲ ਕਿਸਾਨਾਂ ਨੂੰ ਮੁਆਵਜ਼ਾ ਦੇਵੇ ਪਰ ਸਰਕਾਰ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਲਈ ਸਿਰਫ ਗੱਲਬਾਤ ਨਾਲ ਸਾਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਜਾਂਦਾ ਤਾਂ ਕਿਸਾਨ ਯੂਨੀਅਨ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਹਵਾਲੇ ਕਰ ਦਿੱਤਾ ਜਾਵੇਗਾ।

rajwinder kaur

This news is Content Editor rajwinder kaur