ਪੱਛੜੀਆਂ ਸ਼੍ਰੇਣੀਆਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਕਦਮ ਚੁੱਕਣ ਦੀ ਲੋੜ

01/28/2020 3:51:40 PM

ਚੰਡੀਗੜ੍ਹ (ਸ਼ਰਮਾ) : ਕੌਮੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਵਲੋਂ ਇਥੇ ਯੂ. ਟੀ. ਗੈਸਟ ਹਾਊਸ ਵਿਖੇ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਕੌਮੀ ਕਮਿਸ਼ਨ ਨੇ ਪੱਛੜੀਆਂ ਸ਼੍ਰੇਣੀਆਂ ਦੇ ਸਮਾਜਿਕ, ਆਰਥਿਕ ਅਤੇ ਵਿੱਦਿਅਕ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਕਦਮ ਚੁੱਕਣ 'ਤੇ ਜ਼ੋਰ ਦਿੱਤਾ। ਕੌਮੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਭਗਵਾਨ ਲਾਲ ਸਾਹਨੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ 'ਚ ਕਮਿਸ਼ਨ ਦੇ ਵਾਈਸ ਚੇਅਰਮੈਨ ਲੋਕੇਸ਼ ਪ੍ਰਜਾਪਤੀ, ਮੈਂਬਰ ਡਾ. ਸੁਧਾ ਯਾਦਵ, ਕੌਸ਼ਲਿਦਰਾ ਸਿੰਘ ਪਟੇਲ ਆਦਿ ਹਾਜ਼ਰ ਸਨ। ਇਸ ਮੌਕੇ ਪੰਜਾਬ ਸਰਕਾਰ ਵਲੋਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਆਰ. ਵੈਂਕਟ ਰਤਨਮ, ਡਾਇਰੈਕਟਰ ਦਵਿੰਦਰ ਸਿੰਘ, ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਸਰਵਣ ਸਿੰਘ, ਮੈਂਬਰ ਸਕੱਤਰ ਭੁਪਿੰਦਰ ਸਿੰਘ, ਏ.ਡੀ.ਜੀ.ਪੀ. (ਕ੍ਰਾਈਮ) ਗੁਰਪ੍ਰੀਤ ਦਿਓ, ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਆਦਿ ਹਾਜ਼ਰ ਸਨ।

ਆਰ. ਵੈਂਕਟਰਤਨਮ ਨੇ ਕੌਮੀ ਕਮਿਸ਼ਨ ਨੂੰ ਪੰਜਾਬ ਰਾਜ ਦੀਆਂ ਪੱਛੜੀਆਂ ਸ੍ਰੇਣੀਆਂ ਦੇ ਸਮਾਜਿਕ ਆਰਥਿਕ ਅਤੇ ਵਿੱਦਿਅਕ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸੂਬਾ ਸਰਕਾਰ ਵਲੋਂ ਪੱਛੜੇ ਵਰਗਾਂ ਦੀਆਂ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵੀ ਚਾਨਣਾ ਪਾਇਆ। ਕੌਮੀ ਕਮਿਸ਼ਨ ਨੇ ਸੂਬਾ ਅਧਿਕਾਰੀਆਂ ਨੂੰ ਪੱਛੜੀਆਂ ਸ਼੍ਰੇਣੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਮੇਂ-ਸਮੇਂ 'ਤੇ ਵਿਸ਼ੇਸ਼ ਸੈਮੀਨਾਰ ਜਾਂ ਕੈਂਪਾਂ ਦਾ ਆਯੋਜਨ ਕਰਨ ਲਈ ਕਿਹਾ ਤਾਂ ਜੋ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ।


Anuradha

Content Editor

Related News