ਮੋਗਾ ਪੁਲਸ ਵਲੋਂ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਇਕ ਕਾਬੂ
Friday, Feb 20, 2026 - 06:23 PM (IST)
ਮੋਗਾ (ਕਸ਼ਿਸ਼ ਸਿੰਗਲਾ) : ਜ਼ਿਲਾ ਪੁਲਸ ਮੁਖੀ ਨੇ ਦੱਸਿਆ ਕਿ ਮਾੜੇ ਅਨਸਰਾਂ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹਾਂ ਨੂੰ ਬੇਨਕਾਬ ਅਤੇ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਥਾਣਾ ਅਜੀਤਵਾਲ ਪੁਲਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਇਕ ਪੰਜ ਮੈਂਬਰੀ ਗਿਰੋਹ ਨੂੰ ਬੇਨਕਾਬ ਕਰਕੇ ਇਕ ਵਿਅਕਤੀ ਨੂੰ ਕਾਬੂ ਕੀਤਾ। ਇਸ ਸਬੰਧ ਵਿਚ ਅਗਲੇਰੀ ਜਾਣਕਾਰੀ ਦਿੰਦਿਆਂ ਡੀਐੱਸਪੀ ਅਨਵਰ ਅਲੀ ਨੇ ਦੱਸਿਆ ਕਿ ਪਿੰਡ ਕੋਕਰੀ ਕਲਾਂ ਨਿਵਾਸੀ ਕੁਲਵਿੰਦਰ ਸਿੰਘ ਜੋ ਪਿੰਡ ਤਲਵੰਡੀ ਮੱਲੀਆਂ ਵਿਖੇ ਇਲੈਕਟ੍ਰੀਸ਼ਨ ਦੀ ਦੁਕਾਨ ਕਰਦਾ ਹੈ, ਜਦੋਂ ਉਹ 16 ਫਰਵਰੀ ਨੂੰ ਆਪਣੀ ਦੁਕਾਨ ਬੰਦ ਕਰ ਕੇ ਮੋਟਰ ਸਾਈਕਲ ’ਤੇ ਘਰ ਜਾ ਰਿਹਾ ਸੀ ਤਾਂ ਰਸਤੇ ਵਿਚ ਕਾਰ ਸਵਾਰ ਹਥਿਆਰਬੰਦ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਅਤੇ ਜਾਨੋਂ ਮਾਰਨ ਦੀ ਧਮਕੀ ਦੇਕੇ ਉਸ ਕੋਲੋਂ 2500 ਰੁਪਏ ਨਗਦ, ਦੋ ਮੋਬਾਇਲ ਫੋਨ ਅਤੇ ਅਧਾਰ ਕਾਰਡ ਖੋਹ ਕੇ ਫਰਾਰ ਹੋ ਗਏ ਜਿਸ ’ਤੇ ਅਜੀਤਵਾਲ ਪੁਲਸ ਵਲੋਂ ਕੁਲਵਿੰਦਰ ਸਿੰਘ ਦੇ ਬਿਆਨਾਂ ’ਤੇ ਮਾਮਲਾ ਦਰਜ ਕੀਤਾ ਗਿਆ ਹੈ।
ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਥਾਣਾ ਮੁਖੀ ਰਾਜ ਸਿੰਘ ਨੇ ਜਦੋਂ ਲੁੱਟਖੋਹ ਕਰਨ ਵਾਲੇ ਗਿਰੋਹ ਨੂੰ ਕਾਬੂ ਕਰਨ ਦੇ ਲਈ ਇਲਾਕੇ ਵਿਚ ਗਸਤ ਕਰ ਰਹੇ ਸੀ ਤਾਂ ਪੁਲਸ ਨੇ ਉਕਤ ਮਾਮਲੇ ਵਿਚ ਸੁਖਵਿੰਦਰ ਸਿੰਘ ਉਰਫ ਹੈਪੀ ਲੰਗੜਾ, ਰਣਜੀਤ ਸਿੰਘ ਉਰਫ ਗੌਂਡਾ, ਵਿਕਰਮਜੀਤ ਸਿੰਘ ਉਰਫ ਵਿੱਕੀ, ਮਨਪ੍ਰੀਤ ਸਿੰਘ ਉਰਫ ਮਨੀ ਉਰਫ ਘੰਡਾ ਅਤੇ ਪ੍ਰਭਦੀਪ ਸਿੰਘ ਉਰਫ ਆਸ਼ਿਕ ਸਾਰੇ ਨਿਵਾਸੀ ਪਿੰਡ ਭਿੰਡਰ ਖੁਰਦ ਨੂੰ ਨਾਮਜ਼ਦ ਕਰ ਕੇ ਉਨ੍ਹਾਂ ਦੇ ਇਕ ਸਾਥੀ ਵਿਕਰਮਜੀਤ ਸਿੰਘ ਉਰਫ ਵਿੱਕੀ ਨੂੰ ਕਾਬੂ ਕੀਤਾ ਅਤੇ ਉਸ ਕੋਲੋਂ ਵਾਰਦਾਤ ਸਮੇਂ ਵਰਤੀ ਗਈ ਕਾਰ ਵੀ ਬਰਾਮਦ ਕਰ ਲਈ ਗਈ ਹੈ। ਥਾਣਾ ਮੁਖੀ ਰਾਜ ਸਿੰਘ ਨੇ ਦੱਸਿਆ ਕਿ ਉਕਤ ਗਿਰੋਹ ਦੇ ਦੂਸਰੇ ਮੈਂਬਰਾਂ ਨੂੰ ਕਾਬੂ ਕਰਨ ਦੇ ਲਈ ਉਨ੍ਹਾਂ ਦੇ ਸ਼ੱਕੀ ਟਿਕਾਣਿਆਂ ’ਤੇ ਛਾਪਾਮਾਰੀ ਕੀਤੀ ਜਾ ਰਹੀ ਹੈ, ਜਿਨ੍ਹਾਂ ਦੇ ਜਲਦੀ ਕਾਬੂ ਆ ਜਾਣ ਦੀ ਸੰਭਾਵਨਾਂ ਹੈ।
