ਮੋਗਾ ਪੁਲਸ ਵੱਲੋਂ ਹੈਰੋਇਨ ਸਮੇਤ 2 ਕਾਬੂ
Tuesday, May 12, 2026 - 06:40 PM (IST)
ਮੋਗਾ (ਆਜ਼ਾਦ)- ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਮੋਗਾ ਪੁਲਸ ਨੇ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸਿਟੀ ਜਤਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਥਾਣਾ ਸਿਟੀ ਦੇ ਮੁੱਖ ਅਫਸਰ ਇੰਸਪੈਕਟਰ ਵਰੁਣ ਕੁਮਾਰ ਦੀ ਅਗਵਾਈ ਹੇਠ ਥਾਣੇਦਾਰ ਲਖਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਦੇਰ ਸ਼ਾਮ ਐੱਮ. ਪੀ. ਬਸਤੀ ਲੰਡੇਕੇ ਕੋਲ ਜਾ ਰਹੇ ਸੀ ਤਾਂ ਗੁਪਤ ਸੂਚਨਾ ਦੇ ਆਧਾਰ ’ਤੇ ਕਬੀਰ ਸਿੰਘ ਉਰਫ ਸ਼ਿਵਾ ਨਿਵਾਸੀ ਮੁਹੱਲਾ ਬੇਰੀਆਂ ਵਾਲਾ ਨੂੰ ਕਾਬੂ ਕਰ ਕੇ ਉਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਜਾਂਚ ਅਧਿਕਾਰੀ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਕਥਿਤ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ। ਇਸੇ ਤਰ੍ਹਾਂ ਥਾਣਾ ਕੋਟ ਈਸੇ ਖਾਂ ਅਧੀਨ ਪੈਂਦੀ ਪੁਲਸ ਚੌਕੀ ਦੋਲੇਵਾਲਾ ਦੇ ਇੰਚਾਰਜ ਸਹਾਇਕ ਥਾਣੇਦਾਰ ਜਗਮੋਹਨ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਦੇਰ ਰਾਤ ਨਿਰਮਲ ਸਿੰਘ ਨਿਵਾਸੀ ਪਿੰਡ ਜਲਾਲਵਾਲਾ ਫਿਰੋਜ਼ਪੁਰ ਨੂੰ ਕਾਬੂ ਕਰ ਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਥਿਤ ਮੁਲਜ਼ਮ ਨੂੰ ਪੁੱਛਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ।
