ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਫਾਸਟ ਟਰੈਕ ਅਦਾਲਤਾਂ ਕੀਤੀਆਂ ਜਾਣਗੀਆਂ ਸਥਾਪਤ: ਧਾਲੀਵਾਲ
Thursday, Jan 12, 2023 - 05:34 PM (IST)
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਦੁਨੀਆ ਭਰ 'ਚ ਵਸਦੇ ਪ੍ਰਵਾਸੀ ਪੰਜਾਬੀਆਂ ਦੀਆਂ ਸਾਰੀਆਂ ਜਾਇਜ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੀ ਵਚਨਬੱਧਤਾ ਦੇ ਨਾਲ ਵਿਸ਼ੇਸ਼ ਤੌਰ 'ਤੇ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਕੇਸਾਂ ਲਈ ਹੋਰ ਫਾਸਟ ਟਰੈਕ ਅਦਾਲਤਾਂ ਸਥਾਪਤ ਕਰਨ ਸਬੰਧੀ ਕਾਰਵਾਈ ਆਰੰਭ ਦਿੱਤੀ ਹੈ। ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਇਸ ਸਬੰਧੀ ਕਾਨੂੰਨੀ ਅਤੇ ਹੋਰ ਰੂਪ-ਰੇਖਾ ਉਲੀਕਣ ਬਾਰੇ ਜਲਦ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਮਿਲਣਗੇ।
ਇਹ ਵੀ ਪੜ੍ਹੋ- ਸੰਨੀ ਦਿਓਲ ਦੀ ਹਲਕੇ 'ਚ ਗ਼ੈਰ-ਹਾਜ਼ਰੀ ਤੋਂ ਦੁਖੀ ਲੋਕਾਂ ਨੇ ਕੱਢੀ ਭੜਾਸ, ਵੰਡੇ 'ਲਾਪਤਾ' ਦੇ ਪੋਸਟਰ
ਪੰਜਾਬ ਭਰ 'ਚ ਆਯੋਜਿਤ 'ਪ੍ਰਵਾਸੀ ਪੰਜਾਬੀਆਂ ਨਾਲ ਮਿਲਣੀ' ਪ੍ਰੋਗਰਾਮ ਦੌਰਾਨ ਆਈਆਂ ਸ਼ਿਕਾਇਤਾਂ ਦੀ ਸਥਿਤੀ ਸਬੰਧੀ ਅੱਜ ਇੱਥੇ ਪੰਜਾਬ ਭਵਨ ਵਿਖੇ ਐੱਨ.ਆਰ.ਆਈਜ਼ ਮਾਮਲੇ ਵਿਭਾਗ ਦੇ ਅਧਿਕਾਰੀਆਂ, ਏ.ਡੀ.ਜੀ.ਪੀ. ਐੱਨ.ਆਰ.ਆਈ., ਕਮਿਸ਼ਨਰ ਐੱਨ.ਆਰ.ਆਈ. ਸਭਾ ਨਾਲ ਮੀਟਿੰਗ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਐੱਨ.ਆਰ.ਆਈਜ਼ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਲਈ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕਾਨੂੰਨੀ ਰੂਪ-ਰੇਖਾ ਤਿਆਰ ਸਬੰਧੀ ਜਲਦੀ ਹੀ ਚੀਫ਼ ਜਸਟਿਸ ਨਾਲ ਮੀਟਿੰਗ ਕਰਨਗੇ।
ਕੈਬਨਿਟ ਮੰਤਰੀ ਨੇ ਪ੍ਰਵਾਸੀ ਭਾਰਤੀਆਂ ਨੂੰ ਲੋੜੀਂਦੀ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਕਾਨੂੰਨੀ ਸਲਾਹਕਾਰ ਤਾਇਨਾਤ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਇਨ੍ਹਾਂ ‘ਮਿਲਣੀ ਪ੍ਰੋਗਰਾਮਾਂ’ ਦੌਰਾਨ ਆਈਆਂ ਲਗਭਗ 50 ਫੀਸਦੀ ਸ਼ਿਕਾਇਤਾਂ ਨੂੰ ਪ੍ਰਵਾਸੀ ਭਾਰਤੀਆਂ ਦੇ ਕੇਸਾਂ ਲਈ ਵਿਸ਼ੇਸ਼ ਤੌਰ ’ਤੇ ਨਿਯੁਕਤ ਕੀਤੇ ਗਏ ਨੋਡਲ ਅਫਸਰਾਂ ਰਾਹੀਂ ਹੱਲ ਕਰਨ ਦੇ ਆਦੇਸ਼ ਦਿੱਤੇ।
ਪ੍ਰਵਾਸੀ ਭਾਰਤੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਹਰ ਕਦਮ ਚੁੱਕਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਬੰਧਤ ਡਿਪਟੀ ਕਮਿਸ਼ਨਰ, ਨੋਡਲ ਅਫ਼ਸਰ, ਤਹਿਸੀਲਦਾਰਾਂ ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐੱਸ.ਐੱਚ.ਓਜ਼) ਨੂੰ ਅਰਧ ਸਰਕਾਰੀ (ਡੀ.ਓ.) ਪੱਤਰ ਜਾਰੀ ਕਰਨ ਲਈ ਵੀ ਕਿਹਾ ਤਾਂ ਜੋ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਸਾਰੇ ਮੁੱਦਿਆਂ ਨੂੰ ਸੁਲਝਾਉਣ ਲਈ ਹਰ ਲੋੜੀਂਦੀ ਮਦਦ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਬੰਧਤ ਐੱਨ.ਆਰ.ਆਈਜ਼ ਨੋਡਲ ਅਫ਼ਸਰਾਂ ਬਾਰੇ ਉਨ੍ਹਾਂ ਦੇ ਸੰਪਰਕ ਵੇਰਵਿਆਂ ਨਾਲ ਜ਼ਿਲ੍ਹਾ ਵਾਰ ਜਾਣਕਾਰੀ ਦੇਣ ਲਈ ਵੀ ਕਿਹਾ।
ਇਹ ਵੀ ਪੜ੍ਹੋ- ਕੇਂਦਰ ਦੇ ਸਿੱਖ ਫ਼ੌਜੀਆਂ ਲਈ ਹੈਲਮੈਟ ਦੇ ਫ਼ੈਸਲੇ ਖ਼ਿਲਾਫ਼ ਜਥੇਦਾਰ ਹਰਪ੍ਰੀਤ ਸਿੰਘ ਦਾ ਤਿੱਖਾ ਪ੍ਰਤੀਕਰਮ
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਵੱਖ-ਵੱਖ ਪੱਧਰਾਂ 'ਤੇ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਦੇ ਹੱਲ ਲਈ ਕਾਨੂੰਨੀ ਮਾਹਿਰਾਂ ਦਾ ਪੈਨਲ ਵੀ ਗਠਿਤ ਕੀਤਾ ਜਾਵੇਗਾ। ਉਨ੍ਹਾਂ ‘ਐੱਨ.ਆਰ.ਆਈਜ਼ ਮਿਲਣੀ ਪ੍ਰੋਗਰਾਮ’ ਦੌਰਾਨ ਹੱਲ ਕੀਤੇ ਗਏ ਕੇਸਾਂ ਬਾਰੇ ਅਧਿਕਾਰੀਆਂ ਤੋਂ ਰਿਪੋਰਟ ਵੀ ਤਲਬ ਕੀਤੀ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।