ਮੋਟਰਸਾਈਕਲ ਅਤੇ ਈ-ਰਿਕਸ਼ਾ ਵਿਚਕਾਰ ਜ਼ਬਰਦਸਤ ਟੱਕਰ, ਲੱਗੀ ਅੱਗ
Tuesday, Sep 08, 2026 - 05:48 PM (IST)
ਮੋਗਾ (ਆਜ਼ਾਦ) : ਮੋਗਾ ਦੇ ਜ਼ੀਰਾ ਰੋਡ ’ਤੇ ਮੋਟਰਸਾਈਕਲ ਅਤੇ ਈ-ਰਿਕਸ਼ਾ ਵਿਚਕਾਰ ਹੋਈ ਜ਼ਬਰਦਸਤ ਟੱਕਰ ਦੌਰਾਨ ਈ-ਰਿਕਸ਼ਾ ਪਲਟ ਗਿਆ, ਜਦਕਿ ਮੋਟਰਸਾਈਕਲ ਨੂੰ ਅਚਾਨਕ ਅੱਗ ਲੱਗਣ ਕਾਰਨ ਉਹ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਮੋਗਾ ਦੇ ਮੁਲਾਜ਼ਮ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਮੋਟਰਸਾਈਕਲ ਨੂੰ ਲੱਗੀ ਅੱਗ ’ਤੇ ਕਾਬੂ ਪਾਇਆ। ਅੱਗ ਦੀ ਲਪੇਟ ਵਿਚ ਆਉਣ ਕਾਰਨ ਮੋਟਰਸਾਈਕਲ ਪੂਰੀ ਤਰ੍ਹਾਂ ਨਸ਼ਟ ਹੋ ਗਿਆ। ਫਾਇਰ ਬ੍ਰਿਗੇਡ ਅਧਿਕਾਰੀ ਹਰਮਨਬੀਰ ਨੇ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੂੰ ਜੀਰਾ ਰੋਡ ’ਤੇ ਮੋਟਰਸਾਈਕਲ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਤਾਂ ਉਹ ਤੁਰੰਤ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ।
ਹਾਦਸੇ ਵਿਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ, ਜਦਕਿ ਈ-ਰਿਕਸ਼ਾ ਵਿਚ ਸਵਾਰ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਮੌਕੇ ’ਤੇ ਮੌਜੂਦ ਲੋਕਾਂ ਵੱਲੋਂ ਬਾਹਰ ਕੱਢਿਆ ਗਿਆ। ਇਸ ਘਟਨਾ ਕਾਰਨ ਕੁਝ ਸਮੇਂ ਲਈ ਆਵਾਜਾਈ ਪ੍ਰਭਾਵਿਤ ਰਹੀ ਅਤੇ ਵੱਡੀ ਗਿਣਤੀ ਵਿਚ ਲੋਕ ਮੌਕੇ ’ਤੇ ਇਕੱਠੇ ਹੋ ਗਏ। ਫਿਲਹਾਲ ਮੋਟਰਸਾਈਕਲ ਨੂੰ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਮੋਟਰਸਾਈਕਲ ਚਾਲਕ ਅਤੇ ਈ-ਰਿਕਸ਼ਾ ਚਾਲਕ ਦੀ ਵੀ ਅਜੇ ਤੱਕ ਪਛਾਣ ਨਹੀਂ ਹੋ ਸਕੀ।
