ਨਾਭਾ: ਸੀ.ਏ.ਏ. ਅਤੇ ਐੱਨ.ਆਰ.ਸੀ. ਦੇ ਵਿਰੋਧ 'ਚ ਪ੍ਰਦਰਸ਼ਨ

2/5/2020 12:57:29 PM

ਨਾਭਾ (ਰਾਹੁਲ): ਨਾਭਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੇਂਦਰ ਸਰਕਾਰ ਤੇ ਦਿੱਲੀ ਪੁਲਸ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਮੋਦੀ ਦਾ ਪੁਤਲਾ ਵੀ ਫੂਕਿਆ ਗਿਆ। ਜਾਣਕਾਰੀ ਮੁਤਾਬਕ ਨਾਭਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਨਾਭਾ ਦੇ ਮੁੱਖ ਚੌਕ ਬੌੜਾਂ ਗੇਟ ਵਿਖੇ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵਲੋਂ ਲੋਕਾਂ ਤੇ ਜਬਰੀ ਮੜ੍ਹੇ ਗਏ ਸੀ.ਏ.ਏ., ਐੱਨ.ਆਰ.ਸੀ. ਐੱਨ.ਪੀ.ਆਰ ਵਰਗੇ ਲੋਕ ਵਿਰੋਧੀ ਕਾਨੂੰਨ ਦੇ ਵਿਰੋਧ 'ਚ ਦਿੱਲੀ ਦੇ ਸ਼ਾਹੀਨ ਬਾਗ ਵਿਚ ਬੈਠੀਆਂ ਮੁਸਲਮਾਨ ਭਾਈਚਾਰੇ ਦੀਆਂ ਔਰਤਾਂ, ਮਰਦਾਂ ਅਤੇ ਬੱਚਿਆਂ ਅਤੇ ਹੋਰਨਾਂ ਸੰਘਰਸ਼ਸ਼ੀਲ ਲੋਕਾਂ ਦੀ ਹਮਾਇਤ 'ਚ ਕੱਲ ਬੀ.ਕੇ.ਯੂ. ਏਕਤਾ ਉਗਰਾਹਾਂ ਵਲੋਂ 10 ਬੱਸਾਂ ਕਿਸਾਨਾਂ ਦੀਆਂ ਭੇਜੀਆਂ ਗਈਆਂ ਸਨ ਪਰ ਦਿੱਲੀ ਪੁਲਸ ਪ੍ਰਸ਼ਾਸਨ ਵਲੋਂ ਬੱਸਾਂ ਨੂੰ ਸ਼ਾਹੀਨ ਬਾਗ ਜਾਣ ਤੋਂ ਪਹਿਲਾਂ ਹੀ ਗੁਰੂਦੁਆਰਾ ਬਾਲਾ ਸਾਹਿਬ 'ਚ ਹੀ ਰੋਕ ਲਿਆ ਗਿਆ।

ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਦਿੱਲੀ ਪੁਲਸ ਪ੍ਰਸ਼ਾਸਨ ਵਲੋਂ ਧਰਨੇ 'ਚ ਸ਼ਾਂਤਮਈ ਰੂਪ 'ਚ ਸ਼ਾਮਲ ਹੋਣ ਲਈ ਜਾ ਰਹੇ ਪੰਜਾਬ ਦੇ ਕਿਰਤੀ ਲੋਕਾਂ ਨੂੰ ਰੋਕਣਾ ਜਮਹੂਰੀਅਤ ਦੇ ਬਿਲਕੁਲ ਉਲਟ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੋਂ ਮੋਦੀ ਭਾਜਪਾ ਸਰਕਾਰ ਸੱਤਾ 'ਚ ਆਈ ਹੈ ੳਉਸ ਸਮੇਂ ਤੋਂ ਦੇਸ਼ ਦੇ ਕਿਰਤੀ ਲੋਕਾਂ ਤੇ ਜ਼ਬਰ ਦਾ ਹੱਲਾ ਬਹੁਤ ਤੇਜ਼ੀ ਨਾਲ ਵੱਧ ਰਿਹਾ ਹੈ। ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਭਾਜਪਾ ਸਰਕਾਰ ਵੱਲੋਂ ਲਿਆਂਦੇ ਗਏ ਸੀ.ਏ.ਏ., ਐੱਨ.ਆਰ.ਸੀ. ਐੱਨ.ਪੀ., ਵਰਗੇ ਕਾਲੇ ਕਾਨੂੰਨਾਂ ਨਾਲ ਲੋਕਾਂ ਦਾ ਕਿਸੇ ਵੀ ਹਾਲਤ 'ਚ ਭਲਾ ਨਹੀਂ ਹੋ ਸਕਦਾ ਸਗੋਂ ਇਹ ਲੋਕ ਵਿਰੋਧੀ ਕਾਨੂੰਨ ਲੋਕਾਂ ਦੀ ਜ਼ਿੰਦਗੀ ਵਿਚ ਬਹੁਤ ਵੱਡੀਆਂ ਪ੍ਰੇਸ਼ਾਨੀਆਂ ਖੜ੍ਹੀਆਂ ਕਰਨਗੇ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅੱਜ ਪੂਰੇ ਦੇਸ਼ ਅੰਦਰ ਬੇਰੁਜ਼ਗਾਰੀ, ਭੁਖਮਰੀ, ਮਹਿੰਗਾਈ, ਭ੍ਰਿਸ਼ਟਾਚਾਰ, ਗਰੀਬੀ, ਅਤੇ ਹੋਰ ਬਹੁਤ ਸਾਰੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋ ਰਿਹਾ। ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਹੋਣ ਤੇ ਅਤੇ ਲੋਕਾਂ ਵਲੋਂ ਕੀਤੇ ਜਾ ਰਹੇ ਸਵਾਲਾਂ ਦੇ ਜਵਾਬ ਦੇਣ ਤੋਂ ਬਚਣ ਲਈ ਅਜਿਹੇ ਕਾਲੇ ਕਾਨੂੰਨ ਲੋਕਾਂ ਤੇ ਜਬਰੀ ਮੜ੍ਹੇ ਜਾ ਰਹੇ ਹਨ ਅਤੇ ਦੇਸ਼ ਵਿਚ ਫਿਰਕੂ ਮਾਹੌਲ ਸਿਰਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਅੱਜ ਦੇਸ਼ ਦੇ ਸਮੂਹ ਕਿਰਤੀ ਅਤੇ ਸਮੂਹ ਧਰਮਾਂ ਦੇ ਲੋਕਾਂ ਨੂੰ ਹਾਕਮਾਂ ਵੱਲੋਂ ਲੋਕਾਂ ਚ ਪਾਈਆਂ ਜਾ ਰਹੀਆਂ ਵੰਡੀਆਂ ਦੇਵਿਰੁੱਧ ਖੜਨਾ ਚਾਹੀਦਾ ਹੈ ਅਤੇ ਆਪਸੀ ਏਕਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਅੰਤ ਵਿੱਚ ਆਗੂਆਂ ਨੇ ਕਿਹਾ ਕਿ ਦਿੱਲੀ ਪਹੁੰਚੇ ਪੰਜਾਬ ਦੇ ਕਿਰਤੀ ਲੋਕਾਂ ਨੂੰ ਜੇਕਰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਤਾਂ ਇਸ ਦੇ ਵਿਰੋਧ 'ਚ ਪੰਜਾਬ ਦੇ ਕਿਰਤੀ ਲੋਕ ਸੜਕਾਂ ਤੇ ਉਤਰਨਗੇ।


Shyna

Edited By Shyna