ਰਾਜਸਥਾਨ ਦੀਆਂ ਸੰਗਤਾਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਵਿਸ਼ਾਲ ਨਗਰ ਕੀਰਤਨ ਆਯੋਜਿਤ

Tuesday, Mar 15, 2022 - 05:59 PM (IST)

ਰਾਜਸਥਾਨ ਦੀਆਂ ਸੰਗਤਾਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਵਿਸ਼ਾਲ ਨਗਰ ਕੀਰਤਨ ਆਯੋਜਿਤ

ਤਲਵੰਡੀ ਸਾਬੋ (ਮਨੀਸ਼ ਗਰਗ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਕੀਤੇ ਜਾ ਰਹੇ ਉਪਰਲੇ ਤਹਿਤ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 554 ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਹਿਯੋਗ ਨਾਲ ਰਾਜਸਥਾਨ ਦੇ ਚੱਕ 16 ਪੀ. ਬੀ. ਐੱਨ. ਡੇਰਾ ਇਕੋਤਰੀ ਤੋਂ ਅਲੌਕਿਕ ਨਗਰ ਕੀਰਤਨ ਆਯੋਜਿਤ ਕੀਤਾ ਗਿਆ, ਜਿਸ ਵਿੱਚ ਹਰਿਆਣਾ ਦੀਆਂ ਹਜ਼ਾਰਾਂ ਸੰਗਤਾਂ ਤੋਂ ਇਲਾਵਾ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਤੇ ਸੰਤਾਂ-ਮਹਾਪੁਰਸ਼ਾਂ ਨੇ ਵੀ ਹਾਜ਼ਰੀ ਲਗਵਾਈ।

ਇਹ ਵੀ ਪੜ੍ਹੋ : ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਨੇ ਬਲੇਡ ਨਾਲ ਵੱਢਿਆ ਆਪਣਾ ਸਰੀਰ, ਭਰਾ ਨੂੰ ਵੀ ਕੀਤਾ ਜ਼ਖਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ, ਹਰਿਆਣਾ ਤੇ ਰਾਜਸਥਾਨ ਸਮੇਤ ਦੇਸ਼-ਵਿਦੇਸ਼ਾਂ ਵਿੱਚ ਸਿੱਖੀ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਿਸ਼ਾ- ਨਿਰਦੇਸ਼ਾਂ 'ਤੇ ਰਾਜਸਥਾਨ ਦੀਆਂ ਸੰਗਤਾਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 554 ਮੌਕੇ ਡੇਰਾ ਇਕੋਤਰੀ ਦੇ ਪ੍ਰਬੰਧਕਾਂ ਵੱਲੋਂ ਇਕ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਗਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜਾਏ ਗਏ ਨਗਰ ਕੀਰਤਨ ਅੱਗੇ ਸੰਗਤਾਂ ਵੱਲੋਂ ਝਾੜੂ ਦੀ ਸੇਵਾ ਕੀਤੀ ਜਾ ਰਹੀ ਸੀ। ਦਸਮੇਸ਼ ਗੱਤਕਾ ਅਕੈਡਮੀ ਦੇ ਸਿੰਘਾਂ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਜਾ ਰਹੇ ਸਨ ਤਾਂ ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਭੈਅ ਸਿੰਘ ਦੇ ਜਥੇ ਵੱਲੋਂ ਸੰਗਤਾਂ ਨੂੰ ਰਸਮਈ ਕੀਰਤਨ ਨਾਲ ਨਿਹਾਲ ਕੀਤਾ ਗਿਆ। ਨਗਰ ਕੀਰਤਨ ਦੌਰਾਨ ਢਾਡੀ ਜਥੇ ਨੇ ਸੰਗਤਾਂ ਨੂੰ ਗੁਰ-ਇਤਿਹਾਸ ਤੋਂ ਜਾਣੂ ਕਰਵਾਇਆ। ਨਗਰ ਕੀਰਤਨ ਦੌਰਾਨ ਸੰਗਤਾਂ ਦਾ ਜੋਸ਼ ਦੇਖਦਿਆਂ ਹੀ ਬਣਦਾ ਸੀ। ਨਗਰ ਕੀਰਤਨ ਦੇ ਅੱਗੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸਵਾਗਤੀ ਗੇਟ ਅਤੇ ਲੰਗਰਾਂ ਦੇ ਪ੍ਰਬੰਧ ਕੀਤੇ ਹੋਏ ਸਨ।

ਇਹ ਵੀ ਪੜ੍ਹੋ : ਇਨ੍ਹਾਂ ਕਾਰਨਾਂ ਕਰਕੇ ਸੜਕ ਹਾਦਸੇ ਨਿਗਲਦੇ ਨੇ ਲੱਖਾਂ ਜ਼ਿੰਦਗੀਆਂ, ਹੈਰਾਨ ਕਰ ਦੇਣਗੇ ਅੰਕੜੇ

ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿੱਚ ਟਰੈਕਟਰ-ਟਰਾਲੀਆਂ, ਗੱਡੀਆਂ ਤੇ ਮੋਟਰਸਾਈਕਲਾਂ 'ਤੇ ਸੰਗਤਾਂ ਸ਼ੋਭਾ ਵਧਾ ਰਹੀਆਂ ਸਨ। ਨਗਰ ਕੀਰਤਨ ਪੀਲੀਆਂ ਬੰਗਾ ਸਮੇਤ ਕਰੀਬ 14 ਪਿੰਡਾਂ 'ਚੋਂ ਹੁੰਦਾ ਹੋਇਆ ਦੇਰ ਰਾਤ ਡੇਰਾ ਇਕੋਤਰੀ ਵਿਖੇ ਸਮਾਪਤ ਹੋਇਆ, ਜਿਥੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਤਖ਼ਤ ਸਾਹਿਬ ਦੇ ਮੈਨੇਜਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ, ਹਰਿਆਣਾ ਤੇ ਰਾਜਸਥਾਨ ਵਿੱਚ ਕੀਤੇ ਜਾ ਰਹੇ ਸਿੱਖੀ ਦੇ ਪ੍ਰਚਾਰ ਤਹਿਤ ਇਹ ਨਗਰ ਕੀਰਤਨ ਆਯੋਜਿਤ ਕੀਤਾ ਗਿਆ, ਜਿਸ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ ਹੈ।


author

Harnek Seechewal

Content Editor

Related News