ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਦੀ ਪੁਲਸ ਹੱਥ ਲੱਗੀ ਵੱਡੀ ਸਫ਼ਲਤਾ ਲੱਖਾਂ ਦੀ ਹੈਰੋਇਨ ਸਮੇਤ 2 ਨੂੰ ਕੀਤਾ ਕਾਬੂ

2021-07-14T16:58:09.627

ਫ਼ਿਰੋਜ਼ਪੁਰ (ਕੁਮਾਰ): ਜ਼ਿਲ੍ਹਾ ਫਿਰੋਜ਼ਪੁਰ ’ਚ ਨਸ਼ੇ ਦੇ ਖ਼ਿਲਾਫ਼ ਮੁਹਿੰਮ ਚਲਾਉਂਦੇ ਹੋਏ ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਦੀ ਪੁਲਸ ਨੇ ਐੱਸ.ਐੱਚ.ਓ. ਇੰਚਾਰਜ ਪਰਮਿੰਦਰ ਸਿੰਘ ਬਾਜਵਾ, ਸਬ-ਇਸਪੈਕਟਰ ਜੱਜਪਾਲ ਸਿੰਘ ਅਤੇ ਏ.ਐਸ.ਆਈ. ਬਲਦੇਵ ਸਿੰਘ ਦੀ ਅਗਵਾਈ ਹੇਠ 130 ਗ੍ਰਾਮ ਹੈਰੋਇਨ ਸਮੇਤ ਦੋ ਕਥਿਤ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਫੜ੍ਹੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ 65 ਲੱਖ ਰੁਪਏ ਦੱਸੀ ਜਾਂਦੀ ਹੈ। ਉਨ੍ਹਾਂ ਨੇ ਦੱਸਿਆ ਕਿ ਫੜ੍ਹੇ ਗਏ ਦੋਸ਼ੀ ਲਖਵਿੰਦਰ ਸਿੰਘ ਅਤੇ ਮਲਕੀਤ ਸਿੰਘ ਦੇ ਖ਼ਿਲਾਫ਼ ਥਾਣਾ ਸਦਰ ਫਿਰੋਜ਼ਪੁਰ ਅਤੇ ਥਾਣਾ ਕੁੱਲਗੜ੍ਹੀ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲੇ ਦਰਜ ਕੀਤੇ ਗਏ ਹਨ। ਐੱਸ.ਐੱਸ.ਪੀ. ਨੇ ਦੱਸਿਆ ਕਿ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਆਪਣੀ ਪੁਲਸ ਪਾਰਟੀ ਦੇ ਨਾਲ ਜਦੋਂ ਝੋਕ ਹਰੀ ਹਰ ਦੇ ਏਰੀਆ ਵਿਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਲਖਵਿੰਦਰ ਸਿੰਘ ਪੁੱਤਰ ਦਰਸ਼ਨ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਅਤੇ ਦਾਣਾ ਮੰਡੀ ਦੇ ਏਰੀਆ ਵਿਚ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਪੁਲਸ ਪਾਰਟੀ ਵਲੋਂ ਰੇਡ ਕਰਕੇ ਨਾਮਜ਼ਦ ਵਿਅਕਤੀ ਨੂੰ ਕਾਬੂ ਕਰਕੇ ਤਲਾਸ਼ੀ ਲੈਣ ’ਤੇ ਉਸ ਕੋਲੋਂ 70 ਗ੍ਰਾਮ ਹੈਰੋਇਨ ਬਰਾਮਦ ਹੋਈ। 

ਦੂਜੇ ਪਾਸੇ ਸਬ-ਇੰਸਪੈਕਟਰ ਜੱਜਪਾਲ ਸਿੰਘ ਜਦ ਪੁਲਸ ਪਾਰਟੀ ਦੇ ਨਾਲ ਬਰਟ ਰੋਡ ਫਿਰੋਜ਼ਪੁਰ ਦੇ ਏਰੀਆ ਵਿੱਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸੀ ਤਾਂ ਪੈਦਲ ਆ ਰਿਹਾ ਇਕ ਸ਼ੱਕੀ ਵਿਅਕਤੀ ਪੁਲਸ ਨੂੰ ਦੇਖ ਕੇ ਘਬਰਾ ਗਿਆ, ਜਿਸ ਨੂੰ ਕਾਬੂ ਕਰਕੇ ਤਲਾਸ਼ੀ ਲੈਣ ਤੇ ਉਸ ਕੋਲੋਂ 60 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਵੱਲੋਂ ਪੁੱਛਗਿੱਛ ਕਰਨ ਤੇ ਫੜ੍ਹੇ ਗਏ ਵਿਅਕਤੀ ਨੇ ਆਪਣਾ ਨਾਮ ਮਲਕੀਤ ਪੁੱਤਰ ਪਰੇਮ ਦੱਸਿਆ। ਉਨ੍ਹਾਂ ਨੇ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਦੋਵੇਂ ਫੜ੍ਹੇ ਗਏ ਵਿਅਕਤੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਉਨ੍ਹਾਂ ਦਾ ਪੁਲਸ ਰਿਮਾਂਡ ਲਿਆ ਗਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਉਨ੍ਹਾਂ ਨੇ ਹੈਰੋਇਨ ਕਿੱਥੋਂ ਖਰੀਦੀ ਸੀ।


Shyna

Content Editor

Related News