ਨਿਹਾਲ ਸਿੰਘ ਵਾਲਾ ਤੋਂ ਕਾਂਗਰਸ ਦੀ ਟਿਕਟ ਲਈ ਅਕਾਸ਼ਦੀਪ ਸਿੰਘ ਲਾਲੀ ਬੁੱਟਰ ਨੇ ਪੇਸ਼ ਕੀਤੀ ਦਾਅਵੇਦਾਰੀ

Thursday, Oct 29, 2026 - 04:26 PM (IST)

ਨਿਹਾਲ ਸਿੰਘ ਵਾਲਾ ਤੋਂ ਕਾਂਗਰਸ ਦੀ ਟਿਕਟ ਲਈ ਅਕਾਸ਼ਦੀਪ ਸਿੰਘ ਲਾਲੀ ਬੁੱਟਰ ਨੇ ਪੇਸ਼ ਕੀਤੀ ਦਾਅਵੇਦਾਰੀ

ਅਜੀਤਵਾਲ (ਗੋਪੀ ਰਾਊਕੇ) : ਪੰਜਾਬ ਵਿਚ ਸਾਲ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਟਿਕਟ ਦੇ ਚਾਹਵਾਨਾਂ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਮੋਗਾ ਜ਼ਿਲੇ ਦੇ ਰਿਜ਼ਰਵ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਕਾਂਗਰਸ ਪਾਰਟੀ ਦੇ ਆਗੂ ਅਕਾਸ਼ਦੀਪ ਸਿੰਘ ਲਾਲੀ ਬੁੱਟਰ ਵੱਲੋਂ ਵੀ ਲੰਮੇ ਸਮੇਂ ਤੋਂ ਹਲਕੇ ਵਿਚ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੇ ਪਾਰਟੀ ਦੀ ਟਿਕਟ ਲਈ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ। ਅਕਾਸ਼ਦੀਪ ਸਿੰਘ ਲਾਲੀ ਬੁੱਟਰ ਇਲਾਕੇ ਦੇ ਵੱਡੇ ਪਿੰਡ ਬੁੱਟਰ ਕਲਾਂ ਦੇ ਜੰਮਪਲ ਅਤੇ ਵਸਨੀਕ ਹਨ।

ਉਨ੍ਹਾਂ ਅਨੁਸਾਰ ਉਹ ਪਿਛਲੇ ਲਗਭਗ 18 ਸਾਲਾਂ ਤੋਂ ਕਾਂਗਰਸ ਪਾਰਟੀ ਨਾਲ ਜੁੜ ਕੇ ਵੱਖ-ਵੱਖ ਜਥੇਬੰਦਕ ਅਹੁਦਿਆਂ ’ਤੇ ਕੰਮ ਕਰਦੇ ਆ ਰਹੇ ਹਨ। ਉਨ੍ਹਾਂ ਦਾ ਸਿਆਸੀ ਸਫ਼ਰ ਸਾਲ 2008 ਵਿਚ ਯੂਥ ਕਾਂਗਰਸ ਦੀਆਂ ਚੋਣਾਂ ਜਿੱਤਣ ਨਾਲ ਸ਼ੁਰੂ ਹੋਇਆ ਜਦੋਂ ਉਹ ਜ਼ਿਲਾ ਡੈਲੀਗੇਟ ਬਣੇ। ਇਸ ਤੋਂ ਬਾਅਦ ਸਾਲ 2011 ਵਿਚ ਯੂਥ ਕਾਂਗਰਸ ਦੀਆਂ ਚੋਣਾਂ ਰਾਹੀਂ ਉਹ ਲੋਕ ਸਭਾ ਹਲਕਾ ਫਰੀਦਕੋਟ ਦੇ ਯੂਥ ਕਾਂਗਰਸ ਜਨਰਲ ਸਕੱਤਰ ਬਣੇ। ਸਾਲ 2015 ਵਿਚ ਉਨ੍ਹਾਂ ਨੇ ਯੂਥ ਕਾਂਗਰਸ ਦੀਆਂ ਚੋਣਾਂ ਰਾਹੀਂ ਸੀਨੀਅਰ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਸੰਭਾਲੀ, ਜਦਕਿ ਸਾਲ 2017 ਵਿਚ ਉਹ ਲੋਕ ਸਭਾ ਹਲਕਾ ਫਰੀਦਕੋਟ ਦੇ ਯੂਥ ਕਾਂਗਰਸ ਪ੍ਰਧਾਨ ਬਣੇ। ਪਾਰਟੀ ਵਿਚ ਵੱਖ-ਵੱਖ ਜ਼ਿੰਮੇਵਾਰੀਆਂ ਨਿਭਾਉਣ ਤੋਂ ਬਾਅਦ ਸਾਲ 2018 ਵਿਚ ਉਨ੍ਹਾਂ ਨੂੰ ਹਲਕਾ ਨਿਹਾਲ ਸਿੰਘ ਵਾਲਾ ਦੇ ਜ਼ੋਨ ਡਾਲਾ ਤੋਂ ਜ਼ਿਲਾ ਪ੍ਰੀਸ਼ਦ ਦੀ ਟਿਕਟ ਦਿੱਤੀ ਗਈ।

ਉਨ੍ਹਾਂ ਨੇ ਇਹ ਚੋਣ ਜਿੱਤ ਕੇ ਪਾਰਟੀ ਦੀ ਝੋਲੀ ਪਾਈ। ਇਸੇ ਦੌਰਾਨ ਕਾਂਗਰਸ ਸਰਕਾਰ ਸਮੇਂ ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਯੂਥ ਵਿਕਾਸ ਬੋਰਡ ਦੇ ਮੈਂਬਰ ਅਤੇ ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਵਜੋਂ ਵੀ ਕੰਮ ਕਰਨ ਦਾ ਮੌਕਾ ਮਿਲਿਆ। ਮੌਜੂਦਾ ਸਮੇਂ ਵਿਚ ਅਕਾਸ਼ਦੀਪ ਸਿੰਘ ਲਾਲੀ ਬੁੱਟਰ ਜ਼ਿਲਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਇਸ ਤੋਂ ਇਲਾਵਾ ਉਹ ਕੁਝ ਸਮੇਂ ਲਈ ਜ਼ਿਲਾ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਵੀ ਸੰਭਾਲ ਚੁੱਕੇ ਹਨ। ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਹਲਕਾ ਨਿਹਾਲ ਸਿੰਘ ਵਾਲਾ ਵਿਚ ਆਪਣੀਆਂ ਸਿਆਸੀ ਸਰਗਰਮੀਆਂ ਜਾਰੀ ਰੱਖਦਿਆਂ ਕਾਂਗਰਸ ਪਾਰਟੀ ਦੀ ਟਿਕਟ ਲਈ ਦਾਅਵੇਦਾਰੀ ਪੇਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਮੈਂਨੂੰ ਪੂਰਾ ਵਿਸਵਾਸ਼ ਹੈ ਕਿ ਕਾਂਗਰਸ ਹਾਈਕਮਾਂਡ ਉਨ੍ਹਾਂ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਨਿਹਾਲ ਸਿੰਘ ਵਾਲਾ ਤੋਂ ਟਿਕਟ ਦੇ ਕੇ ਨਿਵਾਜੇਗੀ ਅਤੇ ਉਹ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਇਹ ਸੀਟ ਕਾਂਗਰਸ ਪਾਰਟੀ ਦੀ ਝੋਲੀ ਪਾਉਣਗੇ।


author

Gurminder Singh

Content Editor

Related News