ਫਿਲਮ ਦੇਖਣ ਜਾ ਰਹੇ ਮੋਟਰਸਾਈਕਲ ਸਵਾਰ 2 ਦੋਸਤਾਂ ਨਾਲ ਵਾਪਰਿਆ ਹਾਦਸਾ, 1 ਦੀ ਮੌਤ

11/25/2022 6:15:59 PM

ਕੋਟਕਪੂਰਾ (ਨਰਿੰਦਰ/ਦਿਵੇਦੀ) : ਸਥਾਨਕ ਮੋਗਾ ਰੋਡ 'ਤੇ ਵਾਪਰੇ ਇੱਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਅਤੇ ਦੋ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧ ਵਿੱਚ ਥਾਣਾ ਸਿਟੀ ਪੁਲਸ ਕੋਟਕਪੂਰਾ ਵੱਲੋਂ ਸੁਨੀਲ ਕੁਮਾਰ ਵਾਸੀ ਫਰੀਦਕੋਟ ਦੇ ਬਿਆਨਾਂ 'ਤੇ ਥਾਰ ਜੀਪ ਦੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਸੁਨੀਲ ਕੁਮਾਰ ਵਾਸੀ ਫਰੀਦਕੋਟ ਆਪਣੇ ਦੋਸਤ ਪਰਮਦੀਪ ਸਿੰਘ ਅਤੇ ਜਗਮੀਤ ਸਿੰਘ ਨਾਲ ਆਪਣੇ ਮੋਟਰ ਸਾਈਕਲ 'ਤੇ ਸਵਾਰ ਹੋ ਕੇ ਕੋਟਕਪੂਰਾ ਫਨਪਲਾਜਾ ਫਿਲਮ ਵੇਖਣ ਆਏ ਸਨ, ਕਿ ਇਸ ਦੌਰਾਨ ਜਦ ਉਹ ਮੋਗਾ ਰੋਡ 'ਤੇ ਮੁਹੱਲਾ ਅਮਨ ਨਗਰ ਸਾਹਮਣੇ ਪੁੱਜੇ ਤਾਂ ਸਾਹਮਣੇ ਤੋਂ ਆ ਰਹੀ ਇੱਕ ਥਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਏ। 

ਇਹ ਵੀ ਪੜ੍ਹੋ- ਵਿਆਹ ਦੇ 10 ਮਹੀਨਿਆਂ ਬਾਅਦ ਹੀ ਟੁੱਟੇ ਸੁਫ਼ਨੇ, ਫੌਜੀ ਪਤੀ ਤੋਂ ਦੁਖੀ ਹੋ ਗਰਭਵਤੀ ਪਤਨੀ ਨੇ ਕੀਤੀ ਖ਼ੁਦਕੁਸ਼ੀ

ਹਾਦਸੇ ਤੋਂ ਬਾਅਦ ਮੌਕੇ 'ਤੇ ਪੁੱਜੇ ਕੁੱਝ ਲੋਕਾਂ ਵੱਲੋਂ ਉਨ੍ਹਾਂ ਨੂੰ ਸਿਵਲ ਹਸਪਤਾਲ ਕੋਟਕਪੂਰਾ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫਰੀਦਕੋਟ ਭੇਜ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਕੋਟਕਪੂਰਾ ਦੇ ਏ. ਐਸ. ਆਈ. ਸੁਖਦਾਤਾਪਾਲ ਸ਼ਰਮਾਂ ਨੇ ਦੱਸਿਆ ਕਿ ਪਰਮਦੀਪ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਪਰਮਦੀਪ ਸਿੰਘ ਦੀ ਲਾਸ਼ ਦਾ ਪੋਸਟ ਮਾਰਟਮ ਕਰਵਾ ਕੇ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਥਾਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਜਦਕਿ ਉਸਦੇ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

Simran Bhutto

This news is Content Editor Simran Bhutto