ਲੱਖਾਂ ਰੁਪਏ ਮੁੱਲ ਦੀ ਅਫ਼ੀਮ ਅਤੇ ਨਸ਼ੇ ਵਾਲੇ ਪਦਾਰਥ ਬਰਾਮਦ, 2 ਔਰਤਾਂ ਸਮੇਤ 11 ਕਾਬੂ

Saturday, Jul 17, 2021 - 06:24 PM (IST)

ਮੋਗਾ (ਆਜ਼ਾਦ): ਮੋਗਾ ਪੁਲਸ ਵੱਲੋਂ ਲੱਖਾਂ ਰੁਪਏ ਮੁੱਲ ਦੀ ਅਫ਼ੀਮ ਅਤੇ ਨਸ਼ੇ ਵਾਲੇ ਪਦਾਰਥਾਂ ਸਮੇਤ ਦੋ ਔਰਤਾਂ ਸਣੇ 11 ਨੂੰ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸਿਟੀ ਬਰਜਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਜਦੋਂ ਥਾਣਾ ਸਦਰ ਮੋਗਾ ਦੇ ਮੁੱਖ ਅਫ਼ਸਰ ਨਿਰਮਲਜੀਤ ਸਿੰਘ ਸੰਧੂ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸੀ ਤਾਂ ਜਦੋਂ ਬੀਤੀ ਦੇਰ ਰਾਤ ਪਿੰਡ ਸਲੀਣਾ ਦੇ ਕੋਲ ਪੁੱਜੇ ਤਾਂ ਸ਼ੱਕ ਦੇ ਆਧਾਰ ’ਤੇ ਜਦੋਂ ਪੁਲਸ ਪਾਰਟੀ ਨੇ ਜਤਿੰਦਰ ਸਿੰਘ ਨਿਵਾਸੀ ਬਸਤੀ ਮੋਹਨ ਸਿੰਘ ਮੋਗਾ ਨੂੰ ਰੋਕਿਆ ਅਤੇ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ਕਿਲੋ ਅਫੀਮ ਬਰਾਮਦ ਹੋਈ, ਜਿਸ ਦੀ ਕੀਮਤ ਡੇਢ ਲੱਖ ਤੋਂ ਜ਼ਿਆਦਾ ਦੱਸੀ ਜਾ ਰਹੀ ਹੈ।

ਸੀ.ਆਈ.ਏ. ਸਟਾਫ਼ ਮੋਗਾ ਦੇ ਸਹਾਇਕ ਥਾਣੇਦਾਰ ਪਰਮਦੀਪ ਸਿੰਘ ਨੇ ਗਸ਼ਤ ਦੌਰਾਨ ਜਸਵਿੰਦਰ ਕੌਰ ਨਿਵਾਸੀ ਪਿੰਡ ਨੂਰਪੁਰ ਹਕੀਮਾਂ ਨੂੰ ਕਾਬੂ ਕਰ ਕੇ 20 ਗ੍ਰਾਮ ਹੈਰੋਇਨ ਬਰਾਮਦ ਕੀਤੀ।ਥਾਣਾ ਧਰਮਕੋਟ ਦੇ ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਗਸ਼ਤ ਦੌਰਾਨ ਪਿੰਡ ਕੈਲਾ ਦੇ ਕੋਲ ਸ਼ਿਵ ਚਰਨ ਸਿੰਘ ਨਿਵਾਸੀ ਪਿੰਡ ਭੋਇਪੁਰ ਨੂੰ ਕਾਬੂ ਕਰ ਕੇ 3 ਕਿਲੋ ਚੂਰਾ ਪੋਸਤ ਬਰਾਮਦ ਕੀਤਾ। ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਬਲਵਿੰਦਰ ਸਿੰਘ ਉਰਫ ਬਿੰਦੂ ਨਿਵਾਸੀ ਪਿੰਡ ਸ਼ੇਰਪੁਰ ਤਾਇਬਾਂ ਨੂੰ ਕਾਬੂ ਕਰ ਕੇ 190 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ।

ਥਾਣਾ ਧਰਮਕੋਟ ਦੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਗਸ਼ਤ ਦੌਰਾਨ ਕੁਲਵੰਤ ਸਿੰਘ ਅਤੇ ਉਸ ਦੀ ਪਤਨੀ ਜਸਵੀਰ ਕੌਰ ਨਿਵਾਸੀ ਪਿੰਡ ਭੋਇਪੁਰ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 350 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਥਾਣਾ ਅਜੀਤਵਾਲ ਦੇ ਸਹਾਇਕ ਥਾਣੇਦਾਰ ਧਰਮਪਾਲ ਸਿੰਘ ਨੇ ਗਸ਼ਤ ਦੌਰਾਨ ਗੁਪਤ ਸੂਚਨਾਂ ਦੇ ਆਧਾਰ ’ਤੇ ਹਰਜਿੰਦਰ ਸਿੰਘ ਉਰਫ ਵਿੱਕੀ ਨਿਵਾਸੀ ਪਿੰਡ ਡਾਂਗੀਆਂ ਜਗਰਾਓਂ ਨੂੰ ਕਾਬੂ ਕਰ ਕੇ 270 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਥਾਣਾ ਸਦਰ ਦੇ ਸਹਾਇਕ ਥਾਣੇਦਾਰ ਤਰਸੇਮ ਸਿੰਘ ਨੇ ਗੁਪਤ ਸੂਚਨਾਂ ਦੇ ਆਧਾਰ ’ਤੇ ਸੁਖਰਾਜ ਸਿੰਘ ਨਿਵਾਸੀ ਪਿੰਡ ਬੁੱਕਣਵਾਲਾ ਨੂੰ ਕਾਬੂ ਕਰ ਕੇ 320 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਸਾਰੇ ਦੋਸ਼ੀਆਂ ਖਿਲਾਫ਼ ਮਾਮਲੇ ਦਰਜ ਕੀਤੇ ਗਏ ਹਨ।


Shyna

Content Editor

Related News