ਪੀ. ਐੱਸ. ਯੂ. ਵੱਲੋਂ ਦੀਪ ਸਿੰਘ ਵਾਲਾ ਦੇ ਸਰਕਾਰੀ ਸਕੂਲ ਅੱਗੇ ਗੇਟ ਰੈਲੀ

11/13/2018 6:10:51 AM

ਸਾਦਿਕ, (ਪਰਮਜੀਤ)- ਪਿੰਡ ਦੀਪ ਸਿੰਘ ਵਾਲਾ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਆਗੂ ਸੁਖਪ੍ਰੀਤ ਕੌਰ ਅਤੇ ਨੌਜਵਾਨ ਭਾਰਤ ਸਭਾ ਦੇ ਜ਼ਿਲਾ ਆਗੂ ਨਗਿੰਦਰ ਸਿੰਘ ਦੀ ਅਗਵਾਈ ਹੇਠ ਦੀਪ ਸਿੰਘ ਵਾਲਾ ਦੇ ਸਰਕਾਰੀ ਸੀ. ਸੈ. ਸਕੂਲ ਅੱਗੇ ਗੇਟ ਰੈਲੀ ਕੀਤੀ ਗਈ। 
ਇਸ ਸਮੇਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਪੂਰੀਆਂ ਤਨਖਾਹਾਂ ’ਤੇ ਪੱਕੇ ਨਾ ਕਰਨ ਅਤੇ ਪਿਛਲੇ ਦੋ ਸਾਲਾਂ ਤੋਂ ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ ਨਾ ਦੇਣ ਪਿੱਛੇ ਸਰਕਾਰੀ ਖਜ਼ਾਨੇ ਖਾਲੀ ਹੋਣ ਦਾ ਤਰਕ ਦਿੱਤਾ ਜਾ ਰਿਹਾ ਹੈ, ਜਦਕਿ ਸਰਕਾਰ ਮੰਤਰੀਆਂ ਨੂੰ ਮਹਿੰਗੀਆਂ ਗੱਡੀਆਂ, ਭੱਤੇ ਅਤੇ ਹੋਰ ਸਹੂਲਤਾਂ ਦੇ ਰਹੀ ਹੈ, ਜਿਸ ਦੀ ਯੂਨੀਅਨ ਨਿੰਦਾ ਕਰਦੀ ਹੈ। 
ਇਸ ਦੌਰਾਨ ਵਿਦਿਆਰਥੀ ਆਗੂ ਨਵਦੀਪ ਸਿੰਘ, ਪਵਨਦੀਪ ਸਿੰਘ ਨੇ ਕਿਹਾ ਕਿ ਇਹ ਸਾਰਾ ਕੁਝ ਸਰਕਾਰ ਨਿੱਜੀਕਰਨ ਦੀ ਨੀਤੀ  ਤਹਿਤ ਕਰ ਰਹੀ ਹੈ। ਇਸ ਦਾ ਮਕਸਦ ਸਰਕਾਰੀ ਅਦਾਰਿਆਂ ਨੂੰ ਪ੍ਰਾਈਵੇਟ ਹੱਥਾਂ ’ਚ ਸੌਂਪਣਾ ਅਤੇ ਵੱਧ ਤੋਂ ਵੱਧ ਮੁਨਾਫਾ ਕਮਾਉਣਾ ਹੈ ਪਰ ਪੀ. ਐੱਸ. ਯੂ. ਇਹ ਕਦੇ ਵੀ ਨਹੀਂ ਹੋਣ ਦੇਵੇਗੀ। ਇਸ ਮੌਕੇ ਜਸ਼ਨਦੀਪ ਸਿੰਘ, ਲਵਪ੍ਰੀਤ ਸਿੰਘ, ਯਾਦਵਿੰਦਰ ਸਿੰਘ, ਮਨਪ੍ਰੀਤ ਸਿੰਘ, ਅਜੇਦੀਪ ਸਿੰਘ, ਸਖਚੈਨ ਸਿੰਘ ਆਦਿ ਹਾਜ਼ਰ ਸਨ।