ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਨੇ ਸਿਹਤ ਸੇਵਾਵਾਂ ਦੀ ਬੁਰੀ ਹਾਲਤ ਕਾਰਨ ਸੂਬਾ ਸਰਕਾਰ ਦੀ ਕੀਤੀ ਆਲੋਚਨਾ
06/27/2024 7:25:48 PM
ਚੰਡੀਗੜ੍ਹ- ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਤੇ ਸੂਬੇ ਦੀ ਸਿਹਤ ਪ੍ਰਣਾਲੀ ਨੂੰ ਬੁਰੀ ਤਰ੍ਹਾਂ ਨਾਲ ਨੁਕਸਾਨ ਪਹੁੰਚਾਉਣ ਲਈ ਤਿੱਖੀ ਆਲੋਚਨਾ ਕੀਤੀ ਹੈ।
ਬਾਜਵਾ ਨੇ ਇੱਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਬਠਿੰਡਾ ਵਿਚ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਵਿਚ ਸਰਕਾਰੀ ਹਸਪਤਾਲਾਂ ਵਿਚ ਤਾਇਨਾਤ 6 ਡਾਕਟਰਾਂ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਹੁਦਿਆਂ ਨੂੰ ਛੱਡਣ ਦੇ ਪਰਿਵਾਰਕ ਕਾਰਨ ਦੱਸੇ। ਹਾਲਾਂਕਿ, ਖ਼ਬਰ ਵਿੱਚ ਕੁਝ ਸਰੋਤਾਂ ਦਾ ਹਵਾਲਾ ਦਿੱਤਾ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਕਈ ਡਾਕਟਰ ਸਰਕਾਰੀ ਪ੍ਰਣਾਲੀ ਵਿੱਚ ਬੋਝ ਹੇਠ ਕੰਮ ਕਰ ਰਹੇ ਹਨ।
ਪੰਜਾਬ ਦੀ ਸਿਹਤ ਪ੍ਰਣਾਲੀ ਦੀ ਮਾੜੀ ਹਾਲਤ ਪੇਸ਼ ਕਰਦਿਆਂ ਇੱਕ ਹੋਰ ਖ਼ਬਰ ਵਿਚ ਕਿਹਾ ਗਿਆ ਹੈ ਕਿ ਫ਼ਿਰੋਜ਼ਪੁਰ ਅਤੇ ਜ਼ੀਰਾ ਸਬ-ਡਵੀਜ਼ਨਾਂ ਵਿਚ ਡਾਕਟਰਾਂ ਦੀਆਂ 121 ਮਨਜ਼ੂਰਸ਼ੁਦਾ ਅਸਾਮੀਆਂ ਵਿਚੋਂ ਐੱਸ.ਐੱਮ.ਓ. ਦੀਆਂ ਅਸਾਮੀਆਂ ਸਮੇਤ 56 ਖ਼ਾਲੀ ਪਈਆਂ ਹਨ। ਇਸੇ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਹਿ ਜ਼ਿਲ੍ਹੇ ਸੰਗਰੂਰ ਵਿੱਚ ਮੈਡੀਕਲ ਅਫ਼ਸਰ ਦੀਆਂ 117 ਅਸਾਮੀਆਂ ਵਿੱਚੋਂ 85 ਅਸਾਮੀਆਂ ਖ਼ਾਲੀ ਪਈਆਂ ਹਨ।
ਇਹ ਵੀ ਪੜ੍ਹੋ- ਅਕਾਲੀ ਦਲ 'ਚ ਬਾਗ਼ੀ ਸੁਰਾਂ ਨੇ ਫੜਿਆ ਜ਼ੋਰ, 'ਸ਼੍ਰੋਮਣੀ ਅਕਾਲੀ ਦਲ ਬਚਾਓ' ਲਹਿਰ ਦਾ ਕੀਤਾ ਜਾਵੇਗਾ ਆਗਾਜ਼
ਉਨ੍ਹਾਂ ਕਿਹਾ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਸੀ। ਇਸ ਦੇ ਉਲਟ ਜਦੋਂ ਤੋਂ 'ਆਪ' ਨੇ ਪੰਜਾਬ 'ਚ ਸੱਤਾ ਹਾਸਲ ਕੀਤੀ ਹੈ, ਉਦੋਂ ਤੋਂ ਸਿਹਤ ਸੇਵਾਵਾਂ ਖ਼ਰਾਬ ਹੋ ਗਈਆਂ ਹਨ। ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸ਼ਾਸਨ ਕਾਲ ਦੌਰਾਨ ਪੰਜਾਬ ਵਿੱਚ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਟੁੱਟ ਗਈਆਂ ਹਨ।
ਬਾਜਵਾ ਨੇ ਕਿਹਾ ਕਿ ਝਾੜੂ ਪਾਰਟੀ ਨੇ ਦਵਾਈਆਂ, ਅਪਰੇਸ਼ਨ ਅਤੇ ਟੈੱਸਟ ਮੁਫ਼ਤ ਦੇਣ ਦੀ ਗਰੰਟੀ ਵੀ ਦਿੱਤੀ ਸੀ। ਇਸ ਨੇ ਸਾਰੇ ਨਾਗਰਿਕਾਂ ਲਈ ਸਿਹਤ ਕਾਰਡ ਬਣਾਉਣ ਦਾ ਵਾਅਦਾ ਵੀ ਕੀਤਾ। ਇਹ ਸਭ ਕਦੋਂ ਹੋਵੇਗਾ? ਆਪਣੀ ਧੱਕੇਸ਼ਾਹੀ ਚਲਾਉਣ ਲਈ 'ਆਪ' ਸਰਕਾਰ ਨੇ ਸੁਚਾਰੂ ਢੰਗ ਨਾਲ ਚੱਲ ਰਹੇ ਕਮਿਊਨਿਟੀ ਹੈਲਥ ਸੈਂਟਰਾਂ ਅਤੇ ਪੇਂਡੂ ਡਿਸਪੈਂਸਰੀਆਂ ਨੂੰ ਤਬਾਹ ਕਰ ਦਿੱਤਾ ਅਤੇ ਉਨ੍ਹਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਤਬਦੀਲ ਕਰ ਦਿੱਤਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e