ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਦੇ ਹਰ ਪ੍ਰੋਗਰਾਮ ਦੀ ਕਰਾਂਗੇ ਡਟਵੀਂ ਹਮਾਇਤ: ਸੁਖਬੀਰ ਬਾਦਲ

Tuesday, Aug 31, 2021 - 11:25 PM (IST)

ਖੇਤੀ ਕਾਨੂੰਨ ਰੱਦ ਕਰਵਾਉਣ ਲਈ  ਕਿਸਾਨ ਜਥੇਬੰਦੀਆਂ ਦੇ  ਹਰ ਪ੍ਰੋਗਰਾਮ ਦੀ ਕਰਾਂਗੇ ਡਟਵੀਂ ਹਮਾਇਤ: ਸੁਖਬੀਰ ਬਾਦਲ

ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਹਮਾਇਤੀ ਸਿਆਸੀ ਪਾਰਟੀਆਂ ਦੀਆਂ ਸ਼ਾਂਤੀਪੂਰਨ ਲੋਕਤੰਤਰੀ ਗਤੀਵਿਧੀਆਂ ਨੂੰ ਸਾਬੋਤਾਜ਼ ਕਰਨ ਲਈ ਵਿਘਨ ਪਾਉਣ ਵਾਲੀਆਂ ਤਾਕਤਾਂ ਦੀਆਂ ਕੋਸ਼ਿਸ਼ਾਂ ਅਤੇ ਕਿਸਾਨ ਸੰਘਰਸ਼ ਨੂੰ ਕਮਜ਼ੋਰ ਕਰਨ ਖ਼ਿਲਾਫ਼ ਜਾਰੀ ਕੀਤੇ ਸਪਸ਼ਟ ਬਿਆਨ ਦਾ ਖੁੱਲ੍ਹ ਦਿਲੀ ਨਾਲ ਸਵਾਗਤ ਕੀਤਾ। ਅਕਾਲੀ ਦਲ ਦੀ ਕੋਰ ਕਮੇਟੀ ਦੀ ਅੱਜ ਇਥੇ ਹੋਈ ਮੀਟਿੰਗ ਵਿਚ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਬਿਆਨਾਂ ਨੇ ਉਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਬੇਨਕਾਬ ਕਰ ਦਿੱਤਾ ਹੈ ਜੋ ਕਿਸਾਨਾਂ ਦਾ ਭੇਸ ਧਾਰ ਕੇ ਕੇਂਦਰ ਸਰਕਾਰ ਦੀ ਹਮਾਇਤ ਅਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਹਮਾਇਤ ਨਾਲ ਕੰਮ ਕਰ ਰਹੇ ਹਨ। ਕਮੇਟੀ ਨੇ ਕਿਹਾ ਕਿ ਪੰਜਾਬ ਪੁਲਸ ਇਨ੍ਹਾਂ ਸ਼ਰਾਰਤੀ ਅਨਸਰਾਂ ਦੀ ਮਦਦ ਕਰ ਰਹੀ ਹੈ। ਮੀਟਿੰਗ ਵਿਚ ਕਿਹਾ ਗਿਆ ਕਿ ਇਹ ਸ਼ਰਾਰਤੀ ਅਨਸਰ ਫਿਰ ਤੋਂ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਵਾਉਣਾ ਚਾਹੁੰਦੇ ਹਨ । ਕਮੇਟੀ ਨੇ ਕਿਹਾ ਕਿ ਇਹਨਾਂ ਅਨਸਰਾਂ ਦਾ ਮਕਸਦ ਕਿਸਾਨ ਆਗੂਆਂ ਦੇ ਬਿਆਨਾਂ ਨਾਲ ਬੇਨਕਾਬ ਹੋ ਗਿਆ ਹੈ। ਇਹ ਲੋਕ ਇਸ ਸੰਵੇਦਨਸ਼ੀਲ ਸਰਹੱਦੀ ਸੂਬੇ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਦੇ ਮਾਹੌਲ ਨੁੰ ਬਚਾਉਣ ਲਈ ਕੀਤੀਆਂ ਕੁਰਬਾਨੀਆਂ ਨਾਲ ਮਿਲੇ ਲਾਭ ਨੂੰ ਤਬਾਹ ਕਰਨਾ ਚਾਹੁੰਦੇ ਹਨ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਮੀਟਿੰਗ, ਤੈਅ ਕੀਤੀ ਰਣਨੀਤੀ

ਕੋਰ ਕਮੇਟੀ ਨੇ ਇਹ ਵੀ ਕਿਹਾ ਕਿ ਇਹ ਸ਼ਰਾਰਤੀ ਅਨਸਰ ਜੋ ਕਿਸਾਨ ਬਣ ਕੇ ਸਾਹਮਣੇ ਆਏ ਹਨ, ਅਸਲ ਵਿਚ ਕੁਝ ਏਜੰਸੀਆਂ ਅਤੇ ਪੰਜਾਬ ਵਿਰੋਧੀ ਤਾਕਤਾਂ ਦੇ ਹੱਥਾਂ ਵਿਚ ਖੇਡ ਰਹੇ ਹਨ ਤੇ ਇਨ੍ਹਾਂ ਦਾ ਮਕਸਦ ਸਾਡੀ ਸ਼ਾਂਤੀਪੂਰਨ, ਪੰਜਾਬ ਪੱਖੀ ਤੇ ਕਿਸਾਨ ਪੱਖੀ ਸਿਆਸੀ ਗਤੀਵਿਧੀ ਵਿਚ ਵਿਘਨ ਪਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਲੋਕ ਪੰਜਾਬ ਦੇ ਸਮਾਜਿਕ ਤਾਣੇ ਬਾਣੇ ਨੁੰ ਢਹਿ ਢੇਰੀ ਕਰ ਕੇ ਸੂਬੇ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ ਤੇ ਇਸਦਾ ਦੋਸ਼ ਕਿਸਾਨਾਂ ਸਿਰ ਮੜ੍ਹਨਾ ਚਾਹੁੰਦੇ ਹਨ ਜਿਸਦਾ ਮਕਸਦ ਕਿਸਾਨ ਅੰਦੋਲਨ ਨੁੰ ਕਮਜ਼ੋਰ ਕਰਨਾ ਹੈ। ਕੋਰ ਕਮੇਟੀ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਉਹਨਾਂ ਸਪਸ਼ਟ ਬਿਆਨਾਂ ਦੀ ਸ਼ਲਾਘਾ ਕੀਤੀ ਕਿ ਜਿਹੜੇ ਕਿਸਾਨਾਂ ਨਾਲ ਖੜ੍ਹੇ ਹਨ, ਉਨ੍ਹਾਂ ਖ਼ਿਲਾਫ਼ ਕੁਝ ਨਾ ਕੀਤਾ ਜਾਵੇ ਤੇ ਸਿਰਫ ਭਾਜਪਾ ਦਾ ਵਿਰੋਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਨਾ ਸਿਰਫ ਸੰਸਦ ਵਿਚ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਵੋਟਾਂ ਪਾਈਆਂ ਸਗੋਂ ਕੇਂਦਰੀ ਮੰਤਰੀ ਮੰਡਲ ਵੀ ਛੱਡ ਦਿੱਤਾ ਤੇ ਭਾਜਪਾ ਨਾਲ ਚਿਰਾਂ ਤੋਂ ਪਾਈ ਭਾਈਵਾਲੀ ਵੀ ਖਤਮ ਕਰ ਦਿੱਤੀ ਤੇ ਤਿੰਨ ਕਾਲੇ ਕਾਨੂੰਨਾਂ ਖਿਲਾਫ਼ ਰੋਸ ਪ੍ਰਗਟਾਇਆ। ਇਸ ਬਾਰੇ ਵੇਰਵੇ ਸਾਂਝੇ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਪ੍ਰਮੁੱਖ ਸਕੱਤਰ ਸਰਦਾਰ ਹਰਚਰਨ ਸਿੰਘ ਬੈਂਸ ਨੇ ਦੱਸਿਆ ਕਿ ਪਾਰਟੀ ਨੇ 100 ਦਿਨ 100 ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਗੱਲ ਪੰਜਾਬ ਦੀ ਮੁਹਿੰਮ ਨੁੰ ਭਰਵਾਂ ਹੁੰਗਰਾ ਦੇਣ ਲਈ ਪੰਜਾਬੀਆਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਇਹ ਮੁਹਿੰਮ ਤੈਅ ਪ੍ਰੋਗਰਾਮ ਅਨੁਸਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਬਿਆਨਾਂ ਦੀ ਮਹੱਤਤਾ ਇਸ ਕਰ ਕੇ ਵੀ ਵੱਧ ਜਾਂਦੀ ਹੈ ਕਿਉਂਕਿ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਇਕਲੌਤੀ ਪਾਰਟੀ ਹੈ ਜਿਸਨੇ ਸੂਬੇ ਭਰ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 100 ਦਿਨ 100 ਹਲਕੇ ਮੁਹਿੰਮ ਤਹਿਤ ਲੋਕਾਂ ਨਾਲ ਰਾਬਤੇ ਦੀ ਮੁਹਿੰਮ ਵਿੱਢੀ ਹੈ।

ਇਹ ਵੀ ਪੜ੍ਹੋ : ਕਿਸਾਨਾਂ 'ਤੇ ਲਾਠੀਚਾਰਜ ਲਈ ਖੱਟੜ ਸਰਕਾਰ ਜ਼ਿੰਮੇਵਾਰ, SDM 'ਤੇ ਹੋਵੇ 302 ਦਾ ਪਰਚਾ  : ਪ੍ਰਤਾਪ ਬਾਜਵਾ 

ਪਾਰਟੀ ਨੇ ਇਹ ਵੀ ਕਿਹਾ ਕਿ ਉਹ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਐਲਾਨ ਕਿਸੇ ਵੀ ਪ੍ਰੋਗਰਾਮ ਨਾਲ  ਡਟ ਕੇ ਖੜ੍ਹੀ ਹੋਵੇਗੀ। ਪਾਰਟੀ ਨੇ ਕਿਹਾ ਕਿ ਅਸੀਂ ਇਨ੍ਹਾਂ ਤਿੰਨ ਕਾਲੇ ਕਾਨੂੰਨਾਂ ਨੂੰ ਖ਼ਤਮ ਕਰਨ ਦੀ ਮੰਗ ਨਾਲ ਡਟ ਕੇ ਖੜ੍ਹੇ ਹਾਂ ਅਤੇ ਇਹਨਾਂ ਖਿਲਾਫ਼ ਲਹਿਰ ਨੁੰ ਪੂਰਨ ਹਮਾਇਤ ਜਾਰੀ ਰੱਖਾਂਗੇ। ਇਕ ਹੋਰ ਮਤੇ ਵਿਚ ਕੋਰ ਕਮੇਟੀ ਨੇ ਖਾਲਸਾ ਪੰਥ, ਦਿੱਲੀ ਸਿੱਖ ਸੰਗਤ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਦਿੱਲੀ ਕਮੇਟੀ ਚੋਣਾਂ ਵਿਚ ਪਾਰਟੀ ਦੀ ਜਿੱਤ ਯਕੀਨੀ ਬਣਾਈ। ਪਾਰਟੀ ਨੇ ਵਿਸ਼ੇਸ਼ ਤੌਰ ’ਤੇ ਪਾਰਟੀ ਪ੍ਰਧਾਨ ਅਤੇ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦਾ ਧੰਨਵਾਦ ਕੀਤਾ ਜਿਹਨਾਂ ਨੇ ਖਾਲਸਾ ਪੰਥ ਦੇ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ ਅਣਥੱਕ ਮਿਹਨਤ ਨਾਲ ਖਾਸ ਤੌਰ ’ਤੇ ਕੋਰੋਨਾ ਸੰਕਟ ਵੇਲੇ ਅਤੇ ਅਫਗਾਨ ਸੰਕਟ ਵੇਲੇ ਮਨੁੱਖਤਾ ਦੀ ਸੇਵਾ ਕੀਤੀ । ਕੋਰ ਕਮੇਟੀ ਨੇ ਕਿਹਾ ਕਿ ਅਕਾਲੀ ਦਲ ਕੇਂਦਰ ਦੀ ਮੌਜੂਦਾ ਸਰਕਾਰ ਵੱਲੋਂ ਬਣਾਏ ਕਾਲੇ ਕਾਨੂੰਨਾਂ ਖਿਲਾਫ਼ ਲਹਿਰ ਦੀ ਸ਼ੁਰੂ ਤੋਂ ਡਟਵੀਂ ਹਮਾਇਤ ਕਰਦੀ ਆਈ ਹੈ। ਅਸੀਂ ਦੇਸ਼ ਦੀ ਇਕਲੌਤੀ ਪਾਰਟੀ ਹਾਂ ਜਿਸਨੇ ਸੰਸਦ ਵਿਚ ਇਹਨਾਂ ਬਿੱਲਾਂ ਖਿਲਾਫ਼ ਵੋਟਾਂ ਪਾਈਆਂ ਤੇ ਵਾਕ ਆਊਟ ਵਰਗੀਆਂ ਚਾਲਾਂ ਨਹੀਂ ਚੱਲੀਆਂ ਜਿਹਨਾਂ ਨਾਲ ਇਹਨਾਂ ਬਿੱਲਾਂ ਦੇ ਮਾਮਲੇ ਵਿਚ ਸਰਕਾਰ ਨੂੰ ਮਦਦ ਮਿਲੀ ਕਿਉਂਕਿ ਉਹ ਸਮਾਂ ਸੀ। ਹਰਸਿਮਰਤ ਕੌਰ ਬਾਦਲ ਨੇ ਮਾਮਲੇ ਵਿਚ ਕਿਸਾਨਾਂ ਦੀਆਂ ਮੰਗਾਂ ਨਾ ਸੁਣਨ ਖਿਲਾਫ਼ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ।  ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਜਥੇਦਾਰ ਤੋਤਾ ਸਿੰਘ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ, ਗੁਲਜ਼ਾਰ ਸਿੰਘ ਰਣੀਕੇ, ਜਗਮੀਤ ਸਿੰਘ ਬਰਾੜ, ਡਾ. ਉਪਿੰਦਰਜੀਤ ਕੌਰ, ਜਨਮੇਜਾ ਸਿੰਘ ਸੇਖੋਂ, ਸੁਰਜੀਤ ਸਿੰਘ ਰੱਖੜਾ, ਅਵਤਾਰ ਸਿੰਘ ਹਿੱਤ, ਮਨਜਿੰਦਰ ਸਿੰਘ ਸਿਰਸਾ ਤੇ ਹਰਮੀਤ ਸਿੰਘ ਕਾਲਕਾ ਨੇ ਵੀ ਸ਼ਮੂਲੀਅਤ ਵੀ ਕੀਤੀ।

ਇਹ ਵੀ ਪੜ੍ਹੋ : ਸਿੱਖਿਆ ਮੰਤਰੀ ਦਾ ਘਿਰਾਓ ਕਰਨ ਪਹੁੰਚੇ ਪੀ. ਟੀ. ਆਈ. ਅਧਿਆਪਕ ਪੁਲਸ ਨੇ ਕੀਤੇ ਨਜ਼ਰਬੰਦ 

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

Anuradha

Content Editor

Related News