ਅਧਿਆਪਕਾਂ ਨੂੰ ਇਨਸਾਫ ਨਾ ਮਿਲਿਆ ਤਾਂ ਅਕਾਲੀ ਦਲ ਬੈਠੇਗਾ ਧਰਨੇ ''ਤੇ: ਚੰਦੂਮਾਜਰਾ

03/09/2020 4:18:27 PM

ਪਟਿਆਲਾ (ਬਲਜਿੰਦਰ, ਪਰਮੀਤ): ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਬੇਰੁਜਗਾਰ ਈ.ਟੀ.ਟੀ. ਟੀਚਰਾਂ ਨੂੰ ਇਨਸਾਫ ਨਹੀਂ ਤਾਂ ਅਕਾਲੀ ਦਲ ਦੇ ਸਮੁੱਚੇ ਵਿਧਾਇਕ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਵਿਧਾਨ ਸਭਾ ਵਿਚ ਵਿਧਾਇਕ ਦਲ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਬੇਰੁਜ਼ਗਾਰ ਅਧਿਆਪਕਾਂ ਨਾਲ ਧਰਨੇ 'ਤੇ ਬੈਠਣਗੇ। ਵਿਧਾਇਕ ਚੰਦੂਮਾਜਰਾ ਅਤੇ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਅੱਜ ਫਿਰ ਤੋਂ ਅਧਿਆਪਕਾਂ ਨਾਲ ਉਨ੍ਹਾਂ ਦੇ ਹੱਕ ਵਿਚ ਧਰਨੇ 'ਤੇ ਬੈਠੇ ਸਨ।

ਵਿਧਾਇਕ  ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਵਲੋਂ ਜਿਹੜਾ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਗਿਆ ਸੀ, ਹੁਣ ਸਰਕਾਰ ਰੁਜ਼ਗਾਰ ਦੀ ਥਾਂ 'ਤੇ ਡਾਂਗਾ ਤੇ ਇਨਸਾਫ ਦੀ ਥਾਂ 'ਤੇ ਤਸ਼ੱਦਦ ਕਰ ਰਹੀ ਹੈ।ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ 'ਤੇ ਪੁਲਸ ਨੇ ਅੰਨੇਵਾਹ ਲਾਠੀਚਾਰਜ ਕੀਤਾ ਜੋ ਕਿ ਅਤਿ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸੇ ਵੀ ਤਰੀਕੇ ਨਾਲ ਬੇਰੁਜ਼ਗਾਰ ਅਧਿਆਪਕਾਂ 'ਤੇ ਇਸ ਤਰ੍ਹਾਂ ਦਾ ਤਸ਼ੱਦਦ ਨਹੀਂ ਹੋਣ ਦਵੇਗੀ। ਵਿਧਾਇਕ ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਜਿਹੜੇ ਵਾਅਦੇ ਕੀਤੇ ਹਨ, ਉਨ੍ਹਾਂ ਨੂੰ ਪੂਰਾ ਕਰੇ ਅਤੇ ਇਸ ਤਰ੍ਹਾਂ ਵਿਸਫੋਟਕ ਸਥਿਤੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਗੱਲਬਾਤ ਰਾਹੀਂ ਇਸ ਦਾ ਹੱਲ ਕੱਢੇ। ਵਿਧਾਇਕ ਚੰਦੂਮਾਜਰਾ ਨੇ ਕਿਹਾ ਕਿ ਕਦੇ ਵੀ ਕਿਸੇ ਸਮੱਸਿਆ ਦਾ ਹੱਲ ਲਾਠੀਚਾਰਜ ਨਹੀਂ ਹੈ।

ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਨੇ ਕਿਹਾ ਕਿ ਅਕਾਲੀ ਦਲ ਈ.ਟੀ. ਟੀ. ਅਧਿਆਪਕਾਂ ਨਾਲ ਚੱਟਾਨ ਵਾਂਗ ਖੜ੍ਹਾ ਹੈ ਅਤੇ ਕਿਸੇ ਵੀ ਕੀਮਤ 'ਤੇ ਅਧਿਆਪਕਾਂ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ। ਪ੍ਰਧਾਨ ਜੁਨੇਜਾ ਨੇ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਜਦੋਂ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਸਾਲ 2002 ਤੋਂ 2007 ਤੱਕ ਸੱਤਾ ਵਿਚ ਰਹੇ, ਉਦੋਂ ਵੀ ਪੰਜ ਸਾਲਾਂ ਵਿਚ ਇਕ ਵੀ ਨੌਜਵਾਨ ਨੂੰ ਨੌਕਰੀ ਨਹੀਂ ਦਿੱਤੀ ਸਗੋਂ ਸੈਂਕੜੇ ਦੀ ਗਿਣਤੀ ਵਿਚ ਨੌਕਰੀਆਂ ਤੋਂ ਕੱਢ ਕੇ ਬੇਰੁਜ਼ਗਾਰ ਜ਼ਰੂਰ ਕੀਤਾ। ਸਾਲ 2017 ਵਿਚ ਫਿਰ ਤੋਂ ਕਾਂਗਰਸ ਘਰ ਘਰ ਨੌਕਰੀ ਦੇ ਵਾਅਦੇ ਨਾਲ ਸੱਤਾ ਵਿਚ ਆਈ ਪਰ ਅੱਜ ਤੱਕ ਇਕ ਵੀ ਨੌਜਵਾਨ ਨੂੰ ਨੌਕਰੀ ਨਹੀਂ ਦਿੱਤੀ ਤੇ ਜਦੋਂ ਲੋਕ ਸਰਕਾਰ ਨੂੰ ਉਸ ਦਾ ਵਾਅਦਾ ਯਾਦ ਦਵਾ ਕੇ ਆਪਣੇ ਹੱਕ ਵਿਚ ਮੰਗ ਕਰਦੇ ਹਨ ਤਾਂ ਉਨ੍ਹਾਂ ਨੂੰ ਬੇਰਹਿਮੀ ਨਾਲ ਕੁੱਟਿਆ ਜਾ ਰਿਹਾ ਹੈ। ਦੂਜੇ ਪਾਸੇ ਅਕਾਲੀ ਭਾਜਪਾ ਦੇ ਰਾਜ ਵਿਚ ਲੱਖਾਂ ਦੀ ਗਿਣਤੀ ਵਿਚ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ, ਡੇਲੀਵੇਜ਼ ਕਾਮਿਆਂ ਨੂੰ ਰੈਗੂਲਰ ਕੀਤਾ ਗਿਆ। ਇਹ ਕੋਈ ਭਾਸ਼ਣਬਾਜ਼ੀ ਨਹੀਂ ਸਗੋਂ ਇਸ ਦੇ ਅੰਕੜੇ ਬੋਲਦੇ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ
ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਪ੍ਰੋ. ਚੰਦੂਮਾਜਰਾ ਦੇ ਸਿਆਸੀ ਸਕੱਤਰ ਜਗਜੀਤ ਸਿੰਘ ਕੋਹਲੀ, ਸਾਬਕਾ ਕੋਂਸਲਰ ਸੁਖਵਿੰਦਰਪਾਲ ਸਿੰਘ ਮਿੰਟਾ, ਸੁਖਬੀਰ ਅਬਲੋਵਾਲ, ਹਰਬਖਸ਼ ਚਹਿਲ, ਸੰਦੀਪ ਸਿੰਘ ਰਾਜਾ ਤੁੜ, ਗੋਬਿੰਦ ਬਡੂੰਗਰ, ਆਕਾਸ਼ ਬਾਕਸਰ ਆਦਿ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ ਹੋਏ ਸਨ।

Shyna

This news is Content Editor Shyna