ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਵੱਡੀ ਨਦੀ ਦਾ ਦੌਰਾ, ਸਥਿਤੀ ਦਾ ਲਿਆ ਜਾਇਜ਼ਾ
Thursday, Jul 18, 2019 - 12:13 PM (IST)
![ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਵੱਡੀ ਨਦੀ ਦਾ ਦੌਰਾ, ਸਥਿਤੀ ਦਾ ਲਿਆ ਜਾਇਜ਼ਾ](https://static.jagbani.com/multimedia/2019_7image_12_12_216010788gt.jpg)
ਪਟਿਆਲਾ (ਰਾਜੇਸ਼)—ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਬ੍ਰਹਮ ਮਹਿੰਦਰਾ ਨੇ ਵੱਡੀ ਨਦੀ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਦੇ ਨਾਲ ਯੂਥ ਆਗੂ ਮੋਹਿਤ ਮਹਿੰਦਰਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸੰਤ ਲਾਲ ਬਾਂਗਾ, ਨਗਰ ਨਿਗਮ ਦੀ ਐੱਫ. ਐਂਡ. ਸੀ. ਸੀ. ਦੇ ਮੈਂਬਰ ਅਨਿਲ ਮੌਦਗਿਲ ਤੋਂ ਇਲਾਵਾ ਹੋਰ ਕਈ ਆਗੂ ਹਾਜ਼ਰ ਸਨ। ਇਸ ਦੌਰਾਨ ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਉਹ ਦਿਨ ਰਾਤ ਵੱਡੀ ਨਦੀ ਤੇ ਛੋਟੀ ਨਦੀ ਦੇ ਜਲ ਪੱਧਰ 'ਤੇ ਨਜ਼ਰ ਰੱਖਣ। ਉਨ੍ਹਾਂ ਕਿਹਾ ਕਿ ਜਿਹੜੇ ਨੀਵੇਂ ਇਲਾਕਿਆਂ ਵਿਚ ਪਾਣੀ ਦਾਖਲ ਹੋ ਗਿਆ ਸੀ, ਉਨ੍ਹਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਖਾਣ ਪੀਣ ਅਤੇ ਮੈਡੀਕਲ ਸਹੂਲਤਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਬ੍ਰਹਮ ਮਹਿੰਦਰਾ ਨੇ ਕਿਹਾ ਕਿ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿਚ ਹੈ ਅਤੇ ਪੰਜਾਬ ਸਰਕਾਰ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ। ਸਰਕਾਰ ਨੇ ਡਿਪਟੀ ਕਮਿਸ਼ਨਰ ਨੂੰ ਪਲ-ਪਲ ਦੀ ਰਿਪੋਰਟ ਭੇਜਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਹੁਕਮ ਦਿੱਤੇ ਹਨ ਕਿ ਉਹ ਖੁਦ ਹੜ੍ਹ ਪ੍ਰਬੰਧਾਂ 'ਤੇ ਨਜ਼ਰ ਰੱਖਣ ਅਤੇ ਕਿਸੇ ਵੀ ਵਿਅਕਤੀ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ, ਇਹ ਗੱਲ ਯਕੀਨੀ ਬਣਾਉਣ।
ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਨਾਗਰਿਕਾਂ ਖਾਸ ਕਰ ਕੇ ਬੱਚਿਆਂ ਅਤੇ ਔਰਤਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾਵੇ ਅਤੇ ਇਨ੍ਹਾਂ ਦੇ ਖਾਣ-ਪੀਣ ਸਮੇਤ ਦਵਾਈਆਂ ਆਦਿ ਦੇ ਲੋੜੀਂਦੇ ਪ੍ਰਬੰਧਾਂ 'ਚ ਕੋਈ ਕਮੀ ਨਹੀਂ ਆਉਣੀ ਚਾਹੀਦੀ। ਉਨ੍ਹਾਂ ਨੇ ਡ੍ਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਪਾਣੀ ਦੀ ਨਿਕਾਸੀ ਲਈ ਪ੍ਰਬੰਧਾਂ 'ਚ ਕੋਈ ਢਿੱਲ ਨਹੀਂ ਆਉਣੀ ਚਾਹੀਦੀ ਅਤੇ ਇਸ 'ਚ ਕਿਸੇ ਕਿਸਮ ਦੀ ਰੁਕਾਵਟ ਨੂੰ ਤੁਰੰਤ ਦੂਰ ਕੀਤਾ ਜਾਵੇ ਅਤੇ ਜੇਕਰ ਕੋਈ ਇਸ 'ਚ ਰੁਕਾਵਟ ਪੈਦਾ ਕਰਨ ਦੀ ਕੋਸ਼ਿਸ਼ ਕਰੇ ਤਾਂ ਉਸ ਵਿਰੁੱਧ ਤੁਰੰਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।
ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਨੇ ਮੈਰਿਜ ਪੈਲੇਸਾਂ, ਗੁਰਦੁਆਰਿਆਂ ਅਤੇ ਹੋਰ ਸੁਰੱਖਿਅਤ ਥਾਵਾਂ ਵਿਖੇ ਪਾਣੀ ਵਾਲੇ ਖੇਤਰ ਵਿਚੋਂ ਬਾਹਰ ਕੱਢੇ ਨਾਗਰਿਕਾਂ ਦੇ ਰਹਿਣ, ਖਾਣ-ਪੀਣ ਤੇ ਦਵਾਈਆਂ ਆਦਿ ਦਾ ਸਮੁੱਚਾ ਪ੍ਰਬੰਧ ਕੀਤਾ ਹੋਇਆ ਹੈ ਜਦੋਂਕਿ ਕਿਸੇ ਨਾਗਰਿਕ ਦੇ ਪਾਣੀ 'ਚ ਘਿਰਨ ਦੀ ਸੂਰਤ 'ਚ ਉਸਨੂੰ ਸੁਰੱਖਿਅਤ ਬਾਹਰ ਕੱਢਣ ਲਈ ਗੋਤਾਖੋਰਾਂ ਸਮੇਤ ਹੋਰ ਲੋਂੜੀਦੇ ਵੀ ਪ੍ਰਬੰਧ ਕੀਤੇ ਹੋਏ ਹਨ।
ਇਸ ਬ੍ਰਹਮ ਮਹਿੰਦਰਾ ਨੇ ਸਥਾਨਕ ਵਸਨੀਕਾਂ ਨਾਲ ਮੁਲਾਕਾਤ ਕਰ ਕੇ ਗੱਲਬਾਤ ਵੀ ਕੀਤੀ ਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਲਗਾਤਾਰ ਬਰਸਾਤ ਪੈਣ ਕਰ ਕੇ ਅਤੇ ਪਿੱਛੋਂ ਪਾਣੀ ਆਉਣ ਕਰ ਕੇ ਵੱਡੀ ਨਦੀ 'ਚ ਪਾਣੀ ਆਇਆ ਹੈ ਪਰ ਬੁੱਧਵਾਰ ਨੂੰ ਪਾਣੀ ਦਾ ਪੱਧਰ ਘਟਿਆ ਹੈ। ਚੇਅਰਮੈਨ ਸੰਤ ਬਾਂਗਾ ਨੇ ਕਿਹਾ ਕਿ ਇੰਪਰੂਵਮੈਂਟ ਟਰੱਸਟ ਦੇ ਸਮੁੱਚੇ ਅਧਿਕਾਰੀ ਤੇ ਕਰਮਚਾਰੀ ਪੂਰੀ ਤਰ੍ਹਾਂ ਮੁਸ਼ਤੈਦ ਹਨ। ਉਨ੍ਹਾਂ ਕਿਹਾ ਕਿ ਸਮੁੱਚੇ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਬਾਰਿਸ਼ ਦੇ ਦਿਨਾਂ ਵਿਚ ਸਟੇਸ਼ਨ ਨਾ ਛੱਡਣ। ਛੋਟੀ ਨਦੀ 'ਤੇ ਵੱਡੀ ਨਦੀ ਦੇ ਨਾਲ ਇੰਪਰੂਵਮੈਂਟ ਟਰੱਸਟ ਦੀਆਂ ਜੋ ਕਾਲੋਨੀਆਂ ਹਨ, ਉਨ੍ਹਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਇਸ ਮੌਕੇ ਯੂਥ ਕਾਂਗਰਸ ਲੋਕ ਸਭਾ ਹਲਕੇ ਦੇ ਉਪ ਪ੍ਰਧਾਨ ਸੰਜੀਵ ਸ਼ਰਮਾ ਕਾਲੂ, ਕੌਂਸਲਰ ਅਮਨਦੀਪ ਬੌਬੀ, ਸੰਨੀ ਗੁਰਾਬਾ ਤੋਂ ਇਲਾਵਾ ਹੋਰ ਕਈ ਆਗੂ ਹਾਜ਼ਰ ਸਨ।