ਮੋਗਾ ਪੁਲਸ ਹਰ ਸਥਿਤੀ ’ਤੇ ਰੱਖ ਰਹੀ ਏ ਤਿੱਖੀ ਨਜ਼ਰ : ਐੱਸ. ਐੱਸ. ਪੀ.
Thursday, Jan 17, 2019 - 11:39 PM (IST)

ਮੋਗਾ, (ਅਜ਼ਾਦ)- ਡੇਰਾ ਸਿਰਸਾ ਦੇ ਮੁਖੀ ਸੰਤ ਗੁਰਮੀਤ ਰਾਮ ਰਹੀਮ ਸਿੰਘ ਨੂੰ ਹਰਿਆਣਾ ਦੇ ਪੱਤਰਕਾਰ ਰਾਮਚੰਦਰ ਛੱਤਰਪਤੀ ਦੀ ਹੱਤਿਆ ਮਾਮਲੇ ’ਚ ਮਾਣਯੋਗ ਸੀ. ਬੀ. ਆਈ. ਅਦਾਲਤ ਵਲੋਂ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਬਾਅਦ ਮੋਗਾ ਪੁਲਸ ਪੂਰੀ ਤਰ੍ਹਾਂ ਨਾਲ ਚੌਕੰਨੀ ਹੋ ਗਈ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਜ਼ਿਲਾ ਪੁਲਸ ਮੁਖੀ ਗੁਲਨੀਤ ਸਿੰਘ ਖੁਰਾਣਾ ਅਤੇ ਐੱਸ. ਐੱਸ. ਆਈ. ਵਜੀਰ ਸਿੰਘ ਖਹਿਰਾ ਨੇ ਦੱਸਿਆ ਕਿ ਮੋਗਾ ਜ਼ਿਲੇ ’ਚ ਪਿਛਲੇ ਕੁੱਝ ਦਿਨਾਂ ਤੋਂ ਉਕਤ ਫੈਸਲੇ ਨੂੰ ਲੈ ਕੇ ਮੋਗਾ ਪੁਲਸ ਪੂਰੀ ਤਰ੍ਹਾਂ ਨਾਲ ਚੌਕੰਨੀ ਸੀ। ਉਨ੍ਹਾਂ ਕਿਹਾ ਕਿ ਸੰਤ ਰਾਮ ਰਹੀਮ ਸਿੰਘ ਦੇ ਸਿਰਸਾ ਡੇਰੇ ਨਾਲ ਸੰਬੰਧਤ ਮੋਗਾ, ਧਰਮਕੋਟ, ਬਾਘਾਪੁਰਾਣਾ ਅਤੇ ਚੀਦਾ ਦੇ ਇਲਾਵਾ ਆਸਪਾਸ ਦੇ ਸਾਰੇ ਸੰਵੇਦਨਸ਼ੀਲ ਇਲਾਕਿਆਂ ’ਚ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਉਥੇ ਵੱਡੀ ਗਿਣਤੀ ’ਚ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ ਅਤੇ ਕਿਸੇ ਵੀ ਸਥਿਤੀ ਨਾਲ ਨਿਪਟਣ ਦੇ ਲਈ ਕਮਾਂਡੋ ਦਸਤੇ ਅਤੇ ਬਾਹਰ ਤੋਂ ਫੋਰਸ ਵੀ ਮੰਗਵਾਈ ਗਈ ਹੈ ਅਤੇ ਕਿਸੇ ਨੂੰ ਵੀ ਅਮਨ-ਕਾਨੂੰਨ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜ਼ਿਲਾ ਪੁਲਸ ਮੁਖੀ ਨੇ ਦੱਸਿਆ ਕਿ ਉਹ ਖੁਦ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ ਅਤੇ ਦੂਸਰੇ ਉੱਚ ਅਧਿਕਾਰੀਆਂ ਨੂੰ ਵੀ ਵੱਖ-ਵੱਖ ਜਗ੍ਹਾ ’ਤੇ ਨਿਗਰਾਨੀ ਲਈ ਤਾਇਨਾਤ ਕੀਤਾ ਗਿਆ ਹੈ, ਤਾਂਕਿ ਕੋਈ ਅਣਹੋਣੀ ਨਾ ਵਾਪਰ ਸਕੇ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਪਿੰਡਾਂ ਅਤੇ ਕੁੱਝ ਇਲਾਕਿਆਂ ’ਤੇ ਮੋਗਾ ਪੁਲਸ ਆਪਣੀ ਤਿੱਖੀ ਨਜ਼ਰ ਰੱਖ ਰਹੀ ਹੈ। ਉਨ੍ਹਾਂ ਡੇਰੇ ਨਾਲ ਸੰਬੰਧਤ ਅਤੇ ਆਮ ਲੋਕਾਂ ਨੂੰ ਵੀ ਅਮਨ-ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਚੌਕਾਂ ’ਚ ਵੱਡੀ ਗਿਣਤੀ ’ਚ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਤਰ੍ਹਾਂ ਰੇਲਵੇ ਪੁਲਸ ਚੌਕੀ ਦੇ ਇੰਚਾਰਜ ਜਸਵੀਰ ਸਿੰਘ ਨੇ ਦੱਸਿਆ ਕਿ ਰੇਲਵੇ ਸਟੇਸ਼ਨ ’ਤੇ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਸਾਰੀਆਂ ਆਉਣ-ਜਾਣ ਵਾਲੀਆਂ ਟ੍ਰੇਨਾਂ ਦੀ ਤਲਾਸ਼ੀ ਲੈਣ ਦੇ ਇਲਾਵਾ ਰੇਲਵੇ ਸਟੇਸ਼ਨ ਅਤੇ ਆਸਪਾਸ ਦੇ ਖੇਤਰਾਂ ’ਤੇ ਵੀ ਰੇਲਵੇ ਪੁਲਸ ਆਪਣੀ ਨਜ਼ਰ ਰੱਖ ਰਹੀ ਹੈ, ਤਾਂਕਿ ਕੋਈ ਸ਼ਰਾਰਤੀ ਅਨਸਰ ਕਾਨੂੰਨ ਦੀ ਸਥਿਤੀ ਭੰਗ ਨਾ ਕਰ ਸਕੇ ਅਤੇ ਰੇਲਵੇ ਸੰਪਤੀ ਨੂੰ ਕੋਈ ਨੁਕਸਾਨ ਨਾ ਪਹੁੰਚਾ ਸਕੇ।