ਫਿਰੋਜ਼ਪੁਰ ਜ਼ਿਲ੍ਹੇ ’ਚ ਪੁਲਸ ਦੀ ਨਾਜਾਇਜ਼ ਸ਼ਰਾਬ ਖਿਲਾਫ ਵੱਡੀ ਕਾਰਵਾਈ
Wednesday, May 01, 2024 - 04:57 PM (IST)
ਫਿਰੋਜ਼ਪੁਰ (ਕੁਮਾਰ, ਮਲਹੋਤਰਾ, ਪਰਮਜੀਤ, ਖੁੱਲਰ) : ਫਿਰੋਜ਼ਪੁਰ ਪੁਲਸ ਨੇ ਸਤਲੁਜ ਦਰਿਆ ਦੇ ਏਰੀਆ ’ਚ ਛਾਪਾਮਾਰੀ ਕਰਦੇ 7000 ਲੀਟਰ ਸ਼ਰਾਬ ਬਰਾਮਦ ਕੀਤੀ ਹੈ ਅਤੇ ਗੁਪਤ ਸੂਚਨਾ ਦੇ ਆਧਾਰ ’ਤੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਸਬ-ਇੰਸਪੈਕਟਰ ਬਲਵਿੰਦਰ ਸਿੰਘ, ਏ. ਐੱਸ. ਆਈ. ਸ਼ਰਮਾ ਸਿੰਘ ਅਤੇ ਹੈੱਡ ਕਾਂਸਟੇਬਲ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਛਾਪਾਮਾਰੀ ਕਰਦੇ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ 270 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸਿਟੀ ਫਿਰੋਜ਼ਪੁਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਪਾਰਟੀ ਏ. ਐੱਸ. ਆਈ. ਵਿਨੋਦ ਕੁਮਾਰ ਦੀ ਅਗਵਾਈ ਹੇਠ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਸਰਹੱਦੀ ਪਿੰਡ ਚਾਂਦੀਵਾਲਾ ਨੇੜੇ ਪਹੁੰਚੀ ਤਾਂ ਉਨ੍ਹਾਂ ਨੂੰ ਇਹ ਗੁਪਤ ਸੂਚਨਾ ਮਿਲੀ ਕਿ ਅਣਪਛਾਤੇ ਵਿਅਕਤੀਆਂ ਨੇ ਸਤਲੁਜ ਦਰਿਆ ਦੀ ਦੂਜੀ ਫਾਟ ’ਤੇ ਪਲਾਸਟਿਕ ਦੀਆਂ ਤਰਪਾਲਾਂ ’ਚ ਭਾਰੀ ਮਾਤਰਾ ’ਚ ਲਾਹਣ ਪਾਈ ਹੋਈ ਹੈ ਅਤੇ ਨਾਜਾਇਜ਼ ਸ਼ਰਾਬ ਤਿਆਰ ਕੀਤੀ ਜਾ ਰਹੀ ਹੈ।
ਇਸ ਗੁਪਤ ਸੂਚਨਾ ਦੇ ਆਧਾਰ ’ਤੇ ਜਦੋਂ ਏ. ਐੱਸ. ਆਈ ਵਿਨੋਦ ਕੁਮਾਰ ਅਤੇ ਉਨ੍ਹਾਂ ਦੀ ਪੁਲਸ ਪਾਰਟੀ ਨੇ ਦੱਸੀ ਜਗ੍ਹਾ ’ਤੇ ਛਾਪੇਮਾਰੀ ਕੀਤੀ ਤਾਂ ਪੁਲਸ ਨੂੰ ਦੇਖ ਕੇ ਨਾਜਾਇਜ਼ ਸ਼ਰਾਬ ਤਿਆਰ ਕਰ ਰਹੇ ਵਿਅਕਤੀ ਉਥੋਂ ਫਰਾਰ ਹੋ ਗਏ। ਪੁਲਸ ਨੇ ਮੌਕੇ ਤੋਂ 7000 ਲੀਟਰ ਲਾਹਣ, ਤਰਪਾਲ ਅਤੇ ਹੋਰ ਸਾਮਾਨ ਬਰਾਮਦ ਕੀਤਾ। ਡੀ. ਐੱਸ. ਪੀ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਸਬ-ਇੰਸਪੈਕਟਰ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਬੀਤੀ ਰਾਤ ਬਸਤੀ ਸ਼ੇਖਾਂਵਾਲੀ ਏਰੀਆ ’ਚ ਗੁਪਤ ਸੂਚਨਾ ਦੇ ਆਧਾਰ ’ਤੇ ਛਾਪਾਮਾਰੀ ਕਰਦੇ ਸਾਗਰ ਉਰਫ ਬੋਬੀ ਪੁੱਤਰ ਰਾਜਿੰਦਰ ਨੂੰ 85 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜਦੋਂ ਏ. ਐੱਸ. ਆਈ. ਸ਼ਰਮਾ ਸਿੰਘ ਦੀ ਅਗਵਾਈ ਹੇਠ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਹੀਰਾ ਪੁੱਤਰ ਬੂਟਾ ਵਾਸੀ ਬਸਤੀ ਸ਼ੇਖਾਂ ਨਾਜਾਇਜ਼ ਸ਼ਰਾਬ ਤਿਆਰ ਕਰ ਕੇ ਵੇਚਣ ਦਾ ਧੰਦਾ ਕਰਦਾ ਹੈ, ਜੋ ਇਸ ਸਮੇਂ ਵੀ ਨਾਜਾਇਜ਼ ਸ਼ਰਾਬ ਵੇਚ ਰਿਹਾ ਹੈ ਤਾਂ ਪੁਲਸ ਪਾਰਟੀ ਵੱਲੋਂ ਦੱਸੇ ਗਏ ਸਥਾਨ ’ਤੇ ਛਾਪਾਮਾਰੀ ਕਰਦੇ ਹੋਏ ਹੀਰਾ ਨਾਂ ਦੇ ਵਿਅਕਤੀ ਨੂੰ 90 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਹੈੱਡ ਕਾਂਸਟੇਬਲ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਗੁਪਤ ਸੂਚਨਾ ਦੇ ਆਧਾਰ ’ਤੇ ਥਾਣਾ ਸਿਟੀ ਦੀ ਪੁਲਸ ਨੇ ਛਾਪਾਮਾਰੀ ਕਰਦੇ ਵੀਰੂ ਪੁੱਤਰ ਨੱਥੂ ਵਾਸੀ ਬਸਤੀ ਸ਼ੇਖਾਂ ਵਾਲੀ ਨੂੰ 95 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਫੜੇ ਗਏ ਤਿੰਨ ਅਣਪਛਾਤੇ ਵਿਅਕਤੀਆਂ ਖਿਲਾਫ ਥਾਣਾ ਸਦਰ ਅਤੇ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਮਾਮਲੇ ਦਰਜ ਕੀਤੇ ਗਏ ਹਨ ਅਤੇ ਫਰਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।