ਪੁਲਸ ਪਾਰਟੀ ’ਤੇ ਹਮਲਾ ਕਰਨ ਦੇ ਦੋਸ਼ ’ਚ 6 ਨਾਮਜ਼ਦ, 89 ਅਣਪਛਾਤੇ ਲੋਕਾਂ ਦੇ ਖ਼ਿਲਾਫ਼ ਵੀ ਮਾਮਲਾ ਦਰਜ

09/25/2021 4:11:15 PM

ਫ਼ਿਰੋਜ਼ਪੁਰ (ਕੁਮਾਰ): ਇਕ ਅਪਰਾਧਿਕ ਮਾਮਲੇ ਵਿੱਚ ਨਾਮਜ਼ਦ ਲੋਕਾਂ ਨੂੰ ਗ੍ਰਿਫਤਾਰ ਕਰਨ ਗਈ ਥਾਣਾ ਕੁਲਗੜ੍ਹੀ ਦੀ ਪੁਲਸ ’ਤੇ ਹਮਲਾ ਕਰਨ ਦੇ ਦੋਸ਼ ’ਚ ਔਰਤਾਂ ਸਮੇਤ 6 ਲੋਕਾਂ ਦੇ ਖ਼ਿਲਾਫ਼ ਆਈ.ਪੀ.ਸੀ. ਦੀਆਂ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਕੁੱਲਗੜੀ ਦੇ ਐੱਸ.ਐੱਚ.ਓ. ਅਭਿਨਵ ਚੌਹਾਨ ਨੇ ਦੱਸਿਆ ਕਿ ਇਸ ਹਮਲੇ ’ਚ ਏ.ਐਸ.ਆਈ. ਬਲਦੇਵ ਸਿੰਘ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਥਾਣਾ ਪੁਲਸ ਨੂੰ ਦਿੱਤੇ ਬਿਆਨਾਂ ’ਚ ਜ਼ਖਮੀ ਹੋਏ ਏ.ਐੱਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਇਕ ਅਪਰਾਧਿਕ ਮੁਕੱਦਮਾ ਨੰਬਰ 127 ਵਿੱਚ ਨਾਮਜ਼ਦ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਲਈ ਜਦ ਪੁਲਸ ਪਾਰਟੀ ਨੇ ਏ.ਐਸ.ਆਈ. ਬਲਦੇਵ ਸਿੰਘ ਦੀ ਅਗਵਾਈ ਹੇਠ ਘਰ ਵਿੱਚ ਰੇਡ ਕੀਤਾ ਤਾਂ ਨਾਮਜ਼ਦ ਦੋਸ਼ੀਆਂ ਨੇ ਮਾਰ ਦੇਣ ਦੀ ਨੀਅਤ ਨਾਲ ਏ.ਐਸ.ਆਈ. ਗੁਰਦੇਵ ਸਿੰਘ ਤੇ ਤੇਜ਼ਧਾਰ ਹਥਿਆਰਾਂ ਨਾਲੋਂ ਹਮਲਾ ਕਰ ਦਿੱਤਾ ਅਤੇ ਉਸ ਨੂੰ ਕਾਪਾ ਮਾਰ ਕੇ ਜ਼ਖ਼ਮੀ ਕਰ ਦਿੱਤਾ ਅਤੇ ਦੋਸ਼ੀਆਂ ਨੇ ਉਸ ਦੀ ਜੇਬ ’ਚੋਂ ਮੋਬਾਇਲ ਫੋਨ ਵੀ ਕੱਢ ਲਿਆ ਤੇ ਸਾਰੇ ਲੋਕਾਂ ਨੇ ਘਰ ਦੀ ਛੱਤ ’ਤੇ ਚੜ੍ਹ ਕੇ ਪੁਲਸ ਪਾਰਟੀ ’ਤੇ ਇੱਟਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਨੇ ਦੱਸਿਆ ਕਿ ਪੁਲਸ ਵੱਲੋਂ ਜੈ ਮਸੀਹ ਭੱਟੀ, ਜੰਮਪਲ ਭੱਟੀ, ਸ਼ੰਮੀ ਭੱਟੀ, ਬਿੱਲਾ ਭੱਟੀ, ਅੰਜੂ ਰਾਣੀ, ਜੋਤੀ, ਵਸ਼ੀ, ਨਵਿਆ, ਪੂਰਵਾ ਅਤੇ 89 ਅਣਪਛਾਤੇ ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। 


Shyna

Content Editor

Related News