ਸ਼ਰਧਾ ਨਾਲ ਮਨਾਇਆ 7ਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ
Thursday, Feb 22, 2024 - 06:10 PM (IST)
ਸ੍ਰੀ ਕੀਰਤਪੁਰ ਸਾਹਿਬ (ਬਾਲੀ) - ਸੱਤਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਸਾਹਿਬ ਜੀ ਦੇ ਜਨਮ ਅਸਥਾਨ ਗੁਰਦੁਆਰਾ ਸੀਸ ਮਹਿਲ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ-ਛਾਇਆ ਹੇਠ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਸਭ ਤੋਂ ਪਹਿਲਾਂ ਪਰਸੋਂ ਰੋਜ਼ ਤੋਂ ਰੱਖੇ ਗਏ 11 ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਦੀ ਸੰਪੂਰਨਤਾ ਦੇ ਭੋਗ ਪਾਏ ਗਏ। ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ, ਜਿਸ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਜਿੰਦਰ ਸਿੰਘ ਦੇ ਜਥੇ ਵੱਲੋਂ ਆਈ ਸੰਗਤ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਜਿੱਥੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ, ਉੱਥੇ ਹੀ ਗੁਰੂ ਸਾਹਿਬ ਜੀ ਦੇ ਜੀਵਨ ਸਬੰਧੀ ਵਿਸਥਾਰ ਰੂਪ ’ਚ ਸੰਗਤਾਂ ਨੂੰ ਜਾਣਕਾਰੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਅਸੀਂ ਗੁਰਦੁਆਰਾ ਨਨਕਾਣਾ ਸਾਹਿਬ ਨੂੰ ਲੋਚਦੇ ਹਾਂ ਪਰ ਕੀਰਤਪੁਰ ਸਾਹਿਬ ਵੀ ਇਕ ਉਹ ਨਨਕਾਣਾ ਹੈ, ਜਿੱਥੇ ਦੋ ਗੁਰੂ ਸਾਹਿਬਾਨ ਨੇ ਪ੍ਰਕਾਸ਼ ਧਾਰਿਆ ਸੀ। ਉਨ੍ਹਾਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਮਾਗਮਾਂ ਦੌਰਾਨ ਵੱਧ ਚੜ੍ਹ ਕੇ ਹਾਜ਼ਰੀ ਭਰਨ ਅਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਸਮਾਗਮ ਦੌਰਾਨ ਗੁਰੂ ਦਾ ਲੰਗਰ ਅਤੁੱਟ ਵਰਤਿਆ ਗਿਆ।
ਇਸ ਮੌਕੇ ਗਿਆਨੀ ਜੋਗਿੰਦਰ ਸਿੰਘ ਹੈੱਡ ਗ੍ਰੰਥੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਪ੍ਰੀਤ ਸਿੰਘ ਰੋਡੇ ਮੈਨੇਜਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ, ਬਾਬਾ ਜਰਨੈਲ ਸਿੰਘ ਸ੍ਰੀ ਆਨੰਦਪੁਰ ਸਾਹਿਬ, ਸੁਆਮੀ ਜੀ ਹੁਸ਼ਿਆਰਪੁਰ ਵਾਲੇ, ਸੰਦੀਪ ਸਿੰਘ ਕਲੋਤਾ ਮੈਨੇਜਰ ਗੁਰਦੁਆਰਾ ਪਤਾਲਪੁਰੀ ਸਾਹਿਬ, ਭਾਈ ਜਰਨੈਲ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸੀਸ ਮਹਿਲ ਸਾਹਿਬ, ਡਾਕਟਰ ਖੁਸ਼ਹਾਲ ਸਿੰਘ ਬਰੂਵਾਲ, ਵਿਜੇ ਬਜਾਜ, ਗੁਰਮੀਤ ਸਿੰਘ ਟੀਨਾ, ਸੁਖਦੇਵ ਸਿੰਘ ਪੋਲੂ, ਗੁਰਪ੍ਰੀਤ ਸਿੰਘ ਅਰੋਡ਼ਾ, ਗੁਰਪ੍ਰੀਤ ਸਿੰਘ ਭੋਗਲ, ਮਹਿੰਦਰ ਸਿੰਘ ਮੱਸੇਵਾਲ, ਭਜਨ ਸਿੰਘ ਪ੍ਰਚਾਰਕ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਿਰਆ ਕੁਮੈਂਟ ਕਰਕੇ ਸਾਂਝੀ ਕਰੋ।