ਨਿੱਜੀ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
Saturday, Nov 14, 2026 - 11:49 PM (IST)
ਬਨੂੜ (ਗੁਰਪਾਲ) - ਬਨੂੜ ਤੋਂ ਰਾਜਪੁਰਾ ਨੂੰ ਜਾਂਦੇ ਕੌਮੀ ਮਾਰਗ ’ਤੇ ਸਥਿਤ ਚਿਤਕਾਰਾ ਯੂਨੀਵਰਸਿਟੀ ਦੀ ਇਕ ਵਿਦਿਆਰਥਣ ਵੱਲੋਂ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣਾ ਦੇ ਜ਼ਿਲਾ ਕੁਰੂਕਸ਼ੇਤਰ ਦੀ ਰਹਿਣ ਵਾਲੀ 19 ਸਾਲਾ ਵਿਦਿਆਰਥਣ, ਜੋ ਕਿ ਬੀ. ਸੀ. ਏ. ਪਹਿਲੇ ਸਮੈਸਟਰ ’ਚ ਪੜ੍ਹਦੀ ਸੀ, ਨੇ ਅੱਜ ਆਪਣੇ ਹੋਸਟਲ ਦੇ ਕਮਰੇ ’ਚ ਪੱਖੇ ਨਾਲ ਲਟਕ ਕੇ ਜੀਵਨ ਲੀਲਾ ਸਮਾਪਤ ਕਰ ਲਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਬਨੂੜ ਦੇ ਮੁਖੀ ਇੰਸਪੈਕਟਰ ਗੁਰਸੇਵਕ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਰਾਜਪੁਰਾ ਦੇ ਏ.ਪੀ. ਜੈਨ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ।
ਇਸ ਸਬੰਧੀ ਸੰਪਰਕ ਕਰਨ ’ਤੇ ਥਾਣਾ ਮੁਖੀ ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਵੱਲੋਂ ਖ਼ੁਦਕੁਸ਼ੀ ਕਰਨ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਵੱਲੋਂ ਮ੍ਰਿਤਕਾ ਦੇ ਮਾਪਿਆਂ ਦੇ ਬਿਆਨਾਂ ਦੇ ਆਧਾਰ ’ਤੇ 194 ਬੀ.ਐੱਨ.ਐੱਸ.ਐੱਸ. ਅਧੀਨ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
