1 ਅਕਤੂਬਰ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਕੇ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ: ਹਰਗੋਬਿੰਦ ਕੌਰ

09/21/2021 2:28:51 PM

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ): ਸੂਬੇ ਭਰ ਦੀਆਂ 54 ਹਜ਼ਾਰ ਤੋਂ ਵੱਧ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਹੱਕਾਂ ਖ਼ਾਤਰ ਪਿਛਲੇਂ ਲੰਮੇ ਸਮੇਂ ਤੋਂ ਸਰਕਾਰਾਂ ਦੇ ਖ਼ਿਲਾਫ਼ ਤਕੜਾ ਸੰਘਰਸ਼ ਕਰਦੀ ਆ ਰਹੀ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਜਥੇਬੰਦੀ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ 1 ਅਕਤੂਬਰ ਨੂੰ ਮੋਹਾਲੀ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦਫ਼ਤਰ ਦੇ ਸਾਹਮਣੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਇਸ ਪ੍ਰਦਰਸ਼ਨ ਦੌਰਾਨ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਸ਼ਮੂਲੀਅਤ ਕਰਨਗੀਆਂ। ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਨਣ ਤੋਂ ਬਾਅਦ ਆਂਗਣਵਾੜੀ ਮੁਲਾਜ਼ਮ ਯੂਨੀਅਨ ਦਾ ਪੰਜਾਬ ਸਰਕਾਰ ਦੇ ਖ਼ਿਲਾਫ਼ ਇਹ ਪਹਿਲਾ ਵੱਡਾ ਧਰਨਾ ਪ੍ਰਦਰਸ਼ਨ ਹੋਵੇਗਾ। ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਸਰਾਂ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਰੋਸ ਪ੍ਰਦਰਸ਼ਨ ਦੌਰਾਨ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨਗੀਆਂ। ਉਨ੍ਹਾਂ ਕਿਹਾ ਕਿ ਅਕਤੂਬਰ ਦੇ ਪਹਿਲੇ ਦੋ ਹਫ਼ਤੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਨਾਂ ਕਾਂਗਰਸੀ ਵਿਧਾਇਕਾ ਰਾਹੀਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਮੰਗ ਪੱਤਰ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ 15 ਦਿਨਾਂ ਦਾ ਸਮਾਂ ਦਿੱਤਾ ਜਾਵੇਗਾ । ਜੇਕਰ ਫਿਰ ਵੀ ਸਰਕਾਰ ਨੇ ਮਸਲੇ ਦਾ ਹੱਲ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਸੰਘਰਸ਼ ਹੋਰ ਤੇਜ਼ ਕਰ ਦਿੱਤਾ ਜਾਵੇਗਾ। ਸੂਬਾ ਪ੍ਰਧਾਨ ਨੇ ਮੰਗ ਕੀਤੀ ਕਿ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ। ਹਰਿਆਣੇ ਵਿੱਚ ਵਰਕਰਾਂ ਨੂੰ ਹਰ ਮਹੀਨੇ ਕਰੀਬ 12 ਹਜ਼ਾਰ ਰੁਪਏ ਮਾਣ ਭੱਤਾ ਮਿਲ ਰਿਹਾ ਹੈ। ਇਸ ਤੋਂ ਇਲਾਵਾ ਸਾਲ 2017 ਤੋਂ ਆਂਗਣਵਾੜੀ ਸੈਂਟਰਾਂ ਵਿੱਚੋਂ ਖੋਹੇ ਹੋਏ ਬੱਚੇ ਵਾਪਸ ਦਿੱਤੇ ਜਾਣ ਅਤੇ ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ।

2 ਅਕਤੂਬਰ ਨੂੰ ਹੋ ਜਾਣਗੇ 46 ਸਾਲ  
ਦੇਸ਼ ਭਰ ਵਿੱਚ ਆਈ ਸੀ ਡੀ ਐੱਸ ਸਕੀਮ ਨੂੰ ਸ਼ੁਰੂ ਹੋਇਆ 2 ਅਕਤੂਬਰ 1975 ਨੂੰ ਪੂਰੇ 46 ਸਾਲ ਹੋ ਜਾਣਗੇ । ਪਰ ਬੜੀ ਹੈਰਾਨੀ ਭਰੀ ਗੱਲ ਹੈ ਕਿ ਐਨੇ ਸਮੇਂ ਵਿੱਚ ਵੀ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਨਹੀਂ ਦਿੱਤਾ ਗਿਆ ਤੇ ਉਹ ਉਹ ਇਹ ਦਰਜਾ ਲੈਣ ਲਈ ਕਿਹੜੇ ਵੇਲਿਆਂ ਦੀਆਂ ਸੰਘਰਸ਼ ਕਰ ਰਹੀਆਂ ਹਨ।‌ ਪੁਲਸ ਦੀਆਂ ਡਾਂਗਾਂ ਖਾਧੀਆਂ ਹਨ , ਜੇਲ੍ਹਾਂ ਤੱਕ ਜਾ ਆਈਆਂ ਹਨ। ਆਪਣੇ ਖ਼ੂਨ ਨਾਲ ਮੰਗ ਪੱਤਰ ਲਿਖ ਕੇ ਵਿਧਾਇਕਾਂ ਤੇ ਮੰਤਰੀਆਂ ਰਾਹੀਂ ਮੁੱਖ ਮੰਤਰੀ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਭੇਜੇ ਹਨ।‌ ਪੰਜਾਬ ਤੋਂ ਇਲਾਵਾ ਦਿੱਲੀ ਤੱਕ ਧਰਨੇ ਮੁਜ਼ਾਹਰੇ ਕੀਤੇ ਗਏ ਹਨ। ਇੰਝ ਜਾਪਦਾ ਹੈ ਕਿ ਜਿਵੇਂ ਸਮੇਂ ਦੀਆਂ ਸਰਕਾਰਾਂ ਇਹਨਾਂ ਵਰਕਰਾਂ ਤੇ ਹੈਲਪਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀਆਂ ਹਨ ਤੇ ਉਨ੍ਹਾਂ ਨੂੰ ਅੱਖੋਂ ਪਰੋਖੇ ਕੀਤਾ ਹੋਇਆ ਹੈ।

Shyna

This news is Content Editor Shyna