ਵਿਦਿਆਰਥੀਆਂ ’ਤੇ ਹੋਏ ਹਮਲੇ ਦੇ ਵਿਰੋਧ ’ਚ ਪ੍ਰਦਰਸ਼ਨ
Friday, Oct 12, 2018 - 12:31 AM (IST)

ਸੰਗਰੂਰ, (ਬੇਦੀ, ਹਰਜਿੰਦਰ)- ਅੱਜ ਪੰਜਾਬ ਸਟੂਡੈਂਟਸ ਯੂਨੀਅਨ ਅਤੇ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਸੂਬਾ ਪੱਧਰੀ ਸੱਦੇ ’ਤੇ ਪੰਜਾਬੀ ਯੂਨੀਵਰਸਿਟੀ ’ਚ ਵਿਦਿਆਰਥੀਆਂ ਨਾਲ ਹੋਈ ਧੱਕੇਸ਼ਾਹੀ ਖਿਲਾਫ਼ ਸਥਾਨਕ ਸਰਕਾਰੀ ਰਣਵੀਰ ਕਾਲਜ ’ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲਾ ਆਗੂ ਸੁਖਦੀਪ ਸਿੰਘ ਹਥਨ ਅਤੇ ਨਰਿੰਦਰ ਸਿੰਘ ਬੁਰਜ ਅਤੇ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਵੱਲੋਂ ਮਨਜੀਤ ਨਮੋਲ ਅਤੇ ਜਗਜੀਵਨ ਅਾਜ਼ਾਦ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵਿਦਿਆਰਥੀ ਜਥੇਬੰਦੀਆਂ ਦੇ ਸਾਂਝੇ ਧਡ਼ੇ ਵੱਲੋਂ ਵਿਦਿਆਰਥੀਆਂ ਦੀਅਾਂ ਮੰਗਾਂ ਉੱਪਰ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਦੋ ਦਿਨ ਪਹਿਲਾਂ ਦੀ ਰਾਤ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਦੀ ਸ਼ਹਿ ’ਤੇ 150 ਦੇ ਕਰੀਬ ਗੁੰਡਿਆਂ ਨੇ ਸੰਘਰਸ਼ ਕਰਦੇ ਵਿਦਿਆਰਥੀਆਂ ’ਤੇ ਕਾਤਲਾਨਾ ਹਮਲਾ ਕੀਤਾ ਹੈ, ਜਿਸ ’ਚ ਕਾਫ਼ੀ ਵਿਦਿਆਰਥੀ ਗੰਭੀਰ ਰੂਪ ’ਚ ਜ਼ਖਮੀ ਹੋਏ ਹਨ। ਉਕਤ ਬੁਲਾਰਿਆਂ ਨੇ ਇਸ ਹਮਲੇ ਦੀ ਸਖਤ ਨਿਖੇਧੀ ਕੀਤੀ ਅਤੇ ਜ਼ਿੰਮੇਵਾਰ ਵਿਅਕਤੀਆਂ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਲਲਕਾਰ ਵੱਲੋਂ ਵੀ ਇਸ ਰੋਸ ਪ੍ਰਦਰਸ਼ਨ ਦੀ ਹਮਾਇਤ ਕੀਤੀ ਗਈ। ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਦੇ ਰਮਨ ਕਾਲਾਝਾਡ਼, ਪੰਜਾਬ ਸਟੂਡੈਂਟਸ ਯੂਨੀਅਨ ਲਲਕਾਰ ਦੇ ਜਸਵਿੰਦਰ ਸਿੰਘ ਅਤੇ ਕਾਲਜ ਦੇ ਹੋਰ ਵਿਦਿਆਰਥੀ ਬੰਟੀ ਕੌਹਰੀਆਂ, ਗੁਰਪ੍ਰੀਤ ਸਿੰਘ, ਅਵਤਾਰ ਸਿੰਘ, ਸੁਰਿੰਦਰਪਾਲ ਕੌਰ ਪੀ. ਐੱਸ. ਯੂ., ਗੁਰਪ੍ਰੀਤ ਕੌਰ ਆਦਿ ਹਾਜ਼ਰ ਸਨ।