ਬਿਜਲੀ ਮੁਲਾਜ਼ਮਾਂ ਦਾ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ! ਮਹਿਲ ਕਲਾਂ ਗਰਿੱਡ ਅੱਗੇ ਕੀਤਾ ਪ੍ਰਦਰਸ਼ਨ

Friday, Apr 17, 2026 - 01:38 PM (IST)

ਬਿਜਲੀ ਮੁਲਾਜ਼ਮਾਂ ਦਾ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ! ਮਹਿਲ ਕਲਾਂ ਗਰਿੱਡ ਅੱਗੇ ਕੀਤਾ ਪ੍ਰਦਰਸ਼ਨ

ਮਹਿਲ ਕਲਾਂ (ਹਮੀਦੀ): ਅੱਜ 220 ਕੇ.ਵੀ. ਗਰਿੱਡ ਮਹਿਲ ਕਲਾਂ ਵਿਖੇ ਸਮੂਹ ਬਿਜਲੀ ਮੁਲਾਜ਼ਮਾਂ ਵੱਲੋਂ ਜੁਆਇੰਟ ਫੋਰਮ ਪੰਜਾਬ ਅਤੇ ਏਕਤਾ ਮੰਚ ਪੰਜਾਬ ਦੇ ਸੱਦੇ ‘ਤੇ ਗੇਟ ਰੈਲੀ ਕਰਨ ਉਪਰੰਤ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ। ਗੇਟ ਰੈਲੀ ਨੂੰ ਸੰਬੋਧਨ ਕਰਦੇ ਹੋਏ ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਬਰਨਾਲਾ ਦੇ ਸਹਾਇਕ ਸਕੱਤਰ ਪ੍ਰਗਟ ਸਿੰਘ ਮੋਹਿਲ ਅਤੇ ਐੱਮ.ਐੱਸ.ਯੂ. ਦੇ ਨੌਜਵਾਨ ਆਗੂ ਅਮਰਿੰਦਰ ਸਿੰਘ ਬਲਿੰਗ ਨੇ ਦੱਸਿਆ ਕਿ ਕੱਲ੍ਹ ਚੰਡੀਗੜ੍ਹ ਵਿਖੇ ਬਿਜਲੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਬਿਜਲੀ ਮੰਤਰੀ ਨਾਲ ਮੀਟਿੰਗ ਕੀਤੀ ਗਈ ਸੀ, ਪਰ ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਅੜੀਅਲ ਰਵੱਈਆ ਅਪਣਾਇਆ ਗਿਆ। ਇਸ ਦੇ ਵਿਰੋਧ ਵਜੋਂ ਅੱਜ ਸਮੁੱਚੇ ਪੰਜਾਬ ਵਿਚ ਅਰਥੀਆਂ ਸਾੜਨ ਦੇ ਫੈਸਲੇ ਨੂੰ ਲਾਗੂ ਕੀਤਾ ਗਿਆ। 

ਇਸ ਮੌਕੇ ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਬਰਨਾਲਾ ਦੇ ਸਕੱਤਰ ਕੁਲਵੀਰ ਸਿੰਘ ਔਲਖ, ਗੁਰਪ੍ਰੀਤ ਸਿੰਘ ਛੀਨੀਵਾਲ ਕਲਾਂ, ਕਿਰਨਜੀਤ ਸਿੰਘ ਸੰਘੇੜਾ ਅਤੇ ਗਗਨਦੀਪ ਸਿੰਘ ਨੇ ਕਿਹਾ ਕਿ ਪਾਵਰਕਾਮ ਨੂੰ ਕਿਸੇ ਵੀ ਹਾਲਤ ਵਿਚ ਲੋਕਾਂ ਵੱਲੋਂ ਬਿਜਲੀ ਬੋਰਡ ਨੂੰ ਦਾਨ ਕੀਤੀਆਂ ਜ਼ਮੀਨਾਂ ਨੂੰ ਵੇਚਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਆਪਣੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਬਿਜਲੀ ਮੁਲਾਜ਼ਮ ਸੰਘਰਸ਼ ਹੋਰ ਤੇਜ਼ ਕਰਨਗੇ। ਆਗੂਆਂ ਨੇ ਦੋਸ਼ ਲਾਇਆ ਕਿ ਪਿਛਲੇ ਚਾਰ ਸਾਲਾਂ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਨੂੰ ਦਬਾਉਣ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਮੰਗਾਂ ਨੂੰ ਅਦਾਲਤਾਂ ਦੇ ਸਹਾਰੇ ਲਟਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਲੜਾਕੂ ਹੈ ਅਤੇ ਡੰਡੇ ਦੇ ਜ਼ੋਰ ਨਾਲ ਇਸ ਨੂੰ ਦਬਾਇਆ ਨਹੀਂ ਜਾ ਸਕਦਾ। 

ਗੇਟ ਰੈਲੀ ਦੌਰਾਨ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਮੁਲਾਜ਼ਮਾਂ ਨੂੰ ਆਰ-ਪਾਰ ਦੀ ਲੜਾਈ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਗਿਆ।ਇਸ ਮੌਕੇ ਇੰਜੀਨੀਅਰ ਬਿਕਰਮਜੀਤ ਸਿੰਘ ਮੋਹਿਲ, ਜਸਵਿੰਦਰ ਸਿੰਘ ਚੰਨਣਵਾਲ, ਲਲਿਤ ਕੁਮਾਰ ਅਤੇ ਮਨਮੋਹਿਤ ਸਿੰਘ ਧਾਲੀਵਾਲ ਸਮੇਤ ਕਈ ਬਿਜਲੀ ਮੁਲਾਜ਼ਮ ਹਾਜ਼ਰ ਸਨ। ਅੰਤ ਵਿਚ ਸੁਖਵਿੰਦਰ ਸਿੰਘ ਚੁਹਾਣਕੇ ਕਲਾਂ ਨੇ ਰੈਲੀ ਵਿਚ ਪਹੁੰਚੇ ਮੁਲਾਜ਼ਮਾਂ ਦਾ ਧੰਨਵਾਦ ਕਰਦਿਆਂ ਆਉਣ ਵਾਲੇ ਸੰਘਰਸ਼ ਲਈ ਤਿਆਰ ਰਹਿਣ ਦੀ ਅਪੀਲ ਕੀਤੀ।


author

Anmol Tagra

Content Editor

Related News