24 ਘੰਟੇ ਬਿਜਲੀ ਸਪਲਾਈ ਦੀ ਮੰਗ ਲਈ ਪਿੰਡ ਵਾਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ
Friday, Apr 17, 2026 - 01:53 PM (IST)
ਮਹਿਲ ਕਲਾਂ (ਹਮੀਦੀ): ਪਾਵਰਕਾਮ ਸਬ ਡਵੀਜ਼ਨ ਗਰਿੱਡ ਠੁੱਲੀਵਾਲ ਅਧੀਨ ਆਉਂਦੇ ਪਿੰਡ ਹਮੀਦੀ ਦੇ ਬਿਜਲੀ ਖਪਤਕਾਰਾਂ ਅਤੇ ਕਿਸਾਨਾਂ ਵੱਲੋਂ ਬਿਜਲੀ ਸਪਲਾਈ ਦੀ ਮਾੜੀ ਹਾਲਤ ਨੂੰ ਲੈ ਕੇ ਤਿੱਖਾ ਰੋਸ ਪ੍ਰਗਟ ਕੀਤਾ ਗਿਆ। ਸਰਪੰਚ ਓਮਨਦੀਪ ਸਿੰਘ ਸੋਹੀ ਦੀ ਅਗਵਾਈ ਹੇਠ ਖਪਤਕਾਰਾਂ ਅਤੇ ਕਿਸਾਨਾਂ ਦਾ ਇਕ ਵਫਦ ਐੱਸ.ਡੀ.ਓ. ਸਹਾਇਕ ਇੰਜੀਨੀਅਰ ਰਵੀ ਪ੍ਰਕਾਸ਼ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਪਿੰਡ ਵਿਚ ਬਿਜਲੀ ਸਪਲਾਈ ਨਾਲ ਜੁੜੀਆਂ ਗੰਭੀਰ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਵਫਦ ਨੇ ਦੱਸਿਆ ਕਿ ਪਿੰਡ ਹਮੀਦੀ ਦੇ ਖਪਤਕਾਰਾਂ ਨੂੰ ਸ਼ਹਿਰੀ ਖੇਤਰਾਂ ਦੇ ਮੁਕਾਬਲੇ ਘੱਟ ਸਮੇਂ ਲਈ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਅਕਸਰ ਬਿਨਾਂ ਸੂਚਨਾ ਦੇ ਅਣਲਾਣੇ ਕੱਟ ਲਗਾਏ ਜਾਂਦੇ ਹਨ, ਜਿਸ ਕਾਰਨ ਲੋਕਾਂ ਨੂੰ ਰੋਜ਼ਾਨਾ ਜੀਵਨ ਵਿਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ ਟਿਊਬਵੈੱਲਾਂ ਲਈ ਕਿਸਾਨੀ ਹਿੱਤਾਂ ਅਨੁਸਾਰ ਬਿਜਲੀ ਸਪਲਾਈ ਨਹੀਂ ਦਿੱਤੀ ਜਾ ਰਹੀ, ਜਿਸ ਨਾਲ ਫਸਲਾਂ ਦੀ ਸਿੰਚਾਈ ਪ੍ਰਭਾਵਿਤ ਹੋ ਰਹੀ ਹੈ।
ਵਫ਼ਦ ਅਨੁਸਾਰ, ਅਧਿਕਾਰੀਆਂ ਨੂੰ ਪੂਰੀ ਸਥਿਤੀ ਤੋਂ ਜਾਣੂ ਕਰਵਾਉਣ ਦੇ ਬਾਵਜੂਦ ਕੋਈ ਠੋਸ ਭਰੋਸਾ ਨਾ ਮਿਲਣ ਕਾਰਨ ਖਪਤਕਾਰਾਂ ਅਤੇ ਕਿਸਾਨਾਂ ਵਿਚ ਨਿਰਾਸ਼ਾ ਪੈਦਾ ਹੋਈ। ਇਸ ਦੇ ਰੋਸ ਵਜੋਂ ਸਬ ਡਵੀਜ਼ਨ ਗਰਿੱਡ ਠੁੱਲੀਵਾਲ ਵਿਖੇ ਖਪਤਕਾਰਾਂ ਅਤੇ ਕਿਸਾਨਾਂ ਨੇ ਇਕੱਠੇ ਹੋ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਮੰਗ ਕੀਤੀ ਕਿ ਪਿੰਡਾਂ ਨੂੰ ਵੀ ਸ਼ਹਿਰੀ ਖੇਤਰਾਂ ਦੇ ਬਰਾਬਰ 24 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇ। ਇਸ ਮੌਕੇ ਐੱਸ.ਡੀ.ਓ. ਸਹਾਇਕ ਇੰਜਨੀਅਰ ਰਵੀ ਪ੍ਰਕਾਸ਼ ਬਰਨਾਲਾ ਨੇ ਕਿਹਾ ਕਿ ਪਿੰਡਾਂ ਦੇ ਖਪਤਕਾਰਾਂ ਅਤੇ ਟਿਊਬਵੈੱਲਾਂ ਨੂੰ ਬਿਜਲੀ ਸਪਲਾਈ ਮਹਿਕਮੇ ਦੀਆਂ ਹਦਾਇਤਾਂ ਅਨੁਸਾਰ ਹੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਖਪਤਕਾਰਾਂ ਅਤੇ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਵਿਸਥਾਰਪੂਰਵਕ ਰਿਪੋਰਟ ਤਿਆਰ ਕਰਕੇ ਉੱਚ ਅਧਿਕਾਰੀਆਂ ਨੂੰ ਭੇਜੀ ਜਾ ਰਹੀ ਹੈ ਤਾਂ ਜੋ ਮਸਲੇ ਦਾ ਹੱਲ ਲੱਭਿਆ ਜਾ ਸਕੇ।
ਇਸ ਮੌਕੇ ਸਰਪੰਚ ਓਮਨਦੀਪ ਸਿੰਘ ਸੋਹੀ, ਪੰਚ ਹਰਪ੍ਰੀਤ ਸਿੰਘ ਦਿਓਲ, ਪੰਚ ਏਕਮ ਸਿੰਘ ਦਿਓਲ, ਤਰਲੋਚਨ ਸਿੰਘ ਬਾਜਵਾ, ਬਿੱਟੂ ਸਿੰਘ ਪਾਲ, ਜਗਮੋਹਨ ਸਿੰਘ ਰਾਣੂ, ਸਾਬਕਾ ਪੰਚ ਅਮਰਜੀਤ ਸਿੰਘ ਪੰਮਾ ਅਤੇ ਕੁਲਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਪਾਵਰਕਾਮ ਅਧਿਕਾਰੀਆਂ ਨੂੰ ਬਿਜਲੀ ਸਪਲਾਈ ਦੀ ਮਾੜੀ ਕਾਰਗੁਜ਼ਾਰੀ ਬਾਰੇ ਜਾਣੂ ਕਰਵਾਇਆ ਹੈ। ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਹੀ ਬਿਜਲੀ ਸਪਲਾਈ ਵਿਚ ਸੁਧਾਰ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਖਪਤਕਾਰਾਂ ਨੂੰ ਬਿਨਾਂ ਕੱਟਾਂ ਦੇ ਲਗਾਤਾਰ ਬਿਜਲੀ ਮਿਲੇ ਅਤੇ ਕਿਸਾਨਾਂ ਨੂੰ ਟਿਊਬਵੈੱਲਾਂ ਲਈ ਯਥੋਚਿਤ ਸਮੇਂ ਤੱਕ ਸਪਲਾਈ ਦਿੱਤੀ ਜਾਵੇ ਤਾਂ ਜੋ ਖੇਤੀਬਾੜੀ ਪ੍ਰਭਾਵਿਤ ਨਾ ਹੋਵੇ। ਇਸ ਮੌਕੇ ਕਿਸਾਨ ਕਰਨੈਲ ਸਿੰਘ ਹਮੀਦੀ, ਹਲਵਾਈ ਚਰਨ ਸਿੰਘ ਹਮੀਦੀ, ਜਸਵੀਰ ਸਿੰਘ ਤੋਂ ਇਲਾਵਾ ਹੋਰ ਕਿਸਾਨ ਤੇ ਖਪਤਕਾਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
